ਲਾਡੋਵਾਲ ਟੋਲ ਪਲਾਜ਼ਾ ''ਤੇ ਮੁਲਾਜ਼ਮਾਂ ਦਾ ਧਰਨਾ, ਮੁਫ਼ਤ ''ਚ ਲੰਘ ਰਹੀਆਂ ਗੱਡੀਆਂ
Wednesday, Apr 15, 2026 - 01:16 PM (IST)
ਲੁਧਿਆਣਾ (ਅਨਿਲ): ਨੈਸ਼ਨਲ ਹਾਈਵੇਅ 'ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ 'ਤੇ ਅੱਜ ਟੋਲ ਪਲਾਜ਼ਾ ਵਰਕਰ ਯੂਨੀਅਨ ਵੱਲੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਰੋਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਟੋਲ ਪਲਾਜ਼ਾ ਵਰਕਰ ਯੂਨੀਅਨ ਪੰਜਾਬ ਦੇ ਪ੍ਰਧਾਨ ਦਰਸ਼ਨ ਸਿੰਘ ਲਾਡੀ ਤੇ ਟੋਲ ਪਲਾਜ਼ਾ ਮੈਨੇਜਰ ਦੀਪਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਟੋਲ ਪਲਾਜ਼ਾ 'ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਦੀ ਨੌਕਰੀ ਖ਼ਤਮ ਕਰਨ ਦੀ ਯੋਜਨਾ ਬਣਾ ਰਹੀ ਹੈ, ਉਸ ਨੂੰ ਕਿਸੇ ਵੀ ਕੀਮਤ 'ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਟੋਲ ਪਲਾਜ਼ਾ 'ਤੇ ਹਜ਼ਾਰਾਂ ਲੋਕ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਨ ਲਈ ਨੌਕਰੀ ਕਰਦੇ ਹਨ, ਜੇਕਰ ਕੇਂਦਰ ਨੇ ਟੋਲ ਪਲਾਜ਼ਾ 'ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਦੀ ਨੌਕਰੀ ਖ਼ਤਮ ਕਰ ਦਿੱਤੀ ਤਾਂ ਇਸ ਦਾ ਸਿੱਧਾ ਅਸਰ ਇਨ੍ਹਾਂ ਹਜ਼ਾਰਾਂ ਲੋਕਾਂ ਦੇ ਪਰਿਵਾਰਾਂ 'ਤੇ ਪਵੇਗਾ। ਉਨ੍ਹਾਂ ਕਿਹਾ ਜੇ ਕੇਂਦਰ ਨੇ ਆਪਣੀ ਪਾਲਸੀ ਨੂੰ ਵਾਪਸ ਨਹੀਂ ਲਿਆ ਤਾਂ ਟੋਲ ਪਲਾਜ਼ਾ ਵਰਕਰ ਯੂਨੀਅਨ ਆਪਣਾ ਸੰਘਰਸ਼ ਤੇਜ਼ ਕਰਦੇ ਹੋਏ ਦੇਸ਼ ਦੇ ਸਾਰੇ ਟੋਲ ਪਲਾਜ਼ਿਆਂ 'ਤੇ ਹਾਈਵੇਅ ਜਾਮ ਕਰ ਕੇ ਧਰਨੇ ਲਗਾਉਣਗੇ ਤੇ ਕੇਂਦਰ ਖ਼ਿਲਾਫ਼ ਆਪਣਾ ਪ੍ਰਦਰਸ਼ਨ ਹੋਰ ਤੇਜ਼ ਕਰਨਗੇ। ਉਨ੍ਹਾਂ ਕਿਹਾ ਜੇਕਰ ਟੋਲ ਪਲਾਜ਼ਾ ਵਰਕਰ ਯੂਨੀਅਨ ਨੂੰ ਦਿੱਲੀ ਜਾ ਕੇ ਵੀ ਰੋਸ ਪ੍ਰਦਰਸ਼ਨ ਕਰਨਾ ਪਿਆ ਤਾਂ ਉਹ ਪਿੱਛੇ ਨਹੀਂ ਹਟੇਗੀ। ਉਨ੍ਹਾਂ ਕਿਹਾ ਕਿ ਅੱਜ ਲਾਡੋਵਾਲ ਟੋਲ ਪਲਾਜ਼ਾ 'ਤੇ 3 ਘੰਟੇ ਲਈ ਟੋਲ ਪਲਾਜ਼ਾ ਦੀ ਇਕ ਸਾਈਡ ਨੂੰ ਫ਼ਰੀ ਕਰ ਦਿੱਤਾ ਗਿਆ ਹੈ, ਤਾਂ ਜੋ ਕੇਂਦਰ ਤਕ ਉਨ੍ਹਾਂ ਦੀ ਆਵਾਜ਼ ਪਹੁੰਚਾਈ ਜਾ ਸਕੇ।
