ਮੁਆਵਜ਼ਾ ਨਾ ਮਿਲਣ ਕਾਰਨ ਦੋਰਾਹਾ ਨੇੜੇ ਨੈਸ਼ਨਲ ਹਾਈਵੇਅ ਜਾਮ ਕਰਕੇ ਦਿੱਤਾ ਰੋਸ ਧਰਨਾ

Monday, Oct 11, 2021 - 05:31 PM (IST)

ਦੋਰਾਹਾ/ਲੁਧਿਆਣਾ (ਵਿਨਾਇਕ) : ਕਿਸਾਨ ਲਹਿਰ ਦੇ ਸ਼ਹੀਦ ਲਾਭ ਸਿੰਘ ਸਿਰਥਲਾ ਦੇ ਪਰਿਵਾਰਿਕ ਮੈਂਬਰਾਂ ਨੂੰ ਪੰਜਾਬ ਸਰਕਾਰ ਅਤੇ ਪ੍ਰਸ਼ਾਸ਼ਨ ਵਜੋਂ ਮੁਆਵਜ਼ਾ ਨਾ ਦਿੱਤੇ ਜਾਣ ਦੇ ਰੋਸ ਵਜੋਂ ਕਿਸਾਨ ਸੰਗਠਨਾਂ ਨੇ ਅੰਦੋਲਨ ਸ਼ੁਰੂ ਕਰ ਦਿੱਤਾ ਗਿਆ ਹੈ। ਜਿਸ ਅਧੀਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਦੀ ਅਗਵਾਈ ‘ਚ ਅੱਜ ਮਾਡਲ ਪੁਲਸ ਫਸਟ ਏਡ ਪੋਸਟ ’ਤੇ ਬੱਸ ਅੱਡਾ, ਦੋਰਾਹਾ ਨੇੜੇ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਜਾਮ ਕਰਕੇ ਆਵਾਜਾਈ ਠੱਪ ਕਰਦਿਆਂ ਧਰਨਾ ਲਗਾ ਦਿੱਤਾ ਗਿਆ। ਇਸ ਰੋਸ ਧਰਨੇ ‘ਚ ਹਲਕਾ ਪਾਇਲ ਸਮੇਤ ਲੁਧਿਆਣਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ’ਚ ਕਿਸਾਨ, ਮਜਦੂਰ, ਨੌਜਵਾਨ ਅਤੇ ਬੀਬੀਆਂ ਟਰੈਕਟਰ-ਟਰਾਲੀਆਂ ਅਤੇ ਟਰੱਕਾਂ ’ਚ ਸਵਾਰ ਹੋ ਕੇ ਇੱਥੇ ਪੁੱਜੇ ਅਤੇ ਟ੍ਰੈਫਿਕ ਜਾਮ ਕਰਦੇ ਹੋਏ ਪੰਜਾਬ ਸਰਕਾਰ ਅਤੇ ਪ੍ਰਸ਼ਾਸ਼ਨ ਖ਼ਿਲਾਫ਼ ਰੋਸ ਧਰਨਾ ਦਿੱਤਾ। ਕਿਸਾਨਾਂ ਵੱਲੋਂ ਹਾਈਵੇਅ ਜਾਮ ਕਰਨ ’ਤੇ ਜੀ. ਟੀ. ਰੋਡ ‘ਤੇ ਕਈ ਕਿਲੋਮੀਟਰ ਤੱਕ ਲੰਮਾ ਜਾਮ ਲਗ ਗਿਆ ਅਤੇ ਆਉਣ ਜਾਣ ਵਾਲੇ ਲੋਕਾਂ ਨੂੰ ਵੀ ਕਾਫ਼ੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।

PunjabKesari

ਕਿਸਾਨ ਯੂਨੀਅਨ ਵੱਲੋਂ ਅਜੇ ਤੱਕ ਇਹ ਸਪਸ਼ਟ ਨਹੀਂ ਕੀਤਾ ਗਿਆ ਹੈ ਕਿ ਟ੍ਰੈਫਿਕ ਜਾਮ ਕਿੰਨੇ ਵਜੇ ਤੱਕ ਰਹੇਗਾ। ਜ਼ਿਕਰਯੋਗ ਹੈ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਦਿੱਲੀ ਮੋਰਚੇ ’ਚ ਸ਼ਹੀਦ ਹੋਏ ਕਿਸਾਨ ਲਾਭ ਸਿੰਘ ਸਿਰਥਲਾ ਦੇ ਵਾਰਿਸਾਂ ਨੂੰ ਮੁਆਵਜ਼ਾ ਦਿਵਾਉਣ ਦੀ ਮੰਗ ਨੂੰ ਲੈ ਕੇ ਅਤੇ ਸੜੀ ਹੋਈ ਕਣਕ ਦਾ ਮੁਆਵਜ਼ਾ ਪੀੜਤ ਕਿਸਾਨਾਂ ਨੂੰ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਪ੍ਰਸ਼ਾਸ਼ਨ ਨੂੰ 10 ਅਕਤੂਬਰ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਸੀ ਪਰ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਮੰਗ ਪੂਰੀ ਨਾ ਹੋਣ ਕਾਰਨ ਜੀ. ਟੀ. ਰੋਡ ਜਾਮ ਕਰਕੇ ਧਰਨਾ ਦਿੱਤਾ ਜਾ ਰਿਹਾ ਹੈ।

PunjabKesari

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਰਨਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਲਹਿਰ ‘ਚ ਵਿੱਛੜ ਚੁੱਕੇ ਕਿਸਾਨ ਲਾਭ ਸਿੰਘ ਸਿਰਥਲਾ ਦੇ ਵਾਰਸਾਂ ਨੂੰ ਅਜੇ ਤੱਕ ਨਾ ਤਾਂ ਸਰਕਾਰ ਵੱਲੋਂ ਅਤੇ ਨਾ ਹੀ ਪ੍ਰਸ਼ਾਸ਼ਨ ਵੱਲੋਂ ਕੋਈ ਮੁਆਵਜ਼ਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਯੂਨੀਅਨ ਦੇ ਆਗੂ ਇਸ ਸਬੰਧ ’ਚ ਵਾਰ-ਵਾਰ ਉੱਚ ਅਧਿਕਾਰੀਆਂ ਅਤੇ ਹਲਕਾ ਵਿਧਾਇਕ ਨੂੰ ਮਿਲ ਕੇ ਮੰਗ ਕਰ ਚੁੱਕੇ ਹਨ ਪਰ ਪ੍ਰਸ਼ਾਸ਼ਨ ਅਤੇ ਸਰਕਾਰ ਦੇ ਕੰਨਾਂ ’ਤੇ ਜੂੰ ਤੱਕ ਨਹੀ ਸਰਕ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਜਾਣਬੁੱਝ ਕੇ ਇਸ ਕੇਸ ਨੂੰ ਅਣਗੌਲਿਆ ਕਰ ਰਹੀ ਹੈ ਪਰ ਵਿੱਛੜ ਚੁੱਕੇ ਸਾਥੀ ਦੇ ਵਾਰਸਾਂ ਨੂੰ ਮੁਆਵਜਾ ਤੇ ਸਰਕਾਰੀ ਨੌਕਰੀ ਦਿਵਾਉਣਾ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਲਾਭ ਸਿੰਘ ਸਿਰਥਲਾ ਨੂੰ ਸੱਚੀ ਸੁੱਚੀ ਸ਼ਰਧਾਂਜਲੀ ਹੋਵੇਗੀ।

PunjabKesari

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਦੀ ਕੇਂਦਰੀ ਹਕੂਮਤ ਵਲੋਂ ਬਣਾਏ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਮੁੱਢੋਂ ਰੱਦ ਕਰਾਉਣ ਨੂੰ ਲੈ ਕੇ ਦੇਸ ਦੀ ਰਾਜਧਾਨੀ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨ ਸੰਯੁਕਤ ਮੋਰਚਾ ਕਿਸਾਨਾਂ-ਮਜ਼ਦੂਰਾਂ ਦੀ ਏਕਤਾ ਨਾਲ ਲਗਾਤਾਰ ਘੋਲ ਲੜ ਰਿਹਾ ਹੈ। ਦੇਸ਼ ਦੀਆਂ ਸਮੁੱਚੀਆਂ ਸਿਆਸੀ ਧਿਰਾਂ ਨੇ ਹਰ ਵਾਰ ਕਿਸਾਨ ਮਜ਼ਦੂਰ ਵਰਗ ਨੂੰ ਵਿਸਾਰਿਆ ਹੈ ਅਤੇ ਭੱਖਦੇ ਮੁੱਦਿਆਂ ‘ਤੇ ਆਪਣੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਰੋਟੀਆਂ ਸੇਕਣ ਤੱਕ ਸੀਮਿਤ ਰਹੇ ਹਨ। ਇਨ੍ਹਾਂ ਹਾਲਤ ’ਚ ਕਿਸਾਨ ਮਜ਼ਦੂਰ ਵਰਗ ਨੂੰ ਇਨਸਾਫ ਦੀ ਕੋਈ ਉਮੀਦ ਨਹੀਂ ਲਗਾਈ ਜਾ ਸਕਦੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਇਨ੍ਹਾਂ ਮੌਤਾਂ ਲਈ ਮੋਦੀ ਸਰਕਾਰ ਜ਼ਿੰਮੇਵਾਰ ਹੈ, ਜਿਸ ਨੇ ਕਾਰਪੋਰੇਟ ਘਰਾਣਿਆਂ ਨੂੰ ਪੰਜਾਬ ਦੀਆਂ ਜ਼ਮੀਨਾਂ ’ਤੇ ਕਬਜੇ ਕਰਵਾਉਣ ਲਈ ਖੇਤੀ ਕਾਨੂੰਨ ਲਾਗੂ ਕਰਨ ਦੀ ਅੜੀ ਫੜ ਰੱਖੀ ਹੈ। ਤਿੰਨੇ ਖੇਤੀ ਕਾਨੂੰਨ ਅਤੇ ਬਿਜਲੀ ਸੋਧ ਬਿੱਲ-2020 ਵਾਪਿਸ ਲੈਣ ਦੀ ਮੰਗ ਕਰਦਿਆਂ ਕਿਸਾਨ ਆਗੂਆਂ ਨੇ ਸਰਕਾਰ ਤੋਂ ਮ੍ਰਿਤਕ ਕਿਸਾਨ ਲਾਭ ਸਿੰਘ ਸਿਰਥਲਾ ਦੇ ਪਰਿਵਾਰ ਨੂੰ ਤੁਰੰਤ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ।
 


Anuradha

Content Editor

Related News