ਵੱਖ-ਵੱਖ ਜ਼ਿਲਿਆਂ ਨੂੰ 809 ਵੈਂਟੀਲੇਟਰ ਦਿੱਤੇ : ਮੁੱਖ ਸਕੱਤਰ
Monday, May 03, 2021 - 02:38 AM (IST)
ਚੰਡੀਗੜ੍ਹ, (ਅਸ਼ਵਨੀ)- ਸੂਬੇ ਵਿਚ ਕੋਵਿਡ ਦੇ ਗੰਭੀਰ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਦੇਣ ਵੱਲ ਇਕ ਹੋਰ ਕਦਮ ਵਧਾਉਂਦਿਆਂ ਅਤੇ ਕੋਵਿਡ-19 ਦੀ ਦੂਜੀ ਲਹਿਰ ਨਾਲ ਪ੍ਰਭਾਵਸਾਲੀ ਢੰਗ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵਲੋਂ ਜ਼ਿਲਿਆਂ ਨੂੰ 809 ਹੋਰ ਵੈਂਟੀਲੇਟਰ ਮੁਹੱਈਆ ਕਰਵਾਏ ਗਏ ਹਨ।
ਇਹ ਪ੍ਰਗਟਾਵਾ ਪੰਜਾਬ ਦੇ ਮੁੱਖ ਸਕੱਤਰ ਵਿੰਨੀ ਮਹਾਜਨ ਨੇ ਐਤਵਾਰ ਨੂੰ ਕੋਵਿਡ ਅਤੇ ਟੀਕਾਕਰਨ ਦੀ ਮੌਜੂਦਾ ਸਥਿਤੀ ਦਾ ਜਾਇਜਾ ਲੈਣ ਲਈ ਕੀਤੀ ਉੱਚ ਪੱਧਰੀ ਮੀਟਿੰਗ ਦੀ ਅਗਵਾਈ ਕਰਦਿਆਂ ਕੀਤਾ। ਉਨ੍ਹਾਂ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਅੱਜ ਹੀ ਸਾਰੇ ਵੈਂਟੀਲੇਟਰ ਲਾਏ ਜਾਣ ਅਤੇ ਇੱਕ ਵੀ ਆਕਸੀਜਨ ਕੰਸਨਟ੍ਰੇਟਰ ਜਾਂ ਵੈਂਟੀਲੇਟਰ ਬਗੈਰ ਵਰਤੋਂ ਤੋਂ ਨਾ ਰੱਖਿਆ ਜਾਵੇ। ਉਨ੍ਹਾਂ ਨੇ ਕੋਵਿਡ -19 ਦੇ ਵੱਧ ਰਹੇ ਕੇਸਾਂ ਨੂੰ ਠੱਲ੍ਹ ਪਾਉਣ ਲਈ ਪ੍ਰਾਈਵੇਟ ਦਫਤਰਾਂ ਨੂੰ ਘਰ ਤੋਂ ਹੀ ਕੰਮ ਕਰਨ ਨੂੰ ਯਕੀਨੀ ਬਣਾਉਣ ਦੇ ਹੁਕਮ ਵੀ ਦਿੱਤੇ।
ਪ੍ਰਾਈਵੇਟ ਹਸਪਤਾਲਾਂ ਨੂੰ ਮਹਾਮਾਰੀ ਵਿਰੁੱਧ ਲੜਨ ਲਈ ਵਧੇਰੇ ਸਰਗਰਮੀ ਨਾਲ ਅੱਗੇ ਆਉਣ ਦੀ ਅਪੀਲ ਕਰਦਿਆਂ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦਿੱਤੇ ਕਿ ਪ੍ਰਾਈਵੇਟ ਹਸਪਤਾਲਾਂ ਵਿਚ ਬੈੱਡਾਂ ਦੀ ਸਮਰੱਥਾ ਵਧਾਉਣ ਲਈ ਹਰ ਸੰਭਵ ਸਹਾਇਤਾ ਦਿੱਤੀ ਜਾਵੇ।
ਦਿੱਲੀ ਅਤੇ ਐੱਨ. ਸੀ. ਆਰ. ਖੇਤਰ ਤੋਂ ਕੋਵਿਡ ਦੇ ਇਲਾਜ ਲਈ ਪੰਜਾਬ ਆ ਰਹੇ ਲੋਕਾਂ ਬਾਰੇ ਮੁੱਖ ਸਕੱਤਰ ਨੇ ਕਿਹਾ ਕਿ ਹੋਰ ਸੂਬਿਆਂ ਦੇ ਮਰੀਜ਼ਾਂ ਨੂੰ ਵੀ ਪੰਜਾਬ ਵਾਸੀਆਂ ਵਾਂਗ ਹੀ ਸਿਹਤ ਸਹੂਲਤਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਬੋਕਾਰੋ ਤੇ ਦੇਸ਼ ਦੇ ਹੋਰ ਹਿੱਸਿਆਂ ਵਿਚੋਂ ਮੈਡੀਕਲ ਆਕਸੀਜਨ ਦੀ ਸਪਲਾਈ ਹੋਰ ਵਧਾਉਣ ਲਈ ਕੇਂਦਰ ਸਰਕਾਰ ਨਾਲ ਤਾਲਮੇਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖਾਲੀ ਆਕਸੀਜਨ ਸਿਲੰਡਰ ਰੱਖਣ ਅਤੇ ਕਾਲਾਬਾਜ਼ਾਰੀ ਦੀ ਕਿਸੇ ਵੀ ਕੀਮਤ ’ਤੇ ਆਗਿਆ ਨਹੀਂ ਦੇਣੀ ਚਾਹੀਦੀ।
ਮਹਾਜਨ ਨੇ ਘਰਾਂ ਵਿਚ ਇਕਾਂਤਵਾਸ ਮਰੀਜਾਂ ਦੀ ਸਖਤ ਨਿਗਰਾਨੀ ਕਰਨ ਦੀ ਹਦਾਇਤ ਵੀ ਕੀਤੀ ਕਿਉਂਕਿ 80 ਫੀਸਦੀ ਮਰੀਜ ਘਰੇਲੂ ਇਕਾਂਤਵਾਸ ਅਧੀਨ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਉੱਚ ਜ਼ੋਖਮ ਵਾਲੇ ਮਰੀਜਾਂ, 50 ਸਾਲ ਤੋਂ ਵੱਧ ਉਮਰ ਦੇ ਜਾਂ ਗੰਭੀਰ ਸਹਿ-ਰੋਗਾਂ ਵਾਲੇ, ਲਈ ਰੋਜਾਨਾ ਦੋ ਵਾਰ ਟੈਲੀਕੰਸਲਟੇਸ਼ਨ ਨੂੰ ਯਕੀਨੀ ਬਣਾਏਗਾ ਅਤੇ ਇੱਕ ਟੀਮ ਹਰ ਦੂਜੇ ਦਿਨ ਅਜਿਹੇ ਮਰੀਜਾਂ ਨਾਲ ਉਨ੍ਹਾਂ ਦੇ ਘਰ ਜਾ ਕੇ ਸੰਪਰਕ ਕਰੇਗੀ।
ਸਿਹਤ ਅਤੇ ਪਰਿਵਾਰ ਭਲਾਈ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ 18 ਤੋਂ 45 ਸਾਲ ਉਮਰ ਵਰਗ ਦੇ ਲੋਕਾਂ ਦੇ ਟੀਕਾਕਰਨ ਲਈ ਬਣਾਏ ਗਏ ਮਾਹਿਰ ਗਰੁੱਪ ਨੇ ਆਪਣੀ ਪਹਿਲੀ ਰਿਪੋਰਟ ਸੌਂਪ ਦਿੱਤੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਬਹੁਤ ਜਲਦ ਸ਼ੁਰੂ ਹੋ ਰਹੇ ਤੀਜੇ ਗੇੜ ਦੇ ਟੀਕਾਕਰਨ ਲਈ ਸੂਬੇ ਨੂੰ 3,29,830 ਖੁਰਾਕਾਂ ਪ੍ਰਾਪਤ ਹੋਣਗੀਆਂ।
ਸੂਬੇ ਵਿਚ ਕੋਵਿਡ- 19 ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਪਿਛਲੇ ਹਫਤੇ ਰੋਜਾਨਾ ਔਸਤਨ 6532 ਮਾਮਲੇ ਸਾਹਮਣੇ ਆਏ ਸਨ ਅਤੇ ਕੁੱਲ ਪਾਜ਼ੇਟਿਵਿਟੀ ਦਰ 11.7% ਦਰਜ ਕੀਤੀ ਗਈ ਜਦਕਿ ਪਿਛਲੇ ਸਾਲ ਸਤੰਬਰ ਮਹੀਨੇ ਵਿਚ ਜਦੋਂ ਕਰੋਨਾ ਸਿਖਰ ’ਤੇ ਸੀ ਤਾਂ ਰੋਜਾਨਾ 2896 ਕੇਸ ਆਉਂਦੇ ਸਨ। ਉਨ੍ਹਾਂ ਦੱਸਿਆ ਕਿ ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਕਾਲਜਾਂ ਅਤੇ ਜ਼ਿਲਾ ਹਸਪਤਾਲਾਂ ਦੀ ਬੈਂਡ ਸਮਰੱਥਾ ਵਿਚ ਵਾਧਾ ਕਰਨ ਲਈ 2000 ਹੋਰ ਬੈੱਡ ਸ਼ਾਮਲ ਕੀਤੇ ਜਾਣਗੇ।
ਕੋਵਿਡ ਨਿਯਮਾਂ ਨੂੰ ਲਾਗੂ ਕਰਨ ਸਬੰਧੀ ਗਤੀਵਿਧੀਆਂ ਬਾਰੇ ਜਾਣਕਾਰੀ ਦਿੰਦਿਆਂ, ਡਾਇਰੈਕਟਰ ਜਨਰਲ ਆਫ ਪੁਲਸ ਦਿਨਕਰ ਗੁਪਤਾ ਨੇ ਦੱਸਿਆ ਕਿ ਕੋਵਿਡ ਸਬੰਧੀ ਢੁਕਵੇਂ ਵਿਵਹਾਰ ਨੂੰ ਲਾਗੂ ਕਰਨ ਲਈ ਇਕ ਵਿਸ਼ੇਸ਼ ਇਨਫੋਰਸਮੈਂਟ ਅਭਿਆਨ ਚਲਾਇਆ ਗਿਆ ਹੈ, ਜਿਸ ਤਹਿਤ ਪਿਛਲੇ 24 ਘੰਟਿਆਂ ਦੌਰਾਨ ਮਾਸਕ ਨਾ ਪਹਿਨਣ ਵਾਲੇ 1930 ਵਿਅਕਤੀਆਂ ਦੇ ਚਲਾਨ ਕੀਤੇ ਗਏ ਅਤੇ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿਚ 123 ਐੱਫ.ਆਈ.ਆਰਜ. ਦਰਜ ਕੀਤੀਆਂ ਅਤੇ 134 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ।