ਨੌਕਰੀਆਂ ਦੇਣ ਦੇ ਮਾਮਲੇ ’ਚ ‘ਆਪ’ ਸਰਕਾਰ ਨੇ ਸਥਾਪਿਤ ਕੀਤਾ ਨਵਾਂ ਕੀਰਤੀਮਾਨ : CM ਮਾਨ

04/01/2023 10:31:49 PM

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ.) ਦੇ 1320 ਸਹਾਇਕ ਲਾਈਨਮੈਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ’ਚ 28362 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਕੀਰਤੀਮਾਨ ਸਥਾਪਿਤ ਕੀਤਾ ਹੈ। ਇਥੇ ਟੈਗੋਰ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਵੱਡੀ ਗਿਣਤੀ ’ਚ ਉਮੀਦਵਾਰਾਂ ਨੂੰ ਮੁਖਾਤਬ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਕਰੀ ਚੁਣੇ ਗਏ ਉਮੀਦਵਾਰਾਂ ਲਈ ਬਹੁਤ ਅਹਿਮ ਜ਼ਿੰਮੇਵਾਰੀ ਲੈ ਕੇ ਆਉਂਦੀ ਹੈ ਕਿਉਂਕਿ ਉਨ੍ਹਾਂ ਨੇ ਮਿਸ਼ਨਰੀ ਭਾਵਨਾ ਨਾਲ ਸਮਾਜ ਦੀ ਸੇਵਾ ਕਰਨੀ ਹੁੰਦੀ ਹੈ।

ਇਹ ਵੀ ਪੜ੍ਹੋ : ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਹਥਿਆਰਾਂ ਸਣੇ ਗ੍ਰਿਫਤਾਰ

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਉਮੀਦਵਾਰਾਂ ਦੀ ਚੋਣ ਪੂਰੀ ਤਰ੍ਹਾਂ ਮੈਰਿਟ ਅਤੇ ਪਾਰਦਰਸ਼ਿਤਾ ਦੇ ਆਧਾਰ 'ਤੇ ਕੀਤੀ ਗਈ ਹੈ ਅਤੇ ਇਹ ਨੌਕਰੀ ਉਨ੍ਹਾਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ। ਭਗਵੰਤ ਮਾਨ ਨੇ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦਾ ਪਰਿਵਾਰ ਦਾ ਹਿੱਸਾ ਬਣਨ ਉਤੇ ਸਵਾਗਤ ਕਰਦਿਆਂ ਆਸ ਪ੍ਰਗਟਾਈ ਕਿ ਉਹ ਆਪਣੀ ਡਿਊਟੀ ਈਮਾਨਦਾਰੀ ਅਤੇ ਦਿਆਨਤਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਫ਼ਲਤਾ ਲਈ ਕੋਈ ਸ਼ਾਰਟਕੱਟ ਨਹੀਂ ਹੁੰਦਾ ਤੇ ਸਿਰਫ਼ ਸਖ਼ਤ ਮਿਹਨਤ ਹੀ ਆਮ ਵਿਅਕਤੀ ਆਪਣੇ ਸੁਫ਼ਨੇ ਪੂਰੇ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਨੌਕਰੀ ਉਨ੍ਹਾਂ ਦੀ ਆਖਰੀ ਮੰਜ਼ਿਲ ਨਹੀਂ ਹੈ ਕਿਉਂਕਿ ਉਨ੍ਹਾਂ ਦੇ ਜੀਵਨ ’ਚ ਅਜੇ ਬਹੁਤ ਪੜਾਅ ਪਾਰ ਕਰਨੇ ਹਨ। ਭਗਵੰਤ ਮਾਨ ਨੇ ਕਿਹਾ ਕਿ ਨਵੇਂ ਚੁਣੇ ਗਏ ਉਮੀਦਵਾਰਾਂ ਨੂੰ ਆਪਣੀ ਮਿਹਨਤ ਜਾਰੀ ਰੱਖਣੀ ਚਾਹੀਦੀ ਹੈ ਅਤੇ ਸਫ਼ਲਤਾ ਕਿਸੇ ਨਾ ਕਿਸੇ ਰੂਪ ’ਚ ਉਨ੍ਹਾਂ ਦੇ ਹੱਥ ਜ਼ਰੂਰ ਆਵੇਗੀ।

ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਨੇ ਉਮੀਦਵਾਰਾਂ ਨੂੰ ਨਕਾਰਾਤਮਕ ਸੋਚ ਰੱਖਣ ਵਾਲੇ ਲੋਕਾਂ ਦੀ ਸੰਗਤ ਤੋਂ ਦੂਰ ਲਈ ਵੀ ਕਿਹਾ ਕਿਉਂਕਿ ਇਹ ਸੂਬੇ ਦੀ ਤਰੱਕੀ ’ਚ ਰੁਕਾਵਟ ਬਣਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੇ ‘ਆਪ’ ਦੀ ਸਰਕਾਰ ਬਣਾ ਕੇ ਸੂਬੇ ਦੀ ਸਿਆਸਤ ’ਚ ਨਵਾਂ ਬਦਲਾਅ ਲਿਆਂਦਾ ਹੈ।  ਭਗਵੰਤ ਮਾਨ ਨੇ ਕਿਹਾ, “ਜਿਹੜੇ ਲੋਕ ਸੱਤਾ ’ਚ ਹੁੰਦੇ ਹੋਏ ਮਹਿਲਾਂ ’ਚੋਂ ਬਾਹਰ ਨਹੀਂ ਨਿਕਲੇ ਸਨ, ਉਨ੍ਹਾਂ ਨੂੰ ਸੂਬੇ ਦੇ ਸਿਆਸੀ ਨਕਸ਼ੇ ਤੋਂ ਬਾਹਰ ਕਰ ਦਿੱਤਾ ਗਿਆ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਕਿਸੇ ਵੀ ਸੂਬੇ ਦੇ ਵਿਕਾਸ ਲਈ ਸਭ ਤੋਂ ਵੱਧ ਮਹੱਤਵਪੂਰਨ ਹੁੰਦੀ ਹੈ, ਇਸ ਲਈ ਪੀ.ਐੱਸ.ਪੀ.ਸੀ.ਐੱਲ. ਸਹੀ ਮਾਅਨਿਆਂ ਵਿਚ ਪੰਜਾਬ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਕਿਹਾ ਕਿ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਬਿਜਲੀ ਸਪਲਾਈ ਨੂੰ ਪੂਰਾ ਕਰਨਾ ਕਿਸੇ ਵੀ ਸਰਕਾਰ ਲਈ ਵੱਡੀ ਚੁਣੌਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਵਿੱਚੋਂ ਲੰਮੇ ਕੱਟ ਲੱਗਣ ਦੇ ਦਿਨ ਖਤਮ ਹੋ ਗਏ ਹਨ ਕਿਉਂਕਿ ਪੰਜਾਬ ਵਾਧੂ ਬਿਜਲੀ ਬਣਨ ਵੱਲ ਵਧ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਯਤਨਾਂ ਸਦਕਾ ਸੂਬੇ ਵਿੱਚ ਬਿਜਲੀ ਉਤਪਾਦਨ ਵਿਚ 83 ਫੀਸਦੀ ਦਾ ਵਾਧਾ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਪਛਵਾੜਾ ਕੋਲਾ ਖਾਣ ਤੋਂ ਬਿਜਲੀ ਉਤਪਾਦਨ ਲਈ ਕੋਲੇ ਦੀ ਸਪਲਾਈ ਕਈ ਸਾਲਾਂ ਬਾਅਦ ਮੁੜ ਸ਼ੁਰੂ ਹੋਈ ਹੈ।  ਉਨ੍ਹਾਂ ਕਿਹਾ ਕਿ ਹੁਣ ਤੱਕ ਇਸ ਕੋਲਾ ਖਾਣ ਤੋਂ 5 ਲੱਖ ਮੀਟ੍ਰਿਕ ਟਨ ਕੋਲਾ ਪ੍ਰਾਪਤ ਕੀਤਾ ਜਾ ਚੁੱਕਾ ਹੈ ਅਤੇ ਇਸ ਨੇ ਬਿਜਲੀ ਸਪਲਾਈ ਵਧਾਉਣ ’ਚ ਅਹਿਮ ਭੂਮਿਕਾ ਨਿਭਾਈ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਪਾਣੀ ਤੇ ਬਿਜਲੀ ਦੀ ਬੱਚਤ ਕਰਨ ਲਈ ਸੂਬਾ ਸਰਕਾਰ ਫਸਲੀ ਵਿਭਿੰਨਤਾ ਨੂੰ ਵੱਡੇ ਪੱਧਰ 'ਤੇ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਇਸ ਨਾਲ ਪੀ.ਐਸ.ਪੀ.ਸੀ.ਐਲ. 'ਤੇ ਬਿਜਲੀ ਉਤਪਾਦਨ ਦੇ ਦਬਾਅ ਨੂੰ ਘਟਾਉਣ ਵਿੱਚ ਮਦਦ ਮਿਲੇਗੀ ਅਤੇ ਵਾਧੂ ਬਿਜਲੀ ਦੀ ਵਰਤੋਂ ਹੋਰ ਸੈਕਟਰਾਂ ਦੇ ਵਿਕਾਸ ਲਈ ਵੀ ਕੀਤੀ ਜਾ ਸਕੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਬਦਲਵੀਆਂ ਫ਼ਸਲਾਂ ਦੇ ਢੁਕਵੇਂ ਮੰਡੀਕਰਨ ਨੂੰ ਯਕੀਨੀ ਬਣਾ ਕੇ ਸੂਬੇ ਅਤੇ ਇਸ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

\ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਹਰ ਕਦਮ ਆਮ ਆਦਮੀ ਦਾ ਜੀਵਨ ਪੱਧਰ ਸੁਧਾਰਨ ਦੇ ਉਦੇਸ਼ ਨਾਲ ਹੈ। ਉਨ੍ਹਾਂ ਕਿਹਾ ਕਿ 600 ਯੂਨਿਟ ਮੁਫ਼ਤ ਬਿਜਲੀ, ਰੁਜ਼ਗਾਰ, ਸਕੂਲਾਂ ਅਤੇ ਹਸਪਤਾਲਾਂ ਦੀ ਕਾਇਆ ਕਲਪ ਅਤੇ ਹੋਰ ਫੈਸਲੇ ਸੂਬੇ ਦਾ ਮੁਹਾਂਦਰਾ ਬਦਲਣ ਦਾ ਕੰਮ ਕਰ ਰਹੇ ਹਨ। ਭਗਵੰਤ ਮਾਨ ਨੇ ਪ੍ਰਣ ਕੀਤਾ ਕਿ ਉਨ੍ਹਾਂ ਦੀ ਸਰਕਾਰ ਦਾ ਹਰ ਫੈਸਲਾ ਆਮ ਆਦਮੀ ਅਤੇ ਸੂਬੇ ਦੀ ਭਲਾਈ ਨੂੰ ਯਕੀਨੀ ਬਣਾਏਗਾ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਮੰਤਰੀ ਅਤੇ ਹੋਰ ਸ਼ਖਸੀਅਤਾਂ ਦਾ ਸਵਾਗਤ ਕੀਤਾ।


Manoj

Content Editor

Related News