ਪੰਜਾਬ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਅੱਜ ਕਰਨਗੀਆਂ ਪੰਜਾਬ ਵਿਧਾਨ ਸਭਾ ਦਾ ਘਿਰਾਓ

Monday, Mar 26, 2018 - 08:18 AM (IST)

ਪੰਜਾਬ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਅੱਜ ਕਰਨਗੀਆਂ ਪੰਜਾਬ ਵਿਧਾਨ ਸਭਾ ਦਾ ਘਿਰਾਓ

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ, ਪਵਨ ਤਨੇਜਾ) - ''ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ 26 ਮਾਰਚ ਨੂੰ ਚੰਡੀਗੜ੍ਹ ਵਿਚ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ ਅਤੇ ਇਸ ਦਿਨ ਪੰਜਾਬ ਭਰ 'ਚੋਂ ਹਜ਼ਾਰਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਸਰਕਾਰ ਕੋਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਚੰਡੀਗੜ੍ਹ ਪੁੱਜਣਗੀਆਂ''। ਇਹ ਜਾਣਕਾਰੀ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਦਿੱਤੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਗੂੰਗੀ ਅਤੇ ਬੋਲ਼ੀ ਹੋ ਚੁੱਕੀ ਹੈ, ਜਦਕਿ ਵਰਕਰਾਂ ਤੇ ਹੈਲਪਰਾਂ ਪੂਰੇ ਦੋ ਮਹੀਨਿਆਂ ਤੋਂ ਆਪਣੀਆਂ ਮੰਗਾਂ ਮਨਵਾਉਣ ਲਈ ਸੰਘਰਸ਼ ਕਰਦੀਆਂ ਸੜਕਾਂ ਉੱਪਰ ਰੁਲ ਰਹੀਆਂ ਹਨ। ਪਿਛਲੇ 53 ਦਿਨਾਂ ਤੋਂ ਬਠਿੰਡਾ ਵਿਖੇ ਵਿੱਤ ਮੰਤਰੀ ਦੇ ਦਫ਼ਤਰ ਅੱਗੇ ਦਿਨ-ਰਾਤ ਦਾ ਪੱਕਾ ਧਰਨਾ ਲਾਇਆ ਹੋਇਆ ਹੈ। ਮੰਤਰੀਆਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕੀਤਾ ਹੈ। ਘਰ-ਘਰ ਨੌਕਰੀਆਂ ਦੇਣ ਦੇ ਵਾਅਦੇ ਕਰਨ ਵਾਲਾ ਸੂਬੇ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਤਾ ਨਹੀਂ ਕਿਧਰੇ ਗੁਆਚ ਗਿਆ ਹੈ। ਨੌਕਰੀਆਂ ਤਾਂ ਕੀ ਦੇਣੀਆਂ ਸਨ, ਉਲਟਾ ਪਹਿਲਾਂ ਮਿਲਿਆ ਰੋਜ਼ਗਾਰ ਵੀ ਖੋਹਿਆ ਜਾ ਰਿਹਾ ਹੈ।
ਉਨ੍ਹਾਂ ਮੰਗ ਕੀਤੀ ਕਿ ਸੂਬੇ ਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ 'ਤੇ ਮਾਣ-ਭੱਤਾ ਦਿੱਤਾ ਜਾਵੇ। ਆਂਗਣਵਾੜੀ ਸੈਂਟਰਾਂ ਦੇ ਖੋਹੇ ਹੋਏ ਬੱਚੇ ਵਾਪਸ ਦਿੱਤੇ ਜਾਣ। ਆਂਗਣਵਾੜੀ ਸੈਂਟਰਾਂ ਦਾ ਬਕਾਇਆ ਦਿੱਤਾ ਜਾਵੇ। ਸੈਂਟਰਾਂ 'ਚ ਬੱਚਿਆਂ ਲਈ ਰਾਸ਼ਨ ਭੇਜਿਆ ਜਾਵੇ। ਐੱਨ. ਜੀ. ਓ. ਅਧੀਨ ਚੱਲਦੇ ਬਲਾਕਾਂ ਨੂੰ ਵਾਪਸ ਵਿਭਾਗ ਅਧੀਨ ਲਿਆਂਦਾ ਜਾਵੇ। ਵਰਕਰਾਂ ਤੇ ਹੈਲਪਰਾਂ ਨੂੰ ਵਰਦੀਆਂ ਦੇ ਪੈਸੇ ਅਤੇ ਸਟੇਸ਼ਨਰੀ ਦੇ ਸਾਮਾਨ ਦੇ ਪੈਸੇ ਭੇਜੇ ਜਾਣ। ਸੂਬਾ ਪ੍ਰਧਾਨ ਨੇ ਕਿਹਾ ਕਿ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਜਥੇਬੰਦੀ ਵੱਲੋਂ ਪੂਰਾ ਪ੍ਰੋਗਰਾਮ ਉਲੀਕ ਲਿਆ ਗਿਆ ਹੈ ਅਤੇ ਆਗੂਆਂ ਦੀਆਂ ਡਿਊਟੀਆਂ ਲਾ ਦਿੱਤੀਆਂ ਗਈਆਂ ਹਨ ਅਤੇ ਜਥੇਬੰਦੀ ਪੰਜਾਬ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜੇਗੀ। ਇਸ ਸਮੇਂ ਬਲਜਿੰਦਰ ਕੌਰ ਖੱਪਿਆਂਵਾਲੀ, ਸੰਦੀਪ ਕੌਰ ਝੁੱਗੇ, ਸਰਬਜੀਤ ਕੌਰ ਚੱਕ ਕਾਲਾ ਸਿੰਘ ਵਾਲਾ ਤੇ ਹੋਰ ਆਗੂ ਮੌਜੂਦ ਸਨ।


Related News