ਆਧਾਰ ਕਾਰਡ ਵਾਲੀਆਂ ਬੱਸਾਂ ''ਬੰਦ'', ਕਰ ''ਤਾ ਚੱਕਾ ਜਾਮ, ਮੁਲਾਜ਼ਮ ਘੇਰਨਗੇ CM ਰਿਹਾਇਸ਼
Wednesday, Feb 11, 2026 - 07:10 PM (IST)
ਚੰਡੀਗੜ੍ਹ/ਪਟਿਆਲਾ: ਪੰਜਾਬ ਵਿੱਚ ਸਰਕਾਰੀ ਬੱਸਾਂ 'ਤੇ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਲਈ ਵੱਡੀ ਅਤੇ ਚਿੰਤਾਜਨਕ ਖ਼ਬਰ ਹੈ। ਪੀ.ਆਰ.ਟੀ.ਸੀ. (PRTC) ਅਤੇ ਪਨਬੱਸ (PUNBUS)ਦੇ ਠੇਕਾ ਮੁਲਾਜ਼ਮਾਂ ਦੀ ਟਰਾਂਸਪੋਰਟ ਸੈਕਟਰੀ ਨਾਲ ਹੋਈ ਮੀਟਿੰਗ ਬੇਸਿੱਟਾ ਰਹੀ ਹੈ, ਜਿਸ ਤੋਂ ਬਾਅਦ ਗੁੱਸੇ ਵਿੱਚ ਆਏ ਮੁਲਾਜ਼ਮਾਂ ਨੇ ਸੂਬੇ ਭਰ ਵਿੱਚ ਤਿੱਖੇ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ।
ਅੱਜ ਦੁਪਹਿਰ ਤੋਂ ਹੀ ਚੱਕਾ ਜਾਮ
ਮੀਟਿੰਗ ਵਿੱਚ ਕੋਈ ਹੱਲ ਨਾ ਨਿਕਲਣ ਕਾਰਨ ਯੂਨੀਅਨ ਵੱਲੋਂ ਅੱਜ ਦੁਪਹਿਰ 2 ਵਜੇ ਤੋਂ ਹੀ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਗਿਆ ਹੈ। ਬੱਸ ਸਟੈਂਡਾਂ 'ਤੇ ਦਿੱਤੇ ਧਰਨਿਆਂ ਦੌਰਾਨ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰ ਰਹੀ ਹੈ, ਜਿਸ ਕਾਰਨ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਠੇਕਾ ਮੁਲਾਜ਼ਮਾਂ ਵੱਲੋਂ ਮੁੱਖ ਤੌਰ 'ਤੇ ਜੇਲ੍ਹਾਂ ਵਿੱਚ ਬੰਦ ਸਾਥੀ ਆਗੂਆਂ ਅਤੇ ਮੁਲਾਜ਼ਮਾਂ ਦੀ ਤੁਰੰਤ ਰਿਹਾਈ, ਕੱਚੇ ਮੁਲਾਜ਼ਮਾਂ ਨੂੰ ਜਲਦ ਤੋਂ ਜਲਦ ਪੱਕਾ ਕਰਨਾ ਅਤੇ ਪਹਿਲਾਂ ਤੋਂ ਮੰਨੀਆਂ ਹੋਈਆਂ ਹੋਰ ਮੰਗਾਂ ਨੂੰ ਤੁਰੰਤ ਲਾਗੂ ਕਰਨਾ ਆਦਿ ਦੀ ਮੰਗ ਕੀਤੀ ਜਾ ਰਹੀ ਹੈ। ਰੋਡਵੇਜ਼ ਦੀਆਂ ਮੁਲਜ਼ਮ ਯੂਨੀਅਨਾਂ ਨੇ ਦੱਸਿਆ ਕਿ 12 ਫਰਵਰੀ ਤੋਂ ਪੰਜਾਬ ਭਰ ਵਿੱਚ ਮੁਕੰਮਲ ਹੜਤਾਲ ਕੀਤੀ ਜਾਵੇਗੀ। ਇਸ ਦਿਨ ਮੁਲਾਜ਼ਮ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨਗੇ ਅਤੇ ਸਰਕਾਰ ਵਿਰੁੱਧ ਪ੍ਰਦਰਸ਼ਨ ਤੇਜ਼ ਕਰਨਗੇ। ਯੂਨੀਅਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਹੁਣ ਵੀ ਮਸਲਾ ਹੱਲ ਨਾ ਹੋਇਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਵੀ ਤਿੱਖਾ ਰੂਪ ਦਿੱਤਾ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
