Big Breaking: ਖ਼ਤਮ ਹੋਈ ਪੰਜਾਬ ਰੋਡਵੇਜ਼ ਦੀ ਹੜਤਾਲ, ਬੱਸਾਂ ਦੀ ਆਵਾਜਾਈ ਬਹਾਲ ਕਰਨ ''ਤੇ ਬਣੀ ਸਹਿਮਤੀ
Sunday, Nov 30, 2025 - 07:21 PM (IST)
ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਰੋਡਵੇਜ਼ ਦੀ ਹੜਤਾਲ ਖ਼ਤਮ ਹੋ ਗਈ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ ਮੁਲਾਜ਼ਮ ਯੂਨੀਅਨਾਂ ਤੇ ਸਰਕਾਰ ਵਿਚਾਲੇ ਸਹਿਮਤੀ ਹੋ ਗਈ ਹੈ ਤੇ ਇਸ ਤੋਂ ਬਾਅਦ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਹੁਣ ਇਕ ਵਾਰ ਫ਼ਿਰ ਤੋਂ ਸਰਕਾਰੀ ਬੱਸਾਂ ਦੀ ਆਵਾਜਾਈ ਆਮ ਵਾਂਗ ਸ਼ੁਰੂ ਕਰ ਦਿੱਤੀ ਜਾਵੇਗੀ ਤੇ ਲੋਕਾਂ ਨੂੰ ਖੱਜਲ ਖੁਆਰੀ ਤੋਂ ਰਾਹਤ ਮਿਲ ਜਾਵੇਗੀ।
ਦੱਸ ਦਈਏ ਕਿ ਪੀ. ਆਰ. ਟੀ. ਸੀ. ਤੇ ਪਨਬੱਸ ਦੇ ਮੁਲਾਜ਼ਮਾਂ ਵੱਲੋਂ ਅੱਜ ਲਗਾਤਾਰ ਤੀਜੇ ਦਿਨ ਹੜਤਾਲ ਕੀਤੀ ਗਈ ਸੀ। ਇਸ ਦਰਮਿਆਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਬੀਤੇ ਦਿਨੀਂ ਮੁਲਾਜ਼ਮਾਂ ਨੂੰ ਬੈਠ ਕੇ ਗੱਲਬਾਤ ਕਰਨ ਦਾ ਸੱਦਾ ਦਿੱਤਾ ਸੀ। ਅੱਜ ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਤੇ ਮੁਲਾਜ਼ਮ ਯੂਨੀਅਨਾਂ ਦੇ ਆਗੂਆਂ ਵਿਚਾਲੇ 7 ਘੰਟੇ ਲੰਮੀ ਮੀਟਿੰਗ ਚੱਲੀ, ਜਿਸ ਮਗਰੋਂ ਦੋਹਾਂ ਵਿਚਾਲੇ ਸਹਿਮਤੀ ਬਣ ਗਈ ਹੈ। ਫਿਲਹਾਲ ਯੂਨੀਅਨ ਵੱਲੋਂ ਅਜੇ ਅਧਿਕਾਕਤ ਐਲਾਨ ਨਹੀਂ ਕੀਤਾ ਗਿਆ ਹੈ।
ਜਾਣਕਾਰੀ ਮੁਤਾਬਕ ਸਰਕਾਰ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਾਜ਼ਮਾਂ ਨੂੰ ਰਿਹਾਅ ਕਰਨ ਲਈ ਹਾਮੀ ਭਰ ਦਿੱਤੀ ਗਈ ਹੈ। ਕਿੱਲੋਮੀਟਰ ਸਕੀਮ ਤੇ ਹੋਰ ਮੁੱਦਿਆਂ ਬਾਰੇ ਸਰਕਾਰ ਤੇ ਯੂਨੀਅਨਾਂ ਵਿਚਾਲੇ ਦੁਬਾਰਾ ਮੀਟਿੰਗ ਕੀਤੀ ਜਾਵੇਗੀ। ਫ਼ਿਲਹਾਲ ਲੋਕਾਂ ਦੀ ਖੱਜਲ ਖ਼ੁਆਰੀ ਨੂੰ ਵੇਖਦਿਆਂ ਹੜਤਾਲ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।
