ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਐਕਸ਼ਨ! ਜਾਰੀ ਹੋ ਗਏ ਸਖ਼ਤ ਹੁਕਮ

Saturday, Jul 06, 2024 - 10:36 AM (IST)

ਮੋਹਾਲੀ (ਨਿਆਮੀਆਂ): ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਰਟੀਫਿਕੇਟਾਂ ਦੀ ਵੈਰੀਫਿਕੇਸ਼ਨ ਦੇ ਸਬੰਧ ’ਚ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਸਮੇਤ ਤਿੰਨ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਸਬੰਧੀ ਹੁਕਮ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਪ੍ਰੇਮ ਕੁਮਾਰ ਵੱਲੋਂ ਜਾਰੀ ਕੀਤੇ ਗਏ ਹਨ।

ਇਹ ਖ਼ਬਰ ਵੀ ਪੜ੍ਹੋ - ਅਮਰਨਾਥ ਯਾਤਰਾ ਦੌਰਾਨ ਪੰਜਾਬ ਦੇ ਨੌਜਵਾਨ ਨਾਲ ਵਾਪਰਿਆ ਭਾਣਾ! ਅਚਾਨਕ ਹੋਈ ਮੌਤ

ਜਾਰੀ ਹੁਕਮਾਂ ’ਚ ਕਿਹਾ ਗਿਆ ਹੈ ਕਿ ਪੰਜਾਬ ਫਾਰਮੇਸੀ ਕੌਂਸਲ ਵੱਲੋਂ 4 ਅਪ੍ਰੈਲ ਦੇ ਪੱਤਰ ਰਾਹੀਂ ਸਿੱਖਿਆ ਬੋਰਡ ਦੇ ਦਫ਼ਤਰ ਦੇ ਧਿਆਨ ’ਚ ਲਿਆਂਦਾ ਗਿਆ ਸੀ ਕਿ ਕੌਂਸਲ ਨੇ ਦੋ ਉਮੀਦਵਾਰਾਂ ਦੇ ਸਰਟੀਫਿਕੇਟ ਵੈਰੀਫਾਈ ਕਰਨ ਲਈ ਸਿੱਖਿਆ ਬੋਰਡ ਨੂੰ 2023 ’ਚ ਭੇਜੇ ਸਨ। ਬੋਰਡ ਵੱਲੋਂ ਉਨ੍ਹਾਂ ਉਮੀਦਵਾਰਾਂ ਦੇ ਸਰਟੀਫਿਕੇਟਾਂ ਦੀ ਵੈਰੀਫਿਕੇਸ਼ਨ ਦੀਆਂ ਵੱਖ-ਵੱਖ ਸਮੇਂ ’ਤੇ ਦੋ ਰਿਪੋਰਟਾਂ ਭੇਜੀਆਂ ਗਈਆਂ ਸਨ, ਜਿਸ ਅਨੁਸਾਰ ਪਹਿਲੀ ਵਾਰ ਸਰਟੀਫਿਕੇਟਾਂ ਨੂੰ ਸਹੀ ਤੇ ਦੂਜੀ ਰਿਪੋਰਟ ’ਚ ਸਰਟੀਫਿਕੇਟਾਂ ਨੂੰ ਜਾਅਲੀ ਦੱਸਿਆ ਗਿਆ ਸੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸਿੱਖਿਆ ਬੋਰਡ ਨੇ ਮੁੱਢਲੀ ਪੜਤਾਲ ਸੰਯੁਕਤ ਸਕੱਤਰ (ਜ) ਕੋਲੋਂ ਕਰਵਾਈ।

ਮੁਅੱਤਲੀ ਸਬੰਧੀ ਹੁਕਮਾਂ ’ਚ ਕਿਹਾ ਗਿਆ ਹੈ ਕਿ ਇਹ ਸਰਟੀਫਿਕੇਟ ਸੀਨੀਅਰ ਸਹਾਇਕ ਵੈਰੀਫਿਕੇਸ਼ਨ ਸ਼ਾਖਾ ਜਗਵੀਰ ਕੌਰ ਵੱਲੋਂ ਡੀਲ ਕੀਤੇ ਜਾਣ ਸਨ ਪਰ ਉਹ 14 ਜੂਨ, 2023 ਤੋਂ 7 ਸਤੰਬਰ, 2023 ਤੱਕ ਵਿਦੇਸ਼ੀ ਛੁੱਟੀ ’ਤੇ ਸਨ, ਜਿਸ ਕਰਕੇ ਉਸ ਦੀ ਸੀਟ ਦਾ ਕੰਮ ਸੀਨੀਅਰ ਸਹਾਇਕ ਪਰਵਿੰਦਰ ਸਿੰਘ ਖੰਗੂੜਾ ਕਰ ਰਹੇ ਸਨ। ਮੁਅੱਤਲ ਕੀਤੇ ਗਏ ਮੁਲਾਜ਼ਮਾਂ ’ਚ ਪਰਵਿੰਦਰ ਸਿੰਘ ਤੋਂ ਇਲਾਵਾ ਹੈਲਪਰ ਰਣਜੀਤ ਸਿੰਘ ਤੇ ਹੈਲਪਰ ਰਜਿੰਦਰ ਸਿੰਘ ਦੇ ਨਾਂ ਵੀ ਸ਼ਾਮਲ ਹਨ। ਪਰਵਿੰਦਰ ਸਿੰਘ ਨੂੰ ਮੁਅੱਤਲੀ ਸਮੇਂ ਦੌਰਾਨ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਖੇਤਰੀ ਦਫ਼ਤਰ ਵਿਖੇ ਭੇਜਿਆ ਗਿਆ ਹੈ ਜਦਕਿ ਦੋਵੇਂ ਹੈਲਪਰਾਂ ਨੂੰ ਖੇਤਰੀ ਦਫ਼ਤਰ ਪਟਿਆਲਾ ਵਿਖੇ ਭੇਜਿਆ ਗਿਆ ਹੈ। ਇਸ ਸਬੰਧੀ ਜਦੋਂ ਪਰਵਿੰਦਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਨੂੰ ਜਾਣ-ਬੁੱਝ ਕੇ ਗ਼ਲਤ ਤੌਰ ’ਤੇ ਨਿਸ਼ਾਨਾ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ’ਤੇ ਦੋਸ਼ ਕਿਸੇ ਵੀ ਤਰ੍ਹਾਂ ਸਾਬਤ ਨਹੀਂ ਹੋਏ ਤੇ ਨਾ ਹੀ ਉਨ੍ਹਾਂ ਦੇ ਕਿਧਰੇ ਦਸਤਖ਼ਤ ਹਨ। ਫਿਰ ਵੀ ਉਨ੍ਹਾਂ ਨੂੰ ਮੁਅੱਤਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਦੌਰਾਨ ਉਹ ਸਿੱਖਿਆ ਬੋਰਡ ਦੇ ਸਕੱਤਰ ਵੱਲੋਂ ਕੀਤੀਆਂ ਜਾ ਰਹੀਆਂ ਵਿੱਤੀ ਬੇਨਿਯਮੀਆਂ ਸਬੰਧੀ ਸਾਰੇ ਪੱਖ ਉਜਾਗਰ ਕਰਨਗੇ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਭਾਰੀ ਬਾਰਿਸ਼ ਦੀ ਚਿਤਾਵਨੀ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

ਜਾਣ-ਬੁੱਝ ਕੇ ਬਣਾਇਆ ਗਿਆ ਹੈ ਨਿਸ਼ਾਨਾ : ਖੰਗੂੜਾ

ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ ਨੇ ਆਪਣੀ ਮੁਅੱਤਲੀ ਨੂੰ ਗ਼ਲਤ ਦੱਸਦਿਆਂ ਕਿਹਾ ਕਿ ਉਹ ਤੱਥਾਂ ਦੇ ਆਧਾਰ ’ਤੇ ਖ਼ੁਦ ਨੂੰ ਸਹੀ ਸਿੱਧ ਕਰਨਗੇ। ਉਨ੍ਹਾਂ ਕਿਹਾ ਕਿ ਇਹ ਸਭ ਜ਼ਿਦਬਾਜ਼ੀ ’ਚ ਕੀਤਾ ਗਿਆ ਹੈ ਕਿਉਂਕਿ ਉਹ ਐਸੋਸੀਏਸ਼ਨ ਦੇ ਪ੍ਰਧਾਨ ਹਨ ਤੇ ਸਿੱਖਿਆ ਬੋਰਡ ਦੇ ਸਕੱਤਰ ਵੱਲੋਂ ਕੀਤੀਆਂ ਜਾ ਰਹੀਆਂ ਕਥਿਤ ਵਿੱਤੀ ਬੇਨਿਯਮੀਆਂ ਨੂੰ ਉਜਾਗਰ ਕਰਦੇ ਰਹੇ ਹਨ, ਜਿਸ ਕਰ ਕੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News