15,000 ਰੁਪਏ ਰਿਸ਼ਵਤ ਲੈਂਦਾ PSPCL ਦਾ ਜੇਈ ਕਾਬੂ
Friday, Jul 04, 2025 - 07:52 PM (IST)

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ), ਸਬ-ਸਟੇਸ਼ਨ, ਕੰਧਾਲਾ ਜੱਟਾਂ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇਈ) ਬਲਜੀਤ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਖੁਲਾਸਾ ਕਰਦਿਆਂ, ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਸੀਕਰੀ ਦੇ ਇੱਕ ਨਿਵਾਸੀ ਵੱਲੋਂ ਦਾਇਰ ਕੀਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਜੇਈ ਨੇ ਉਸਦੇ ਪਿੰਡ ਵਿੱਚ ਬਿਜਲੀ ਸਪਲਾਈ ਲੋਡ ਨੂੰ ਠੀਕ ਕਰਨ ਲਈ ਇੱਕ ਨਵਾਂ ਟ੍ਰਾਂਸਫਾਰਮਰ ਲਗਾਉਣ ਦੇ ਬਦਲੇ 20000 ਰੁਪਏ ਦੀ ਮੰਗ ਕੀਤੀ ਸੀ ਪਰ ਉਸ ਦੀ ਬੇਨਤੀ 'ਤੇ ਸੌਦਾ 15000 ਰੁਪਏ ਵਿਚ ਤੈਅ ਹੋ ਗਿਆ। ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਦੀ ਤਸਦੀਕ ਤੋਂ ਬਾਅਦ ਜਲੰਧਰ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਪੁਲਸ ਥਾਣਾ, ਜਲੰਧਰ ਰੇਂਜ ਵਿਖੇ ਉਕਤ ਜੇਈ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੋਸ਼ੀ ਨੂੰ ਕੱਲ੍ਹ ਸਮਰੱਥ ਅਦਾਲਤ 'ਚ ਪੇਸ਼ ਕੀਤਾ ਜਾਵੇਗਾ ਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e