ਪੀਐੱਸਪੀਸੀਐੱਲ ਦੇ ਨਵੇਂ ਚੇਅਰਮੈਨ ਗੁਰਕੀਰਤ ਕਿਰਪਾਲ ਵੱਲੋਂ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ
Saturday, Sep 19, 2026 - 11:09 AM (IST)
ਪਟਿਆਲਾ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਅਤੇ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀਐੱਸਟੀਸੀਐੱਲ) ਦੇ ਨਵ-ਨਿਯੁਕਤ ਚੇਅਰਮੈਨ ਆਈਏਐੱਸ ਗੁਰਕੀਰਤ ਕਿਰਪਾਲ ਸਿੰਘ ਨੇ ਅੱਜ ਪਟਿਆਲਾ ਸਥਿਤ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਵਿਖੇ ਪਹੁੰਚ ਕੇ ਦੋਵੇਂ ਕਾਰਪੋਰੇਸ਼ਨਾਂ ਦੇ ਡਾਇਰੈਕਟਰਾਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਕੀਤੀ। ਇਸ ਮੌਕੇ ਡਾਇਰੈਕਟਰ ਵੰਡ ਇੰਜ. ਇੰਦਰਪਾਲ ਸਿੰਘ, ਡਾਇਰੈਕਟਰ ਜਨਰੇਸ਼ਨ ਇੰਜ. ਪੁਨਰਦੀਪ ਸਿੰਘ ਬਰਾੜ, ਡਾਇਰੈਕਟਰ ਕਮਰਸ਼ੀਅਲ ਇੰਜ. ਹਰਸ਼ਰਨ ਕੌਰ ਤ੍ਰੇਹਨ, ਡਾਇਰੈਕਟਰ ਵਿੱਤ ਪੀਐੱਸਟੀਸੀਐੱਲ ਸੀ.ਏ. ਵਿਨੋਦ ਬਾਂਸਲ ਅਤੇ ਪੀਐੱਸਪੀਸੀਐੱਲ ਦੇ ਹੈੱਡ ਆਫ਼ ਦਿ ਡਿਪਾਰਟਮੈਂਟਸ ਉਨ੍ਹਾਂ ਦੇ ਸਵਾਗਤ ਲਈ ਮੌਜੂਦ ਸਨ। ਮੀਟਿੰਗ ਦੌਰਾਨ ਚੇਅਰਮੈਨ ਨੇ ਪੀਐੱਸਪੀਸੀਐੱਲ ਅਤੇ ਪੀਐੱਸਟੀਸੀਐੱਲ ਦੇ ਕੰਮਕਾਜ ਦੀ ਮੌਜੂਦਾ ਸਥਿਤੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਸੂਬੇ ਵਿਚ ਬਿਜਲੀ ਦੀ ਮੰਗ ਅਤੇ ਸਪਲਾਈ, ਬਿਜਲੀ ਉਤਪਾਦਨ, ਪਾਵਰ ਪਰਚੇਜ਼, ਮੌਜੂਦਾ ਥਰਮਲ ਪਲਾਂਟਾਂ ਦੀ ਕਾਰਗੁਜ਼ਾਰੀ, ਕੋਲੇ ਦੀ ਉਪਲੱਬਧਤਾ, ਟਰਾਂਸਮਿਸ਼ਨ ਅਤੇ ਸਪਲਾਈ ਪ੍ਰਬੰਧਾਂ ਤੋਂ ਇਲਾਵਾ ਬਿਜਲੀ ਬਿੱਲਾਂ ਸਮੇਤ ਵੱਖ-ਵੱਖ ਅਹਿਮ ਮੁੱਦਿਆਂ ਬਾਰੇ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ।
ਇਹ ਵੀ ਪੜ੍ਹੋ : ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਨੇ ਮੰਨ ਲਈਆਂ ਮੰਗਾਂ, ਇਸ ਤਨਖਾਹ ਨਾਲ ਵਧੇਗਾ ਭੱਤਾ
ਚੇਅਰਮੈਨ ਨੇ ਸਪੱਸ਼ਟ ਕੀਤਾ ਕਿ ਪੰਜਾਬ ਦੇ ਘਰੇਲੂ ਅਤੇ ਵਪਾਰਕ ਬਿਜਲੀ ਖਪਤਕਾਰਾਂ ਨੂੰ ਨਿਰਵਿਘਨ ਅਤੇ ਭਰੋਸੇਯੋਗ ਬਿਜਲੀ ਸਪਲਾਈ ਮੁਹੱਈਆ ਕਰਵਾਉਣਾ ਬਿਜਲੀ ਨਿਗਮ ਦੀ ਮੁੱਖ ਤਰਜੀਹ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਨਿਰਧਾਰਤ ਸਮੇਂ ਅਨੁਸਾਰ 8 ਘੰਟੇ ਨਿਰਵਿਘਨ ਖੇਤੀਬਾੜੀ ਬਿਜਲੀ ਸਪਲਾਈ ਯਕੀਨੀ ਬਣਾਉਣਾ ਵੀ ਬਿਜਲੀ ਨਿਗਮ ਦੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿਚ ਬਿਜਲੀ ਦੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਬਿਜਲੀ ਉਤਪਾਦਨ, ਟਰਾਂਸਮਿਸ਼ਨ ਅਤੇ ਸਪਲਾਈ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਅਤੇ ਸੁਚਾਰੂ ਬਣਾਉਣ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ। ਇਸ ਦੇ ਨਾਲ ਹੀ ਮੌਜੂਦਾ ਥਰਮਲ ਪਲਾਂਟਾਂ ਦੀ ਕਾਰਗੁਜ਼ਾਰੀ, ਕੋਲੇ ਦੀ ਉਪਲੱਬਧਤਾ ਅਤੇ ਪਾਵਰ ਪਰਚੇਜ਼ ਦੀ ਸਥਿਤੀ ’ਤੇ ਨਿਰੰਤਰ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਗਏ।
ਇਹ ਵੀ ਪੜ੍ਹੋ : ਏ. ਐੱਸ. ਆਈ. ਕਤਲ ਕਾਂਡ ਤੋਂ ਬਾਅਦ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਚੇਤਾਵਨੀ
ਚੇਅਰਮੈਨ ਨੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਘਰੇਲੂ, ਖੇਤੀਬਾੜੀ ਅਤੇ ਵਪਾਰਕ ਬਿਜਲੀ ਸਪਲਾਈ ਨਾਲ ਸਬੰਧਤ ਕਿਸੇ ਵੀ ਸਮੱਸਿਆ ਦਾ ਤੁਰੰਤ ਹੱਲ ਯਕੀਨੀ ਬਣਾਇਆ ਜਾਵੇ ਅਤੇ ਫੀਲਡ ਪੱਧਰ ’ਤੇ ਨਿਗਰਾਨੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਖਪਤਕਾਰਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਬਿਜਲੀ ਸੇਵਾਵਾਂ ਦੀ ਗੁਣਵੱਤਾ ਵਿਚ ਲਗਾਤਾਰ ਸੁਧਾਰ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਵੀ ਆਖਿਆ। ਇਸ ਮੌਕੇ ਉਨ੍ਹਾਂ ਨੇ ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਹਰ ਸੁਝਾਅ ਦਾ ਹਮੇਸ਼ਾ ਹੀ ਸਵਾਗਤ ਕੀਤਾ ਜਾਵੇਗਾ ਅਤੇ ਮੀਡੀਆ ਸਾਥੀ ਉਨ੍ਹਾਂ ਨੂੰ ਕਿਸੇ ਵੀ ਸਮੇਂ ਉਨ੍ਹਾਂ ਦੇ ਦਫ਼ਤਰ ਆ ਕੇ ਮਿਲ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਸੋਸ਼ਲ ਮੀਡੀਆ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ ਅਤੇ ਪੀਐੱਸਪੀਸੀਐੱਲ ਦੀਆਂ ਨਵੀਆਂ ਪਹਿਲਕਦਮੀਆਂ ਅਤੇ ਸਰਕਾਰੀ ਨੀਤੀਆਂ ਬਾਰੇ ਸਹੀ ਅਤੇ ਸਮੇਂ ਸਿਰ ਜਾਣਕਾਰੀ ਲਈ ਖਪਤਕਾਰਾਂ ਨੂੰ ਪੀਐੱਸਪੀਸੀਐੱਲ ਦੇ ਸੋਸ਼ਲ ਮੀਡੀਆ ਹੈਂਡਲਜ਼ ਨੂੰ ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂਟਿਊਬ ’ਤੇ ਫਾਲੋ ਕਰਨ ਲਈ ਪ੍ਰੇਰਿਤ ਕੀਤਾ। ਮੀਟਿੰਗ ਦੇ ਅੰਤ ਵਿਚ ਚੇਅਰਮੈਨ ਨੇ ਦੋਵੇਂ ਕਾਰਪੋਰੇਸ਼ਨਾਂ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਬਿਜਲੀ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਣ ਅਤੇ ਖਪਤਕਾਰਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
ਇਹ ਵੀ ਪੜ੍ਹੋ : ਪੰਜਾਬ : ਨਵੇਂ ਰਾਸ਼ਨ ਕਾਰਡਾਂ ਨੂੰ ਲੈ ਕੇ ਵੱਡੀ ਖ਼ਬਰ, ਦਰਖਾਸਤਾਂ ਦੀ ਪੜਤਾਲ ਹੋਈ ਸ਼ੁਰੂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
