ਪੰਜਾਬ ''ਚ ਬਿਜਲੀ ਉਪਭੋਗਤਾਵਾਂ ਲਈ ਵੱਡੀ ਖ਼ਬਰ, ਪੀ. ਐੱਸ. ਪੀ. ਸੀ. ਐੱਲ ਨੇ ਤੋੜੇ ਸਾਰੇ ਰਿਕਾਰਡ
Monday, Jan 20, 2025 - 06:36 PM (IST)

ਚੰਡੀਗੜ੍ਹ/ਪਟਿਆਲਾ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ) ਵੱਲੋਂ 19 ਜਨਵਰੀ, 2025 ਤੱਕ 66914 ਮਿਲੀਅਨ ਯੂਨਿਟਾਂ ਦੀ ਰਿਕਾਰਡ ਬਿਜਲੀ ਸਪਲਾਈ ਕੀਤੀ ਹੈ, ਜੋ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 13% ਵੱਧ ਹੈ। ਉਨ੍ਹਾਂ ਕਿਹਾ ਕਿ ਇਹ ਮਹੱਤਵਪੂਰਨ ਪ੍ਰਾਪਤੀ ਬਿਜਲੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਪੰਜਾਬ ਦੇ ਲੋਕਾਂ ਅਤੇ ਉਦਯੋਗਾਂ ਦੀਆਂ ਵੱਧ ਰਹੀਆਂ ਬਿਜਲੀ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਪੀ.ਐੱਸ.ਪੀ.ਸੀ.ਐੱਲ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਦਰਸਾਉਂਦਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਵਿੱਤੀ ਸਾਲ 2024-25 ਦੌਰਾਨ ਬਿਜਲੀ ਦੀ ਸੱਭ ਤੋਂ ਵੱਧ ਮੰਗ 16058 ਮੈਗਾਵਾਟ ਨੂੰ ਪੂਰਾ ਕੀਤਾ ਗਿਆ, ਜੋ ਕਿ ਪਿਛਲੇ ਵਿੱਤੀ ਸਾਲ ਨਾਲੋਂ 5 ਫੀਸਦੀ ਵੱਧ ਹੈ।
ਇਹ ਵੀ ਪੜ੍ਹੋ : ਡੇਰਾ ਰਾਧਾ ਸੁਆਮੀ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ, ਡੇਰੇ ਵੱਲੋਂ ਹੋਇਆ ਨਵਾਂ ਐਲਾਨ
ਬਿਜਲੀ ਮੰਤਰੀ ਨੇ ਕਿਹਾ ਕਿ ਪੀ.ਐੱਸ.ਪੀ.ਸੀ.ਐੱਲ ਨੇ ਪੰਜਾਬ ਦੇ ਸਾਰੇ ਵਰਗਾਂ ਦੇ ਖਪਤਕਾਰਾਂ ਨੂੰ ਬਿਨਾਂ ਕਿਸੇ ਬਿਜਲੀ ਕੱਟ ਦੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਪੀ.ਐੱਸ.ਪੀ.ਸੀ.ਐੱਲ ਵਲੋਂ ਕੀਤੇ ਢੁਕਵੇਂ ਪ੍ਰਬੰਧਾਂ ਦੇ ਕਾਰਨ ਸੰਭਵ ਹੋ ਸਕੀ, ਜੋ ਭਰੋਸੇਯੋਗ ਬਿਜਲੀ ਸਪਲਾਈ ਪ੍ਰਦਾਨ ਕਰਨ ਲਈ ਨਿਗਮ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਕੋਲੇ ਦੀ ਉਪਲੱਬਧਤਾ ਬਾਰੇ ਬਿਜਲੀ ਮੰਤਰੀ ਨੇ ਦੱਸਿਆ ਕਿ ਪੀ.ਐੱਸ.ਪੀ.ਸੀ.ਐੱਲ ਨਿਯਮਤ ਅਤੇ ਲੋੜੀਂਦੀ ਸਪਲਾਈ ਨੂੰ ਯਕੀਨੀ ਬਣਾ ਰਿਹਾ ਹੈ, ਜਿਸ ਦੇ ਨਤੀਜੇ ਵਜੋਂ ਤਿੰਨੇ ਸਰਕਾਰੀ ਥਰਮਲ ਪਲਾਂਟਾਂ ਵਿਚ ਸਟਾਕ ਦਾ ਚੰਗਾ ਪ੍ਰਬੰਧ ਹੈ। ਉਨ੍ਹਾਂ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਥਰਮਲ ਪਲਾਂਟ ਰੋਪੜ ਲਈ ਮੌਜੂਦਾ ਸਟਾਕ ਪੱਧਰ 42 ਦਿਨ, ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਲਈ 28 ਦਿਨ ਅਤੇ ਗੁਰੂ ਅਮਰਦਾਸ ਥਰਮਲ ਪਲਾਂਟ ਗੋਇੰਦਵਾਲ ਸਾਹਿਬ ਲਈ 40 ਦਿਨ ਹੈ। ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ ਆਉਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਲੋੜ ਅਨੁਸਾਰ ਕੋਲੇ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਪਿੰਡਾਂ ਲਈ ਖ਼ੁਸ਼ਖਬਰੀ, ਸਰਕਾਰ ਵਲੋਂ ਹੋਇਆ ਵੱਡਾ ਐਲਾਨ, ਇਕ ਹਫਤੇ ਦਾ ਦਿੱਤਾ ਸਮਾਂ
ਬਿਜਲੀ ਮੰਤਰੀ ਨੇ ਦੱਸਿਆ ਕਿ ਪਛਵਾੜਾ ਕੋਲਾ ਖਾਣ ਚੰਗੀ-ਗੁਣਵੱਤਾ ਵਾਲੇ ਕੋਲੇ ਦੀ ਨਿਰੰਤਰ ਸਪਲਾਈ ਪ੍ਰਦਾਨ ਕਰਦਿਆਂ ਰਾਜ ਦੇ ਬਿਜਲੀ ਖੇਤਰ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਸਾਲ 2024-25 ਦੌਰਾਨ 19 ਜਨਵਰੀ, 2025 ਤੱਕ ਇਸ ਖਾਣ ਤੋਂ 1306 ਰੈਕਾਂ ਰਾਹੀਂ 56 ਲੱਖ ਟਨ ਕੋਲੇ ਦੀ ਸਪਲਾਈ ਕੀਤੀ ਗਈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਸਤੀਆਂ ਦਰਾਂ 'ਤੇ ਨਿਰੰਤਰ, ਉੱਚ-ਗੁਣਵੱਤਾ ਵਾਲੀ ਬਿਜਲੀ ਪ੍ਰਦਾਨ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਪੀ.ਐੱਸ.ਪੀ.ਸੀ.ਐੱਲ. ਪੰਜਾਬ ਦੇ ਲੋਕਾਂ ਅਤੇ ਉਦਯੋਗਾਂ ਦੀਆਂ ਵੱਧਦੀਆਂ ਬਿਜਲੀ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਇਸ ਸਬੰਧੀ ਲੋੜੀਂਦੇ ਪ੍ਰਬੰਧ ਲਗਾਤਾਰ ਮਜ਼ਬੂਤੀ ਨਾਲ ਕੀਤੇ ਜਾਂਦੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਪਿੰਡਾਂ ਵਿਚ ਭਿਆਨਕ ਬਣੇ ਹਾਲਾਤ, ਡਰਦੇ ਘਰਾਂ 'ਚੋਂ ਬਾਹਰ ਨਹੀਂ ਨਿਕਲ ਰਹੇ ਲੋਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e