ਅੱਤਵਾਦੀਆਂ ਦੀ ਕਾਇਰਾਨਾ ਹਰਕਤ ਹੈ ਪੁਲਵਾਮਾ ਹਮਲਾ : ਹਰਪਾਲ ਚੀਮਾ

02/16/2019 10:27:41 AM

ਚੰਡੀਗੜ੍ਹ (ਰਮਨਜੀਤ)— ਪੁਲਵਾਮਾ ਅੱਤਵਾਦੀ ਹਮਲੇ ਦੀ ਜ਼ੋਰਦਾਰ ਸ਼ਬਦਾਂ 'ਚ ਨਿਖੇਧੀ ਕਰਦੇ ਹੋਏ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਇਕ ਬੇਹੱਦ ਕਾਇਰਾਨਾ ਹਰਕਤ ਹੈ, ਮੋਦੀ ਸਰਕਾਰ ਪਾਕਿਸਤਾਨ ਸਮੇਤ ਦੇਸ਼ ਵਿਰੋਧੀ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵੇ। ਚੀਮਾ ਨੇ ਸ਼ਹੀਦ ਜਵਾਨਾਂ ਨੂੰ ਸਲਾਮ ਕਰਦੇ ਹੋਏ ਕਿਹਾ ਕਿ ਦੇਸ਼ ਲਈ ਦਿੱਤਾ ਗਿਆ ਇਹ ਬਲੀਦਾਨ ਅਜਾਈਂ ਨਹੀਂ ਜਾਵੇਗਾ। ਆਮ ਆਦਮੀ ਪਾਰਟੀ ਸਮੇਤ ਪੂਰਾ ਦੇਸ਼ ਸ਼ਹੀਦਾਂ ਦੇ ਬਲੀਦਾਨ ਨੂੰ ਸਿਜਦਾ ਕਰਦਾ ਹੋਇਆ, ਉਨ੍ਹਾਂ ਦੇ ਪਰਿਵਾਰਾਂ ਨਾਲ ਡਟ ਕੇ ਖੜ੍ਹਾ ਹੈ। ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿਧਾਨ ਸਭਾ ਦੇ ਅੰਦਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਮੰਗ ਕੀਤੀ ਕਿ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਏ ਦੀ ਨਕਦ ਵਿੱਤੀ ਸਹਾਇਤਾ ਅਤੇ ਪਰਿਵਾਰ ਦੇ ਇਕ ਯੋਗ ਮੈਂਬਰ ਨੂੰ ਸਰਕਾਰੀ ਨੌਕਰੀ ਦਾ ਐਲਾਨ ਕੀਤਾ ਜਾਵੇ।

ਮੀਡੀਆ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ 'ਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੁਲਵਾਮਾ ਅੱਤਵਾਦੀ ਹਮਲੇ ਦਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ (ਕਾਰੀਡੋਰ) 'ਤੇ ਕੋਈ ਪ੍ਰਭਾਵ ਨਹੀਂ ਪੈਣਾ ਚਾਹੀਦਾ। ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨਾਲ ਜੋੜ ਕੇ ਅੱਤਵਾਦੀ ਹਮਲਿਆਂ ਦੀ ਗੱਲ ਨਹੀਂ ਕਰਨੀ ਚਾਹੀਦੀ ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਤਾਂ ਸਰਬੱਤ ਦੇ ਭਲੇ ਦੇ ਮਾਰਗ ਦਰਸ਼ਕ ਸਨ। ਇਸ ਮੌਕੇ ਚੀਮਾ ਨਾਲ ਵਿਧਾਇਕ ਸਰਬਜੀਤ ਕੌਰ ਮਾਣੂੰਕੇ, ਪ੍ਰਿੰਸੀਪਲ ਬੁੱਧਰਾਮ, ਮੀਤ ਹੇਅਰ, ਅਮਰਜੀਤ ਸਿੰਘ ਸੰਦੋਆ, ਕੁਲਵੰਤ ਸਿੰਘ ਪੰਡੋਰੀ, ਜੈ ਕ੍ਰਿਸ਼ਨ ਸਿੰਘ ਰੋੜੀ ਅਤੇ ਸਟੇਟ ਮੀਡੀਆ ਇੰਚਾਰਜ ਮਨਜੀਤ ਸਿੰਘ ਵੀ ਮੌਜੂਦ ਸਨ।


shivani attri

Content Editor

Related News