ਹਰਿਆਣਾ ''ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਮਿਲਣ ਸਜ਼ਾਵਾਂ: ਭਾਈ ਲੌਂਗੋਵਾਲ

Friday, May 15, 2020 - 05:37 PM (IST)

ਹਰਿਆਣਾ ''ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਮਿਲਣ ਸਜ਼ਾਵਾਂ: ਭਾਈ ਲੌਂਗੋਵਾਲ

ਅੰਮ੍ਰਿਤਸਰ (ਦੀਪਕ ਸ਼ਰਮਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਆਣਾ 'ਚ ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਲੋਕਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਹਰਿਆਣਾ 'ਚ ਪਹੇਵਾ ਦੇ ਨੇੜੇ ਮਿਸਤਰੀ ਵਾਲਾ ਡੇਰਾ ਪਿੰਡ ਗੁੰਮਥਲਾ ਗੜੀ ਕੋਲ ਅਣਪਛਾਤੇ ਵਿਅਕਤੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਬੇਅਦਬੀ ਕੀਤੀ ਗਈ ਪਰ ਇਸ ਦੇ ਦੋਸ਼ੀਆਂ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ। ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਵਿਖੇ ਵਾਪਰੀ ਇਸ ਮੰਦਭਾਗੀ ਘਟਨਾ ਦੀ ਨਿੰਦਾ ਕਰਦਿਆਂ ਦੋਸ਼ੀਆਂ ਨੂੰ ਜਲਦ ਸਾਹਮਣੇ ਲਿਆ ਕੇ ਸਖਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਗਈ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਾਨਵਤਾ ਦੇ ਸਰਬਸਾਂਝੇ ਗੁਰੂ ਹਨ ਅਤੇ ਇਸ ਪਾਵਨ ਗ੍ਰੰਥ ਦੀ ਬੇਅਦਬੀ ਕਰਨ ਵਾਲੇ ਬਖ਼ਸ਼ੇ ਨਹੀਂ ਜਾਣੇ ਚਾਹੀਦੇ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਹਰਿਆਣਾ ਸਰਕਾਰ ਨੂੰ ਪੱਤਰ ਵੀ ਲਿਖੇਗੀ। 

ਇਸ ਦੌਰਾਨ ਭਾਈ ਲੌਂਗੋਵਾਲ ਨੇ ਹਰਿਆਣਾ ਦੇ ਹੀ ਕੁਰੂਕੁਸ਼ੇਤਰ ਵਿਖੇ ਸਿੱਖ ਧਰਮ ਵਿਰੁੱਧ ਗਲਤ ਟਿੱਪਣੀਆਂ ਕਰਨ ਵਾਲੇ ਵਿਅਕਤੀ ਖਿਲਾਫ ਵੀ ਕਾਰਵਾਈ ਦੀ ਮੰਗ ਕੀਤੀ ਹੈ। ਜਾਣਕਾਰੀ ਮੁਤਾਬਕ ਮਲਕੀਤ ਸਿੰਘ ਨਾਂ ਦੇ ਵਿਅਕਤੀ ਵੱਲੋਂ ਸਿੱਖਾਂ ਵਿਰੁੱਧ ਕੂੜ ਪ੍ਰਚਾਰ ਕਰਨ 'ਤੇ ਹਰਿਆਣਾ ਦੀਆਂ ਸੰਗਤਾਂ ਅੰਦਰ ਭਾਰੀ ਰੋਸ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਅਜਿਹੇ ਲੋਕਾਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ, ਜੋ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਦੇ ਹਨ।


author

Iqbalkaur

Content Editor

Related News