''ਪ੍ਰਧਾਨ ਮੰਤਰੀ ਕਿਸਾਨ'' ਯੋਜਨਾ ਦਾ ਲਾਭ ਲੈਣਗੇ 14 ਲੱਖ ਹੋਰ ਕਿਸਾਨ
Tuesday, Jun 18, 2019 - 01:42 PM (IST)
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਦੇ 14 ਲੱਖ ਹੋਰ ਕਿਸਾਨਾਂ ਨੂੰ ਕੇਂਦਰ ਸਰਕਾਰ ਦੀ 'ਪ੍ਰਧਾਨ ਮੰਤਰੀ ਕਿਸਾਨ ਸਮਾਨ ਨਿਧੀ ਯੋਜਨਾ' ਦਾ ਫਾਇਦਾ ਮਿਲਣ ਵਾਲਾ ਹੈ। ਇਸ ਯੋਜਨਾ ਨੂੰ ਸਫਲਤਾ ਪੂਰਵਕ ਲਾਗੂ ਕਰਨ ਲਈ ਦੋਹਾਂ ਸੂਬਿਆਂ ਦੀਆਂ ਸਰਕਾਰਾਂ ਆਪਣੀ ਪੂਰੀ ਵਾਹ ਲਾ ਰਹੀਆਂ ਹਨ। ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦੀ ਪਹਿਲੀ ਕੈਬਨਿਟ ਮੀਟਿੰਗ 'ਚ ਕਿਸਾਨਾਂ ਨੂੰ ਵੱਡੀ ਸੌਗਾਤ ਦਿੱਤੀ ਗਈ ਸੀ। ਉਕਤ ਯੋਜਨਾ ਤਹਿਤ ਹੁਣ ਸਾਰੇ ਕਿਸਾਨਾਂ ਨੂੰ ਸਾਲਾਨਾ 6,000 ਰੁਪਏ ਮਿਲਣਗੇ ਅਤੇ ਇਸ ਤੋਂ ਇਲਾਵਾ ਕਿਸਾਨਾਂ ਲਈ ਪੈਨਸ਼ਨਲ ਯੋਜਨਾ ਦਾ ਵੀ ਐਲਾਨ ਕੀਤਾ ਗਿਆ ਸੀ।
ਦੱਸ ਦੇਈਏ ਕਿ ਇਹ ਯੋਜਨਾ ਪਹਿਲਾਂ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਸੀ ਪਰ ਹੁਣ ਇਸ 'ਚ ਸਾਰੇ ਕਿਸਾਨਾਂ ਨੂੰ ਸ਼ਾਮਲ ਕਰ ਲਿਆ ਗਿਆ ਹੈ। ਇਸ ਬਾਰੇ ਪੰਜਾਬ ਐਗਰੀਕਲਚਰ ਸਕੱਤਰ ਕੇ. ਐੱਸ. ਪੰਨੂ ਦਾ ਕਹਿਣਾ ਹੈ ਕਿ ਇਸ ਯੋਜਨਾ ਨੂੰ ਲਾਗੂ ਕਰਨ ਲਈ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੇ 18.92 ਲੱਖ ਕਿਸਾਨਾਂ ਨੇ ਇਸ ਯੋਜਨਾ ਦਾ ਲਾਭ ਲੈਣ ਲਈ ਅਪਲਾਈ ਕੀਤਾ ਹੋਇਆ ਹੈ। ਇਸੇ ਤਰ੍ਹਾਂ ਗੁਆਂਢੀ ਸੂਬੇ ਹਰਿਆਣਾ 'ਚ 13.31 ਲੱਖ ਕਿਸਾਨਾਂ ਨੂੰ ਇਸ ਸਕੀਮ ਦਾ ਲਾਭ ਮਿਲੇਗਾ।