ਪੂਰੇ ਪੰਜਾਬ ਨੇ ਭਾਜਪਾ ਦੇ ਪ੍ਰਤੀ ਆਪਣਾ ਗੁੱਸਾ ਜ਼ਾਹਰ ਕੀਤਾ : ਜਾਖੜ

10/27/2020 12:41:50 AM

ਜਲੰਧਰ,(ਧਵਨ)- ਪੰਜਾਬ ਨੇ ਭਾਜਪਾ ਦੇ ਪ੍ਰਤੀ ਆਪਣਾ ਗੁੱਸਾ ਦੁਸਹਿਰੇ ਵਾਲੇ ਦਿਨ ਪ੍ਰਗਟ ਕਰ ਦਿੱਤਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਜਿਸ ਤਰ੍ਹਾਂ ਦੁਸਹਿਰੇ ਵਾਲੇ ਦਿਨ ਪ੍ਰਧਾਨ ਮੰਤਰੀ ਦੇ ਪੁਤਲੇ ਸਾੜੇ ਹਨ ਉਸ ਤੋਂ ਸਾਫ਼ ਹੁੰਦਾ ਹੈ ਕਿ ਉਨ੍ਹਾਂ ਦੇ ਅੰਦਰ ਕੇਂਦਰੀ ਖੇਤੀਬਾੜੀ ਬਿੱਲਾਂ ਨੂੰ ਲੈ ਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਖੇਤੀਬਾੜੀ ਬਿੱਲਾਂ ਨੂੰ ਜਾਂ ਤਾਂ ਵਾਪਸ ਲੈਣਾ ਚਾਹੀਦਾ ਹੈ ਜਾਂ ਉਸ ਵਿਚ ਸੋਧ ਕਰਨੀ ਚਾਹੀਦੀ ਹੈ ਜਿਵੇਂ ਕ‌ਿ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਨੂੰ ਸੁਝਾਅ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਆਪਣਾ ਗੁੱਸਾ ਜ਼ਾਹਰ ਕਰ ਰਹੇ ਹਨ ਪਰ ਜੇਕਰ ਕੇਂਦਰ ਸਰਕਾਰ ਟੱਸ ਤੋਂ ਮਸ ਨਾ ਹੋਈ ਤਾਂ ਇਹ ਮੁੱਦਾ ਕਾਨੂੰਨ ਵਿਵਸਥਾ ਨਾਲ ਜੁੜਿਆ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼ਾਂਤੀ ਨੂੰ ਬਣਾਈ ਰੱਖਣ ਲਈ ਜਰੂਰੀ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਸੁਣੇ ਅਤੇ ਉਨ੍ਹਾਂ ਦੇ ਮਸਲਿਆਂ ਦਾ ਹੱਲ ਕਰੇ।

ਸੂਬਾ ਪ੍ਰਧਾਨ ਨੇ ਕਿਹਾ ਕਿ ਹਰਿਆਣੇ ਦੇ ਇਕ-ਦੋ ਥਾਵਾਂ 'ਤੇ ਸ਼ਾਂਤੀ ਭੰਗ ਹੋਣ ਤੋਂ ਪਤਾ ਚੱਲਦਾ ਹੈ ਕਿ ਕਿਸਾਨ ਸੰਗਠਨਾਂ ਅਤੇ ਯੂਨੀਅਨਾਂ ਦੇ ਅੰਦਰ ਕੇਂਦਰ ਦੇ ਪ੍ਰਤੀ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਹੁਣ ਵੀ ਆਪਣੀਆਂ ਅੱਖਾਂ ਖੋਲ੍ਹ ਲੈਣੀਆਂ ਚਾਹੀਦੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਨੂੰ ਆਪਣੀ ਸਾਖ ਦਾ ਸਵਾਲ ਨਹੀਂ ਬਣਾਉਣਾ ਚਾਹੀਦਾ ਹੈ ਸਗੋਂ ਕਿਸਾਨਾਂ ਦੇ ਨਾਲ ਗੱਲਬਾਤ ਕਰਕੇ ਮਸਲੇ ਦਾ ਹੱਲ ਕੱਢਣਾ ਚਾਹੀਦਾ ਹੈ। ਕਾਂਗਰਸ ਨੇਤਾ ਨੇ ਕਿਹਾ ਕਿ ਅਸਲ ਵਿਚ ਹੁਣ ਕਿਸਾਨਾਂ ਨੇ ਪੰਜਾਬ ਵਿਚ ਰੇਲ ਪਟੜੀਆਂ ਤੋਂ ਜਾਮ ਨੂੰ ਹਟਾ ਕੇ ਸਹਿਯੋਗ ਦਿੱਤਾ ਹੈ ਪਰ ਕੇਂਦਰ ਹੁਣ ਵੀ ਇਸ ਮਾਮਲੇ ਵਿਚ ਸਹਿਯੋਗ ਨਹੀਂ ਦੇ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਪੂਰੇ ਦੇਸ਼ ਦੀ ਪ੍ਰਤੀਨਿਧਤਾ ਕਰਦੇ ਹਨ ਅਤੇ ਉਨ੍ਹਾਂ ਨੂੰ ਮਾਮਲੇ ਦਾ ਹੱਲ ਕੱਢਣਾ ਚਾਹੀਦਾ ਹੈ।

Deepak Kumar

This news is Content Editor Deepak Kumar