ਪੰਜਾਬ ਦੀਆਂ ਨਹਿਰਾਂ ਵਿਚ 2 ਤੋਂ 9 ਫਰਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

02/01/2021 4:43:50 PM

ਚੰਡੀਗੜ੍ਹ : ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਹਾੜੀ ਦੀਆਂ ਫ਼ਸਲਾਂ ਲਈ 2 ਤੋਂ 9 ਫਰਵਰੀ, 2021 ਤੱਕ ਨਹਿਰਾਂ ਵਿਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ-ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਭਾਖੜਾ ਮੇਨ ਲਾਈਨ (ਬੀ.ਐੱਮ.ਐੱਲ.) ਦੀਆਂ ਸਿੱਧੀਆਂ ਨਹਿਰਾਂ, ਜੋ ਗਰੁੱਪ ‘ਏ’ ਵਿਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂਕਿ ਘੱਗਰ ਲਿੰਕ ਅਤੇ ਇਸ ਵਿਚੋਂ ਨਿਕਲਦੀਆਂ ਨਹਿਰਾਂ ਜਿਵੇਂ ਘੱਗਰ ਬ੍ਰਾਂਚ ਤੇ ਪਟਿਆਲਾ ਮਾਈਨਰ, ਜੋ ਗਰੁੱਪ ‘ਬੀ’ ਵਿਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦੇ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਹਰੀਕੇ ਸਿਸਟਮ ਦੇ ਗਰੁੱਪ ‘ਏ’ ਦੀਆਂ ਨਹਿਰਾਂ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਅਤੇ ਗਰੁੱਪ ‘ਬੀ’ ਦੇ ਰਜਬਾਹਿਆਂ ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ। ਉਨ੍ਹਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੋਆਬ ਕੈਨਾਲ ਵਿਚੋਂ ਨਿਕਲਦੀ ਸਭਰਾਓਂ ਬ੍ਰਾਂਚ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂਕਿ ਕਸੂਰ ਬ੍ਰਾਂਚ ਲੋਅਰ, ਮੇਨ ਬ੍ਰਾਂਚ ਲੋਅਰ ਤੇ ਲਾਹੌਰ ਬ੍ਰਾਂਚ ਅਤੇ ਇਨਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

Gurminder Singh

This news is Content Editor Gurminder Singh