ਅਕਾਲੀ ਦਲ ਵੱਲੋਂ 12 ਦੇ ਰੋਸ ਧਰਨੇ ''ਚ ਵੱਡੀ ਗਿਣਤੀ ''ਚ ਵਰਕਰ ਪਹੁੰਚਣਗੇ : ਲਾਲੀ ਬਾਜਵਾ
Sunday, Jun 11, 2017 - 12:45 PM (IST)

ਹੁਸ਼ਿਆਰਪੁਰ, (ਘੁੰਮਣ) - ਪੰਜਾਬ ਦੀ ਨਵੀਂ ਬਣੀ ਕਾਂਗਰਸ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਨੂੰ ਲੈ ਕੇ ਤੇ ਲੋਕਾਂ ਨਾਲ ਕੀਤੇ ਝੂਠੇ ਵਾਅਦਿਆਂ ਨੂੰ ਪੂਰਾ ਨਾ ਕਰਨ ਤੇ ਲੋਕ ਮਾਰੂ ਨੀਤੀਆਂ ਦੇ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਤੇ ਗਏ ਜ਼ਿਲਾ ਪੱਧਰੀ ਰੋਸ ਪ੍ਰਦਰਸ਼ਨਾਂ ਦੇ ਸੱਦੇ ਤਹਿਤ ਜ਼ਿਲਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਸਾਹਮਣੇ 12 ਜੂਨ ਨੂੰ ਸਵੇਰੇ 10 ਵਜੇ ਤੋਂ 12 ਵਜੇ ਤੱਕ ਵੱਡੇ ਪੱਧਰ 'ਤੇ ਰੋਸ ਧਰਨਾ ਦਿੱਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਜਤਿੰਦਰ ਸਿੰਘ ਲਾਲੀ ਬਾਜਵਾ ਜ਼ਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਨੇ ਦੱਸਿਆ ਕਿ ਇਸ ਧਰਨੇ 'ਚ ਜ਼ਿਲੇ ਭਰ ਤੋਂ ਵੱਡੀ ਗਿਣਤੀ 'ਚ ਅਕਾਲੀ ਦਲ ਦੇ ਵਰਕਰ ਤੇ ਅਹੁਦੇਦਾਰ ਸ਼ਾਮਲ ਹੋਣਗੇ ਤਾਂ ਜੋ ਇਸ ਗੂੰਗੀ-ਬੋਲੀ ਸਰਕਾਰ ਦੇ ਕੰਨਾਂ ਤੱਕ ਆਵਾਜ਼ ਪਹੁੰਚਾਈ ਜਾ ਸਕੇ।
ਲਾਲੀ ਬਾਜਵਾ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ, ਉਨ੍ਹਾਂ ਵਿਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਅੱਜ ਸੂਬੇ ਦੇ ਹਾਲਾਤ ਖਰਾਬ ਹੋ ਰਹੇ ਹਨ, ਜਿਸ ਨੂੰ ਕਾਬੂ ਕਰਨ 'ਚ ਸਰਕਾਰ ਅਸਫ਼ਲ ਸਿੱਧ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ ਪਰ ਇਸ ਸਰਕਾਰ ਵੱਲੋਂ ਕਿਸਾਨਾਂ ਨੂੰ ਜੋ ਕਰਜ਼ਾ ਮੁਆਫ਼ੀ ਦਾ ਸਬਜ਼ਬਾਗ ਦਿਖਾਇਆ ਗਿਆ ਸੀ, ਨੂੰ ਵੀ ਠੰਡੇ ਬਸਤੇ 'ਚ ਪਾ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਇਹ ਸਰਕਾਰ ਸਿਰਫ ਆਪਣਾ ਸਮਾਂ ਲੰਘਾ ਰਹੀ ਹੈ, ਜਦਕਿ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਵਿਕਾਸ ਦੀ ਹਨੇਰੀ ਚੱਲੀ ਤੇ ਪਿੰਡਾਂ ਤੇ ਸ਼ਹਿਰਾਂ 'ਚ ਨਿਰਵਿਘਨ ਵਿਕਾਸ ਕਾਰਜ ਚੱਲਦੇ ਰਹੇ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਕਾਂਗਰਸ ਸਰਕਾਰ ਨੂੰ ਸੱਤਾ 'ਚ ਲਿਆ ਕੇ ਪਛਤਾ ਰਹੇ ਹਨ।