ਪੰਜਾਬ ਦੇ ਕਿਸਾਨ ਰਾਸ਼ਟਰ ਵਿਰੋਧੀ ਨਹੀਂ, ਮੰਗ ਰਹੇ ਹਨ ਆਪਣਾ ਹੱਕ : ਕੈਪਟਨ

11/04/2020 7:15:47 PM

ਚੰਡੀਗੜ੍ਹ/ਨਵੀਂ ਦਿੱਲੀ,(ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬੀ ਸਰਹੱਦਾਂ 'ਤੇ ਤਾਇਨਾਤ ਹਨ ਜੋ ਬਹੁਤ ਮੁਸ਼ਕਿਲ ਹਾਲਤ 'ਚ ਦੇਸ਼ ਲਈ ਲੜਦੇ ਰਹੇ ਹਨ ਅਤੇ ਦੇਸ਼ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਉਨ੍ਹਾਂ ਨੇ ਆਪਣਾ ਖੂਨ ਵੀ ਵਹਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕੋਈ ਵੀ ਨਾਗਰਿਕ ਕਿਸੇ ਵੀ ਦੇਸ਼ ਵਿਰੋਧੀ ਗਤੀਵਿਧੀ 'ਚ ਸ਼ਾਮਲ ਹੋਣ ਸੰਬੰਧੀ ਸੋਚ ਵੀ ਨਹੀਂ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਸਰਕਾਰ ਵਲੋਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਜਾਂ ਲੋਕਾਂ ਦੀ ਰੋਜ਼ੀ-ਰੋਟੀ ਨੂੰ ਲੱਤ ਮਾਰਨ ਜਿਹਾ ਕਦਮ ਚੁੱਕਣ ਨਾਲ ਗੁੱਸਾ ਤੇ ਰੋਸ ਪੈਦਾ ਹੋਣਾ ਸੁਭਾਵਿਕ ਹੈ। ਕਿਸਾਨ ਇਸ ਕਾਰਣ ਪ੍ਰਦਰਸ਼ਨ ਕਰ ਰਹੇ ਹਨ ਕਿਉਂਕਿ ਨਵੇਂ ਕੇਂਦਰੀ ਕਾਨੂੰਨ ਜਿਥੇ ਉਨ੍ਹਾਂ ਨੂੰ ਤਬਾਹ ਕਰ ਦੇਣਗੇ, ਉਥੇ ਹੀ ਉਨ੍ਹਾਂ ਦੇ ਬੱਚਿਆਂ ਦੇ ਮੂੰਹ 'ਚੋਂ ਨਿਵਾਲਾ ਵੀ ਖੋਹ ਲੈਣਗੇ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਦੇਸ਼ ਲਈ ਆਪਣਾ ਖੂਨ ਵਹਾਉਣ ਲਈ ਤਿਆਰ ਹਾਂ, ਜਿਵੇਂ ਕਿ ਪੰਜਾਬੀ ਹਮੇਸ਼ਾ ਹੀ ਕਰਦੇ ਆਏ ਹਨ। ਮੁੱਖ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਕਿਸਾਨਾਂ ਦੇ ਮਾਮਲਿਆਂ ਨੂੰ ਹੱਲ ਕਰਨ 'ਚ ਅਸਫਲਤਾ ਬੇਚੈਨੀ ਦਾ ਕਾਰਣ ਬਣੇਗੀ, ਜਿਸ ਨੂੰ ਦੇਖਦੇ ਹੋਏ ਚੀਨ ਤੇ ਪਾਕਿਸਤਾਨ ਦੋਵੇਂ ਦੇਸ਼ ਦੀ ਰਾਸ਼ਟਰੀ ਸੁਰੱਖਿਆ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਦੁਰਦਸ਼ਾ ਨੂੰ ਦੇਖਣ ਜੋ ਪੰਜਾਬ ਦੇ ਕਿਸਾਨੀ ਭਾਈਚਾਰੇ ਦਾ 75 ਫੀਸਦੀ ਹਿੱਸਾ ਹੈ।

ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਹੋਣ ਦੇ ਨਾਤੇ, ਉਹ ਸਰਹੱਦਾਂ 'ਤੇ ਹੋਣ ਵਾਲੇ ਖਤਰਿਆਂ ਤੋਂ ਜਾਣੂ ਹਨ, ਜਿਸ 'ਚ ਪਾਕਿਸਤਾਨ ਅੱਤਵਾਦੀਆਂ ਅਤੇ ਗੈਂਗਸਟਰਾਂ ਲਈ ਹਰ ਰੋਜ਼ 1-3 ਡਰੋਨਾਂ ਜ਼ਰੀਏ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਕਰਦਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਜੇਕਰ ਪੰਜਾਬ 'ਚ ਮੁਸ਼ਕਿਲ ਸਾਹਮਣੇ ਆਵੇਗੀ ਤਾਂ ਪੂਰੇ ਦੇਸ਼ ਦੀ ਸੁਰੱਖਿਆ ਦਾਅ 'ਤੇ ਲੱਗ ਜਾਵੇਗੀ। ਪੰਜਾਬ ਦੇ ਕਿਸਾਨਾਂ ਖਿਲਾਫ ਰਾਸ਼ਟਰ ਵਿਰੋਧੀ ਹੋਣ ਦੇ ਲਗਾਏ ਦੋਸ਼ਾਂ ਨੂੰ ਸਿਰੇ ਤੋਂ ਖਾਰਿਜ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਦਿੱਲੀ 'ਚ ਕੇਂਦਰ ਦੇ ਨਾਲ ਟਕਰਾਅ ਕਰਨ ਨਹੀਂ ਆਏ ਬਲਕਿ ਗਰੀਬ ਕਿਸਾਨਾਂ ਦੇ ਲਈ ਇਨਸਾਫ ਦੀ ਲੜਾਈ ਲੜਨ ਲਈ ਆਏ ਹਨ। ਜਿਨ੍ਹਾਂ ਦੀ ਰੋਜ਼ੀ-ਰੋਟੀ ਕੇਂਦਰੀ ਖੇਤੀ ਕਾਨੂੰਨਾਂ ਦੇ ਕਾਰਣ ਖਤਰੇ 'ਚ ਪਈ ਹੋਈ ਹੈ। ਉਨ੍ਹਾਂ ਨੇ ਪੰਜਾਬ ਦੇ ਕਿਸਾਨਾਂ ਦੇ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅਪਣਾਉਣ ਦੇ ਸੁਝਾਅ ਨੂੰ ਰੱਦ ਕਰਦੇ ਹੋਏ ਕਿਹਾ ਕਿ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਪੂਰੀ ਤਰ੍ਹਾਂ ਸ਼ਾਂਤਮਈ ਹੈ।

Deepak Kumar

This news is Content Editor Deepak Kumar