ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀ-ਬੋਰਡ ਪ੍ਰੀਖਿਆਵਾਂ 6 ਤੋਂ ਸ਼ੁਰੂ
Wednesday, Jan 03, 2018 - 12:11 PM (IST)
ਅੰਮ੍ਰਿਤਸਰ (ਦਲਜੀਤ) - ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 10ਵੀਂ ਤੇ 12ਵੀਂ ਜਮਾਤਾਂ ਦੀਆਂ ਪ੍ਰੀ-ਬੋਰਡ ਪ੍ਰੀਖਿਆਵਾਂ 6 ਤੋਂ 16 ਜਨਵਰੀ ਤੱਕ ਲਈਆਂ ਜਾਣਗੀਆਂ। ਸਿੱਖਿਆ ਵਿਭਾਗ ਨੇ ਉਕਤ ਪ੍ਰੀਖਿਆਵਾਂ ਲਈ ਸਖਤ ਸੁਰੱਖਿਆ ਪ੍ਰਬੰਧ ਕਰ ਲਏ ਹਨ। ਵਿਭਾਗ ਨੇ ਪ੍ਰੀਖਿਆਵਾਂ ਦੇ ਮੱਦੇਨਜ਼ਰ ਉੱਡਣ ਦਸਤੇ ਵੀ ਤਿਆਰ ਕਰ ਲਏ ਹਨ। ਇਹ ਪ੍ਰੀਖਿਆਵਾਂ ਸਕੂਲ ਪੱਧਰ 'ਤੇ ਲਈਆਂ ਜਾਣਗੀਆਂ। ਜਾਣਕਾਰੀ ਅਨੁਸਾਰ ਵਿਭਾਗ ਵੱਲੋਂ ਜਾਰੀ ਪੱਤਰ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਉਕਤ ਪ੍ਰੀਖਿਆਵਾਂ ਸਿੱਖਿਆ ਬੋਰਡ ਵੱਲੋਂ ਨਿਰਧਾਰਤ ਨਿਯਮਾਂ ਦੇ ਤਹਿਤ ਹੀ ਲਈਆਂ ਜਾਣਗੀਆਂ। ਪ੍ਰੀਖਿਆਵਾਂ 'ਚ ਸਿਲੇਬਸ 'ਚੋਂ ਪੇਪਰ ਪਾਇਆ ਜਾਵੇ। ਜ਼ਿਲਾ ਸਿੱਖਿਆ ਅਧਿਕਾਰੀ ਸੈਕੰਡਰੀ ਮੈਡਮ ਸੁਨੀਤਾ ਕਿਰਨ ਨੇ ਦੱਸਿਆ ਕਿ ਵਿਭਾਗ ਵੱਲੋਂ ਜਾਰੀ ਪੱਤਰ ਉਨ੍ਹਾਂ ਨੂੰ ਪ੍ਰਾਪਤ ਹੋ ਗਿਆ ਹੈ। ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਹੀ ਪ੍ਰੀਖਿਆਵਾਂ ਲਈਆਂ ਜਾਣਗੀਆਂ। ਸਕੂਲ ਮੁਖੀਆਂ ਨੂੰ ਹਦਾਇਤ ਕਰ ਦਿੱਤੀ ਗਈ ਹੈ ਕਿ ਉਹ ਸਕੂਲ ਪੱਧਰ 'ਤੇ ਸਖਤ ਪ੍ਰਬੰਧਾਂ ਤਹਿਤ ਪ੍ਰੀਖਿਆ ਲੈਣ। ਉਨ੍ਹਾਂ ਦੱਸਿਆ ਕਿ ਉਕਤ ਪ੍ਰੀਖਿਆਵਾਂ ਲਈ ਵਿਸ਼ੇਸ਼ ਉੱਡਣ ਦਸਤੇ ਤਾਇਨਾਤ ਕੀਤੇ ਜਾਣਗੇ, ਜੋ ਸਕੂਲੀ ਸੈਂਟਰਾਂ 'ਤੇ ਬਾਜ ਅੱਖ ਬਣਾਈ ਰੱਖਣਗੇ।
