ਪੰਜਾਬ 'ਚ ਵੱਡੀ ਵਾਰਦਾਤ! ਮਾਪਿਆਂ ਦੇ ਇਕਲੌਤੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ
Sunday, May 03, 2026 - 06:31 AM (IST)
ਚੌਂਕ ਮਹਿਤਾ (ਕੈਪਟਨ) : ਅਣਪਛਾਤੇ ਵਿਅਕਤੀਆਂ ਵੱਲੋਂ ਇਕ ਨੌਜਵਾਨ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦੇਣ ਦਾ ਇਕ ਬਹੁਤ ਹੀ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਅਮਰਜੋਤ ਸਿੰਘ ਵਜੋਂ ਹੋਈ ਹੈ, ਜੋ ਨੇੜਲੇ ਪਿੰਡ ਮਹਿਸਮਪੁਰ ਕਲਾਂ ਦਾ ਰਹਿਣ ਵਾਲਾ ਸੀ। ਜ਼ਿਕਰਯੋਗ ਹੈ ਕਿ ਅਮਰਜੋਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਅਮਰਜੋਤ ਸਿੰਘ ਪਿੰਡ ਦੇ ਬਾਹਰਵਾਰ ਸਥਿਤ ਇਕ ਡੇਅਰੀ 'ਤੇ ਪਨੀਰ ਖਰੀਦਣ ਲਈ ਗਿਆ ਸੀ। ਉੱਥੇ ਕੁਝ ਕਾਰ ਸਵਾਰ ਵਿਅਕਤੀ ਆਏ, ਜੋ ਉਸ ਨੂੰ ਜਬਰੀ ਜਾਂ ਕਿਸੇ ਬਹਾਨੇ ਆਪਣੇ ਨਾਲ ਗੱਡੀ ਵਿੱਚ ਬਿਠਾ ਕੇ ਲੈ ਗਏ। ਕੁਝ ਦੂਰ ਲਿਜਾਣ ਤੋਂ ਬਾਅਦ ਉਕਤ ਹਮਲਾਵਰਾਂ ਨੇ ਨੌਜਵਾਨ ਨੂੰ ਗੋਲੀਆਂ ਮਾਰ ਦਿੱਤੀਆਂ ਅਤੇ ਉਸ ਦੀ ਲਾਸ਼ ਉੱਥੇ ਹੀ ਸੁੱਟ ਕੇ ਮੌਕੇ ਤੋਂ ਫਰਾਰ ਹੋ ਗਏ।
ਖ਼ਬਰ ਲਿਖੇ ਜਾਣ ਤੱਕ ਇਸ ਖ਼ੂਨੀ ਵਾਰਦਾਤ ਦੇ ਪਿੱਛੇ ਕੀ ਕਾਰਨ ਸਨ, ਇਸ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਮਿਲ ਸਕੀ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਸਬੰਧੀ ਹੋਰ ਵੇਰਵੇ ਲੈਣ ਲਈ ਜਦੋਂ ਥਾਣਾ ਮਹਿਤਾ ਦੇ ਐੱਸ.ਐੱਚ.ਓ. ਜਸਦੀਪ ਸਿੰਘ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਤਾਂ ਉਨ੍ਹਾਂ ਨੇ ਫ਼ੋਨ ਨਹੀਂ ਚੁੱਕਿਆ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਅਤੇ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।
