'ਆਪ' ਨਾਲ ਚੋਣ ਲੜਨ ਦੇ ਬਾਜਵਾ ਦੇ ਵਿਰੋਧ 'ਤੇ ਚੌਧਰੀ ਬੋਲੇ-ਗਠਜੋੜ ਬਰਕਰਾਰ, ਅੰਤਿਮ ਫ਼ੈਸਲਾ ਹਾਈਕਮਾਂਡ 'ਤੇ

Saturday, Dec 09, 2023 - 06:10 PM (IST)

ਚੰਡੀਗੜ੍ਹ- ਤਿੰਨ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਗਠਜੋੜ ਨੂੰ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ। ਸ਼ੁੱਕਰਵਾਰ ਨੂੰ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਚੰਡੀਗੜ੍ਹ ਸਥਿਤ ਨਿਵਾਸ 'ਤੇ ਪ੍ਰਤਾਪ ਬਾਜਵਾ ਸਮੇਤ ਪਾਰਟੀ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਹੋਈ। ਇਸ ਵਿੱਚ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਵੀ ਸ਼ਿਰਕਤ ਕੀਤੀ ਅਤੇ ਪੰਜਾਬ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਤੋਂ ਬਾਅਦ ਹਰੀਸ਼ ਚੌਧਰੀ ਵੱਲੋਂ 'ਇੰਡੀਆ' ਗਠਜੋੜ ਤਹਿਤ ਪੰਜਾਬ 'ਚ 'ਆਪ' ਨਾਲ ਸੀਟਾਂ ਦੀ ਵੰਡ ਸਬੰਧੀ ਪੁੱਛੇ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਕਾਂਗਰਸ ਅਤੇ 'ਆਪ' ਵਿਚਾਲੇ ਸਮਝੌਤਾ ਪਹਿਲਾਂ ਵਾਂਗ ਹੀ ਮੌਜੂਦ ਹੈ ਅਤੇ ਇਸ ਸਬੰਧੀ ਅੰਤਿਮ ਫ਼ੈਸਲਾ ਹਾਈਕਮਾਂਡ ਹੀ ਕਰੇਗੀ। 

ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਸੂਬੇ ਦੇ ਉੱਘੇ ਕਾਂਗਰਸੀ ਆਗੂ ਪ੍ਰਤਾਪ ਬਾਜਵਾ ‘ਆਪ’ ਨਾਲ ਕਿਸੇ ਵੀ ਸਮਝੌਤੇ ਦਾ ਵਿਰੋਧ ਕਰ ਰਹੇ ਹਨ। ਇਸ ਦੇ ਜਵਾਬ ਵਿੱਚ ਚੌਧਰੀ ਨੇ ਕਿਹਾ ਕਿ ਇਸ ਸਬੰਧੀ ਬਾਜਵਾ ਦੇ ਵਿਚਾਰ ਨਿੱਜੀ ਹਨ ਅਤੇ ਅੰਤਿਮ ਫ਼ੈਸਲਾ ਹਾਈਕਮਾਨ ਨੇ ਹੀ ਲੈਣਾ ਹੈ। ਹਾਲਾਂਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਕਾਂਗਰਸ ਅਤੇ ‘ਆਪ’ ਦੇ ਗਠਜੋੜ ਬਾਰੇ ਹਰੀਸ਼ ਚੌਧਰੀ ਨੇ ਮੀਟਿੰਗ ਮਗਰੋਂ ਕਿਹਾ ਕਿ ਮੀਟਿੰਗ ਦੌਰਾਨ ਇਸ ਵਿਸ਼ੇ ’ਤੇ ਕੋਈ ਚਰਚਾ ਨਹੀਂ ਹੋਈ। ਮੰਨਿਆ ਜਾ ਰਿਹਾ ਹੈ ਕਿ ਮੀਟਿੰਗ ਦਾ ਮਕਸਦ ‘ਆਪ’ ਨਾਲ ਸਮਝੌਤਾ ਕਰਨ ਦਾ ਮਾਹੌਲ ਬਣਾਉਣਾ ਸੀ ਕਿਉਂਕਿ ਦੂਜੇ ਪਾਸੇ ‘ਆਪ’ ਵੱਲੋਂ ਇਹ ਕੰਮ ਰਾਘਵ ਚੱਢਾ ਨੂੰ ਸੌਂਪਿਆ ਗਿਆ ਹੈ।

ਇਹ ਵੀ ਪੜ੍ਹੋ : ਪਟਿਆਲਾ ਤੋਂ ਰੂਹ ਕੰਬਾਊ ਖ਼ਬਰ: 17 ਸਾਲਾ ਪੁੱਤ ਦੀ ਹੋਈ ਮੌਤ, ਪੈਸੇ ਨਾ ਹੋਣ ਕਾਰਨ ਘਰ 'ਚ ਦੱਬੀ ਲਾਸ਼

ਸ਼ੁੱਕਰਵਾਰ ਨੂੰ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰੀਸ਼ ਚੌਧਰੀ ਨੇ ਦੱਸਿਆ ਕਿ ਇਹ ਮੀਟਿੰਗ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਰਣਨੀਤੀ ਬਣਾਉਣ ਲਈ ਬੁਲਾਈ ਗਈ ਸੀ। ਇਸ ਵਿੱਚ ਸਾਰੇ ਪਾਰਟੀ ਆਗੂਆਂ ਨੇ ਆਪਣੇ ਵਿਚਾਰ ਪ੍ਰਗਟ ਕੀਤੇ। ਵਰਨਣਯੋਗ ਹੈ ਕਿ ਆਮ ਆਦਮੀ ਪਾਰਟੀ ਚਾਰ ਰਾਜਾਂ ਵਿੱਚ ਜ਼ੋਰਦਾਰ ਚੋਣ ਪ੍ਰਚਾਰ ਕਰਕੇ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੀ।

ਕਾਂਗਰਸ ਨੂੰ ਆਪਣੇ ਦਮ 'ਤੇ ਚੋਣਾਂ ਲੜਨੀਆਂ ਚਾਹੀਦੀਆਂ ਹਨ: ਪ੍ਰਤਾਪ ਬਾਜਵਾ
ਹਰੀਸ਼ ਚੌਧਰੀ ਦੇ 'ਆਪ' ਨਾਲ ਸਮਝੌਤੇ 'ਤੇ ਦਿੱਤੇ ਬਿਆਨ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਪ੍ਰਤਾਪ ਬਾਜਵਾ ਨੇ ਕਿਹਾ ਹੈ ਕਿ ਉਹ ਅਜੇ ਵੀ ਆਪਣੇ ਪੁਰਾਣੇ ਸਟੈਂਡ 'ਤੇ ਕਾਇਮ ਹਨ। ਪੰਜਾਬ ਕਾਂਗਰਸ ਦੇ ਸਾਰੇ ਆਗੂ ਪੰਜਾਬ ਵਿੱਚ ‘ਆਪ’ ਨਾਲ ਕੋਈ ਸਮਝੌਤਾ ਨਾ ਕਰਨ ਸਬੰਧੀ ਪਹਿਲਾਂ ਹੀ ਹਾਈਕਮਾਂਡ ਨੂੰ ਆਪਣੀਆਂ ਭਾਵਨਾਵਾਂ ਤੋਂ ਜਾਣੂੰ ਕਰਵਾ ਚੁੱਕੇ ਹਨ। ਪੰਜਾਬ ਕਾਂਗਰਸ ਦੇ ਸਾਰੇ ਆਗੂ ਇਸੇ ਸੋਚ ਨਾਲ ਅੱਗੇ ਵੱਧ ਰਹੇ ਹਨ ਕਿ ਕਾਂਗਰਸ ਨੂੰ ਪੰਜਾਬ ਵਿਚ ਲੋਕ ਸਭਾ ਚੋਣਾਂ ਆਪਣੇ ਦਮ 'ਤੇ ਲੜਨੀਆਂ ਚਾਹੀਦੀਆਂ ਹਨ।

ਇਹ ਵੀ ਪੜ੍ਹੋ : ਬੇਗਾਨੇ ਮੁਲਕਾਂ ’ਚ ਪੰਜਾਬੀਆਂ ਦੀਆਂ ਹੋ ਰਹੀਆਂ ਮੌਤਾਂ ਚਿੰਤਾ ਦਾ ਵਿਸ਼ਾ, ਕਈ ਮਾਵਾਂ ਦੀਆਂ ਕੁੱਖਾਂ ਹੋਈਆਂ ਸੁੰਨੀਆਂ
ਦੋਵੇਂ ਪਾਰਟੀਆਂ ਇਕਜੁੱਟ ਹੋ ਗਈਆਂ ਤਾਂ ਪੰਜਾਬ 'ਚ ਵਿਰੋਧੀ ਕੌਣ ਹੋਵੇਗਾ: ਰੰਧਾਵਾ
ਮੀਟਿੰਗ ਤੋਂ ਬਾਅਦ ਸਾਬਕਾ ਉੱਪ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਕਾਂਗਰਸ ਅਤੇ 'ਆਪ' ਵਿਚਾਲੇ ਸਮਝੌਤੇ ਦੇ ਮੁੱਦੇ 'ਤੇ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਕਾਂਗਰਸ ਮੁੱਖ ਵਿਰੋਧੀ ਪਾਰਟੀ ਹੈ। ਜੇਕਰ ਦੋਵੇਂ ਇਕਜੁੱਟ ਹੋ ਜਾਣ ਤਾਂ ਵਿਰੋਧ ਕਰਨ ਵਾਲਾ ਕੋਈ ਨਹੀਂ ਬਚੇਗਾ। ਇਸ ਦੇ ਨਾਲ ਹੀ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਇਸ ਮੁੱਦੇ 'ਤੇ ਹਾਈਕਮਾਂਡ ਨਾਲ ਡਟ ਕੇ ਖੜ੍ਹੇ ਹਨ। ਉਨ੍ਹਾਂ ਬਿਆਨ ਦਿੱਤਾ ਸੀ ਕਿ ਜਿਹੜੇ ਲੋਕ ਹਾਈਕਮਾਂਡ ਦੇ ਫ਼ੈਸਲੇ ਨੂੰ ਨਹੀਂ ਮੰਨਦੇ ਉਨ੍ਹਾਂ ਨੂੰ ਪਾਰਟੀ ਛੱਡ ਦੇਣੀ ਚਾਹੀਦੀ ਹੈ। 

ਇਹ ਵੀ ਪੜ੍ਹੋ :  ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਡਰਾਉਣ ਲੱਗਾ ਗੰਭੀਰ ਖ਼ਤਰਾ, ਸਾਵਧਾਨ ਰਹਿਣ ਦੀ ਲੋੜ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


shivani attri

Content Editor

Related News