ਪੰਜਾਬ ਦੇ ਖੇਤੀਬਾੜੀ ਮੰਤਰੀ ਦਾ ਵੱਡਾ ਦਾਅਵਾ, ਸੂਬਾ ਸਰਕਾਰ ਕਿਸਾਨਾਂ ਨੂੰ 113 ਫ਼ਸਲਾਂ 'ਤੇ ਦੇਵੇਗੀ MSP
Tuesday, Nov 30, 2021 - 04:40 PM (IST)
ਜਲੰਧਰ (ਰਾਹੁਲ) : ਪੰਜਾਬ ਸਰਕਾਰ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਵੱਲੋਂ ਅੱਜ ਵੱਡਾ ਦਾਅਵਾ ਕੀਤਾ ਗਿਆ ਕਿ ਜੇਕਰ ਕੇਂਦਰ ਸਰਕਾਰ ਕਿਸਾਨਾਂ ਨੂੰ ਫ਼ਸਲਾਂ 'ਤੇ ਐੱਮ. ਐੱਸ. ਪੀ. ਨਹੀਂ ਦਿੰਦੀ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 113 ਫ਼ਸਲਾਂ 'ਤੇ ਐੱਮ. ਐੱਸ. ਪੀ. ਦੇਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਉਨ੍ਹਾਂ ਦੀ ਕੇਂਦਰੀ ਮੰਤਰੀ ਦੇ ਨਾਲ ਗੱਲਬਾਤ ਹੋਈ ਸੀ, ਜਿਸ ਦੌਰਾਨ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਕਿਸਾਨਾਂ ਦੀਆਂ ਇਹ ਮੰਗਾਂ ਜ਼ਰੂਰ ਮੰਨੀਆਂ ਜਾਣਗੀਆਂ। ਖੇਤੀਬਾੜੀ ਮੰਤਰੀ ਨੇ ਇਹ ਵੀ ਭਰੋਸਾ ਦੁਆਇਆ ਕਿ ਕਿਸਾਨਾਂ ਦੀਆਂ ਬਾਕੀ ਰਹਿੰਦੀਆਂ ਮੰਗਾਂ ਵੀ ਅਗਲੀ ਮੀਟਿੰਗ ਵਿਚ ਕੇਂਦਰ ਸਰਕਾਰ ਮੰਨ ਲਵੇਗੀ।
ਖੇਤੀਬਾੜੀ ਮੰਤਰੀ ਨੇ ਇਹ ਵੀ ਦਾਅਵਾ ਕੀਤਾ ਕਿ ਜਲਦ ਹੀ 7 ਸਾਲਾਂ ਲਈ ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਜਾਵੇਗਾ। ਕਿਸਾਨਾਂ ਨੂੰ ਝੋਨੇ ਤੇ ਕਣਕ ਦੀ ਫ਼ਸਲ ਤੋਂ ਬਦਲ ਮਿਲੇਗਾ। ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਪਿਛਲੇ 25 ਸਾਲਾਂ ਤੋਂ ਖੇਤੀਬਾੜੀ ਸੈਕਟਰ ਨੂੰ ਨਜ਼ਰ-ਅੰਦਾਜ਼ ਕੀਤਾ ਗਿਆ ਸੀ ਪਰ ਹੁਣ ਕਿਸਾਨਾਂ ਨੂੰ ਅਸੀਂ ਹਰ ਮੁਸ਼ਕਲ ਦਾ ਹੱਲ ਦੇਵਾਂਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਸਬਸਿਡੀ 'ਤੇ ਖੇਤੀ ਸੰਦ ਦੇ ਰਹੀ ਹੈ। ਇਸ ਤੋਂ ਇਲਾਵਾ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਅਸੀਂ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲੇ ਅੰਦੋਲਨ 'ਚ ਸ਼ਹੀਦ ਹੋਏ 157 ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀ ਦੇ ਚੁੱਕੇ ਹਾਂ ਅਤੇ ਪੰਜਾਬ ਦੀਆਂ ਜੱਥੇਬੰਦੀਆਂ ਵੱਲੋਂ ਸਾਨੂੰ 122 ਸ਼ਹੀਦ ਕਿਸਾਨਾਂ ਦੇ ਨਾਵਾਂ ਦੀ ਸੂਚੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਦੌਰਾਨ 'ਸਿੱਧੂ ਮੂਸੇਵਾਲਾ' 'ਤੇ ਦਾਅ ਲਾਉਣ ਦੀ ਤਿਆਰੀ 'ਚ ਕਾਂਗਰਸ
ਅਸੀਂ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਨੌਕਰੀ ਦੇਣ ਦੀ ਪ੍ਰਕਿਰਿਆ ਜਲਦ ਸ਼ੁਰੂ ਕਰਾਂਗੇ। ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਅਸੀਂ 2 ਮਹੀਨਿਆਂ 'ਚ ਬਕਾਇਆ 43 ਚੋਣ ਵਾਅਦੇ ਪੂਰੇ ਕੀਤੇ ਹਨ। ਆਮ ਆਦਮੀ ਪਾਰਟੀ 'ਤੇ ਵਰ੍ਹਦੇ ਹੋਏ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਜਨਤਾ ਵਿਚ ਝੂਠ ਬੋਲ ਰਹੇ ਹਨ। ਉਨ੍ਹਾਂ ਨੇ ਤੰਜ ਕੱਸਦੇ ਹੋਏ ਕਿਹਾ ਕਿ ਕੇਜਰੀਵਾਲ ਨੂੰ ਪੰਜਾਬ ਦੀ ਜਨਤਾ ਗੰਭੀਰਤਾ ਨਾਲ ਨਾ ਲਵੇ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ਵਿੱਚ ਖੇਤੀ ਕਾਨੂੰਨਾਂ ਨੂੰ ਨੋਟੀਫਾਈ ਕਿਉਂ ਕੀਤਾ ਸੀ, ਜੇਕਰ ਹੁਣ ਉਹ ਕਿਸਾਨਾਂ ਦੇ ਹੱਕ ਵਿੱਚ ਬੋਲ ਰਹੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ