ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਕੀਤੀ ਮੁਲਾਕਾਤ
Friday, Jul 19, 2024 - 12:38 AM (IST)
ਚੰਡੀਗੜ੍ਹ/ਨਵੀਂ ਦਿੱਲੀ (ਅੰਕੁਰ)- ਨਰਮੇ ਦੀ ਫ਼ਸਲ ’ਤੇ ਕੀੜਿਆਂ ਖਾਸ ਕਰਕੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ’ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੀਰਵਾਰ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤੋਂ ਨੈਕਸਟ ਜਨਰੇਸ਼ਨ ਬੀ.ਜੀ.-3 ਨਰਮੇ ਦੇ ਬੀਜਾਂ ਸਬੰਧੀ ਖੋਜ ਕਾਰਜਾਂ ਵਿਚ ਤੇਜ਼ੀ ਲਿਆਉਣ ਅਤੇ ਇਨ੍ਹਾਂ ਨੂੰ ਪ੍ਰਵਾਨਗੀ ਦੇਣ ਲਈ ਨਿੱਜੀ ਦਖ਼ਲ ਦੇਣ ਦੀ ਮੰਗ ਕੀਤੀ ਹੈ।
ਪੰਜਾਬ ਦੇ ਖੇਤੀਬਾੜੀ ਮੰਤਰੀ, ਜਿਨ੍ਹਾਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਕ੍ਰਿਸ਼ੀ ਭਵਨ, ਨਵੀਂ ਦਿੱਲੀ ਵਿਖੇ ਮੁਲਾਕਾਤ ਕੀਤੀ ਨੇ ਦੱਸਿਆ ਕਿ ਮੌਜੂਦਾ ਬੀ.ਜੀ.-2 ਕਪਾਹ ਦੇ ਬੀਜਾਂ ਨੂੰ ਉੱਨਤ ਬੀਜਾਂ ਨਾਲ ਬਦਲਣ ਦੀ ਲੋੜ ਹੈ ਤਾਂ ਜੋ ਇਸ ਫ਼ਸਲ ਨੂੰ ਕੀੜਿਆਂ ਦੇ ਹਮਲਿਆਂ ਦੇ ਪ੍ਰਤੀਰੋਧਕ ਬਣਾਇਆ ਜਾ ਸਕੇ। ਇਸ ਦੌਰਾਨ ਖੁੱਡੀਆਂ ਨੇ ਸਟੇਟ ਐਗਰੀਕਲਚਰਲ ਸਟੈਟਿਸਟਿਕਸ ਅਥਾਰਟੀ (ਐੱਸ.ਏ.ਐੱਸ.ਏ.) ਨੂੰ ਪ੍ਰਵਾਨਗੀ ਦੇਣ ਲਈ ਸ਼ਿਵਰਾਜ ਸਿੰਘ ਚੌਹਾਨ ਦਾ ਧੰਨਵਾਦ ਕੀਤਾ। ਦੱਸਣਯੋਗ ਹੈ ਕਿ ਇਹ ਅਥਾਰਟੀ ਸੂਬੇ ਵਿਚ ਖੇਤੀਬਾੜੀ ਖੇਤਰ ਵਿਚ ਯੋਜਨਾਬੰਦੀ, ਨਿਗਰਾਨੀ, ਮੁੱਲਾਂਕਣ, ਖੋਜ ਅਤੇ ਵਿਕਾਸ ਲਈ ਵਰਦਾਨ ਸਾਬਿਤ ਹੋਵੇਗੀ।
ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐੱਮ.) ਸਕੀਮ ਨੂੰ ਲਾਗੂ ਕਰਨ, ਆਰ.ਕੇ.ਵੀ.ਵਾਈ. ਤਹਿਤ ਫੰਡ ਜਾਰੀ ਕਰਨ, ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਰਿਆਇਤਾਂ ਅਤੇ ਖਾਦਾਂ ਦੀ ਨਿਰੰਤਰ ਸਪਲਾਈ ਅਤੇ ਕਣਕ ਦੇ ਬੀਜ ਨੂੰ ਬਦਲਣ ਸਬੰਧੀ ਸਕੀਮ ’ਤੇ ਸਬਸਿਡੀ ਸਮੇਤ ਖੇਤੀਬਾੜੀ ਸੈਕਟਰ ਵਿਚ ਸੂਬੇ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਵੀ ਕੇਂਦਰੀ ਮੰਤਰੀ ਨੂੰ ਜਾਣੂ ਕਰਵਾਇਆ।
ਇਹ ਵੀ ਪੜ੍ਹੋ- ਪਰਿਵਾਰਕ ਮੈਂਬਰਾਂ ਨੇ ਜਾਇਦਾਦ 'ਚੋਂ ਹਿੱਸਾ ਦੇਣ ਤੋਂ ਕੀਤਾ ਇਨਕਾਰ, ਤਾਂ ਵਿਅਕਤੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
ਸੀ.ਆਰ.ਐੱਮ. ਸਕੀਮ ਬਾਰੇ ਸੂਬੇ ਦੀ ਵੱਡੀ ਚਿੰਤਾ ਨੂੰ ਉਜਾਗਰ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਵਿੱਤੀ ਸਾਲ 2023-24 ਦੌਰਾਨ ਸੀ.ਆਰ.ਐੱਮ. ਸਕੀਮ ਅਧੀਨ ਫੰਡ ਮੁਹੱਈਆ ਕਰਵਾਉਣ ਸਬੰਧੀ ਹਿੱਸੇ ਨੂੰ 60:40 (ਕੇਂਦਰ:ਸੂਬਾ) ਕਰ ਦਿੱਤਾ ਗਿਆ ਹੈ। ਪਹਿਲਾਂ ਇਸ ਵਿਚ ਕੇਂਦਰ ਦਾ 100 ਫ਼ੀਸਦੀ ਹਿੱਸਾ ਹੁੰਦਾ ਸੀ। ਉਨ੍ਹਾਂ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਕੌਮੀ ਖੁਰਾਕ ਸੁਰੱਖਿਆ ਵਿਚ ਪੰਜਾਬ ਦੇ ਯੋਗਦਾਨ ਨੂੰ ਧਿਆਨ ਵਿਚ ਰੱਖਦਿਆਂ ਸੀ.ਆਰ.ਐੱਮ. ਸਕੀਮ ਵਿਚ ਕੇਂਦਰ ਦੇ 100 ਫ਼ੀਸਦੀ ਹਿੱਸੇ ਨੂੰ ਬਹਾਲ ਕਰਨ। ਉਨ੍ਹਾਂ ਪਰਾਲੀ ਦੇ ਪ੍ਰਬੰਧਨ ’ਤੇ ਹੋਣ ਵਾਲੇ ਵਾਧੂ ਖਰਚੇ ਦੇ ਬਦਲੇ ਕਿਸਾਨਾਂ ਨੂੰ ਮੁਆਵਜ਼ੇ ਵਜੋਂ ਪ੍ਰਤੀ ਏਕੜ ਦੇ ਹਿਸਾਬ ਨਾਲ ਵਿੱਤੀ ਸਹਾਇਤਾ ਦੇਣ ਦੀ ਵੀ ਮੰਗ ਕੀਤੀ।
ਪੰਜਾਬ ਦੇ ਮੰਤਰੀ ਨੇ ਚੌਹਾਨ ਦੇ ਧਿਆਨ ਵਿਚ ਲਿਆਂਦਾ ਕਿ ਹਾੜ੍ਹੀ ਦੀ ਫ਼ਸਲ ਦੀ ਬਿਜਾਈ ਦੇ ਸੀਜ਼ਨ ਦੌਰਾਨ ਆਮ ਤੌਰ ’ਤੇ ਫਾਸਫੇਟਿਕ ਖਾਦ ਦੀ ਘਾਟ ਹੁੰਦੀ ਹੈ ਅਤੇ ਉਨ੍ਹਾਂ ਨੇ ਇਸ ਸੀਜ਼ਨ ਦੌਰਾਨ ਫਾਸਫੇਟਿਕ ਖਾਦ ਦੀ ਨਿਰੰਤਰ ਸਪਲਾਈ ਨੂੰ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦੇਣ ਦੀ ਅਪੀਲ ਵੀ ਕੀਤੀ। ਇਸ ਮੀਟਿੰਗ ਵਿਚ ਖੇਤੀਬਾੜੀ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ, ਡਾਇਰੈਕਟਰ ਖੇਤੀਬਾੜੀ ਸ਼੍ਰੀ ਜਸਵੰਤ ਸਿੰਘ ਤੋਂ ਇਲਾਵਾ ਵਿਭਾਗ ਅਤੇ ਮੰਤਰਾਲੇ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਦੋਸਤਾਂ ਨੂੰ ਕਾਰੋਬਾਰ ਲਈ ਦਿੱਤਾ 1 ਕਰੋੜ, ਪੈਸਾ ਨਾ ਮਿਲਿਆ ਵਾਪਸ ਤਾਂ ਸਦਮੇ ਨੇ ਲੈ ਲਈ ਜਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e