3 ਦਿਨ ਲਗਾਤਾਰ ਪਵੇਗਾ ਮੀਂਹ, ਆਵੇਗੀ ਹਨ੍ਹੇਰੀ ਅਤੇ ਪੈਣਗੇ ਗੜ੍ਹੇ, ਪੰਜਾਬ ਤੋਂ ਦਿੱਲੀ ਤਕ ALERT ਜਾਰੀ

Friday, Apr 03, 2026 - 11:59 AM (IST)

3 ਦਿਨ ਲਗਾਤਾਰ ਪਵੇਗਾ ਮੀਂਹ, ਆਵੇਗੀ ਹਨ੍ਹੇਰੀ ਅਤੇ ਪੈਣਗੇ ਗੜ੍ਹੇ, ਪੰਜਾਬ ਤੋਂ ਦਿੱਲੀ ਤਕ ALERT ਜਾਰੀ

ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਆਪਣਾ ਮਿਜਾਜ਼ ਬਦਲਣ ਜਾ ਰਿਹਾ ਹੈ। ਮੌਸਮ ਵਿਭਾਗ ਨੇ ਸੂਬੇ ਵਿੱਚ ਭਾਰੀ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਦਿੰਦਿਆਂ 'ਓਰੈਂਜ ਅਲਰਟ' ਜਾਰੀ ਕੀਤਾ ਹੈ। ਇਸ ਦੌਰਾਨ ਹਵਾ ਦੀ ਰਫ਼ਤਾਰ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਤੱਕ ਰਹਿ ਸਕਦੀ ਹੈ। ਸੂਬੇ ਦੇ 12 ਜ਼ਿਲ੍ਹਿਆਂ ਵਿੱਚ ਗੜੇਮਾਰੀ ਦੀ ਸੰਭਾਵਨਾ ਦੱਸੀ ਗਈ ਹੈ। ਮੌਸਮ ਵਿਭਾਗ ਅਨੁਸਾਰ ਇਨ੍ਹਾਂ 12 ਜ਼ਿਲ੍ਹਿਆਂ 'ਚ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਗੁਰਦਾਸਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਪਟਿਆਲਾ, ਮੋਹਾਲੀ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ ਅਤੇ ਜਲੰਧਰ ਸ਼ਾਮਲ ਹਨ। ਜਿਥੇ ਹਨ੍ਹੇਰੀ ਅਤੇ ਬਿਜਲੀ ਦੇ ਨਾਲ ਗੜੇਮਾਰੀ ਹੋਣ ਦੀ ਵੱਧ ਸੰਭਾਵਨਾ ਹੈ। ਸੂਬੇ ਦੇ ਬਾਕੀ 10 ਜ਼ਿਲ੍ਹਿਆਂ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਤੇਜ਼ ਹਵਾਵਾਂ ਦੇ ਨਾਲ ਗਰਜ-ਚਮਕ ਹੋ ਸਕਦੀ ਹੈ।

ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਅਨੁਸਾਰ, ਅਗਲੇ ਤਿੰਨ ਦਿਨਾਂ ਵਿੱਚ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 3 ਤੋਂ 5 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਆ ਸਕਦੀ ਹੈ। 3 ਅਤੇ 4 ਅਪ੍ਰੈਲ ਨੂੰ ਕਈ ਥਾਵਾਂ 'ਤੇ ਹਲਕੇ ਤੋਂ ਦਰਮਿਆਨੇ ਮੀਂਹ ਦੇ ਆਸਾਰ ਹਨ। ਮੌਸਮ ਵਿਭਾਗ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਖਰਾਬ ਮੌਸਮ ਦੇ ਮੱਦੇਨਜ਼ਰ ਕਿਸਾਨ ਵਿਸ਼ੇਸ਼ ਤੌਰ 'ਤੇ ਸਾਵਧਾਨ ਰਹਿਣ। ਗੜੇਮਾਰੀ ਅਤੇ ਤੇਜ਼ ਹਵਾਵਾਂ ਕਾਰਨ ਖੜ੍ਹੀਆਂ ਫਸਲਾਂ ਨੂੰ ਨੁਕਸਾਨ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। 

ਉਧਰ ਦੂਜੇ ਪਾਸੇ ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਅਨੁਸਾਰ, ਸਰਗਰਮ ਪੱਛਮੀ ਗੜਬੜੀ (Western Disturbance) ਦੇ ਕਾਰਨ ਦਿੱਲੀ-ਐਨਸੀਆਰ, ਪੰਜਾਬ, ਹਰਿਆਣਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿੱਚ ਅਗਲੇ ਤਿੰਨ ਦਿਨਾਂ ਤੱਕ ਭਾਰੀ ਮੀਂਹ, ਤੇਜ਼ ਹਵਾਵਾਂ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ 3 ਅਤੇ 4 ਅਪ੍ਰੈਲ ਨੂੰ ਦਿੱਲੀ ਅਤੇ ਆਲੇ-ਦੁਆਲੇ ਦੇ ਸੂਬਿਆਂ ਵਿੱਚ ਗਰਜ-ਚਮਕ ਦੇ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ, ਜਿਨ੍ਹਾਂ ਦੀ ਰਫ਼ਤਾਰ 40 ਕਿਲੋਮੀਟਰ ਪ੍ਰਤੀ ਘੰਟਾ ਤੱਕ ਹੋ ਸਕਦੀ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ 3 ਅਤੇ 4 ਅਪ੍ਰੈਲ ਨੂੰ ਮੀਂਹ ਪੈਣ ਦੇ ਆਸਾਰ ਹਨ। ਇਸ ਤੋਂ ਇਲਾਵਾ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਉੱਤਰਾਖੰਡ ਦੇ ਪਹਾੜੀ ਇਲਾਕਿਆਂ ਵਿੱਚ 3 ਤੋਂ 7 ਅਪ੍ਰੈਲ ਤੱਕ ਮੀਂਹ ਦੇ ਨਾਲ-ਨਾਲ ਬਰਫ਼ਬਾਰੀ ਦੀ ਸੰਭਾਵਨਾ ਵੀ ਬਣੀ ਹੋਈ ਹੈ। 

ਪੱਛਮੀ ਰਾਜਸਥਾਨ ਵਿੱਚ 2 ਤੋਂ 4 ਅਪ੍ਰੈਲ ਅਤੇ ਫਿਰ 6-7 ਅਪ੍ਰੈਲ ਨੂੰ ਮੀਂਹ ਅਤੇ ਗੜੇਮਾਰੀ ਦੇ ਆਸਾਰ ਹਨ। ਮਹਾਰਾਸ਼ਟਰ ਵਿੱਚ ਪਹਿਲਾਂ ਹੀ ਬੇਮੌਸਮੀ ਬਾਰਸ਼ ਕਾਰਨ 1.22 ਲੱਖ ਹੈਕਟੇਅਰ ਫਸਲ ਬਰਬਾਦ ਹੋ ਚੁੱਕੀ ਹੈ, ਜਿਸ ਕਾਰਨ ਉੱਤਰ ਭਾਰਤ ਦੇ ਕਿਸਾਨਾਂ ਦੀਆਂ ਚਿੰਤਾਵਾਂ ਵੀ ਵੱਧ ਗਈਆਂ ਹਨ। ਦਿੱਲੀ ਵਿੱਚ ਅੱਜ (3 ਅਪ੍ਰੈਲ) ਬੱਦਲ ਛਾਏ ਰਹਿਣਗੇ ਅਤੇ ਮੀਂਹ ਦੇ ਨਾਲ ਬਿਜਲੀ ਕੜਕਣ ਦੀ ਸੰਭਾਵਨਾ ਹੈ। 4 ਅਪ੍ਰੈਲ ਨੂੰ ਵੀ ਹਲਕੀ ਬਾਰਸ਼ ਹੋ ਸਕਦੀ ਹੈ, ਜਦਕਿ 5 ਅਪ੍ਰੈਲ ਨੂੰ ਮੀਂਹ ਦੀ ਰਫ਼ਤਾਰ ਤੇਜ਼ ਹੋਣ ਦਾ ਅਨੁਮਾਨ ਹੈ, ਜਿਸ ਨਾਲ ਮੌਸਮ ਖੁਸ਼ਨੁਮਾ ਬਣਿਆ ਰਹੇਗਾ।ਮੌਸਮ ਵਿਭਾਗ ਮੁਤਾਬਕ ਇਸ ਹਫ਼ਤੇ ਦੋ ਪੱਛਮੀ ਵਿਘਨ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰਨਗੇ, ਜਿਨ੍ਹਾਂ ਦਾ ਸਿਖਰ 3-4 ਅਪ੍ਰੈਲ ਅਤੇ ਫਿਰ 7 ਅਪ੍ਰੈਲ ਨੂੰ ਦੇਖਣ ਨੂੰ ਮਿਲੇਗਾ। ਕਿਸਾਨਾਂ ਅਤੇ ਆਮ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।


author

DILSHER

Content Editor

Related News