ਧਰਨਾ 8ਵੇਂ ਦਿਨ ''ਚ,ਵਿੱਤ ਮੰਤਰੀ ਨਾਲ ਮੀਟਿੰਗ ਬੇਨਤੀਜਾ, ਵਰਕਰਾਂ ਨੇ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ

Tuesday, Feb 06, 2018 - 11:22 AM (IST)

ਧਰਨਾ 8ਵੇਂ ਦਿਨ ''ਚ,ਵਿੱਤ ਮੰਤਰੀ ਨਾਲ ਮੀਟਿੰਗ ਬੇਨਤੀਜਾ, ਵਰਕਰਾਂ ਨੇ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ

ਬਠਿੰਡਾ (ਸੁਖਵਿੰਦਰ)-ਮੰਗਾਂ ਨੂੰ ਲੈ ਕੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਵਿੱਤ ਮੰਤਰੀ ਨਾਲ ਹੋਈ ਮੀਟਿੰਗ ਬੇਨਤੀਜਾ ਰਹੀ। ਰੋਸ 'ਚ ਆਏ ਆਂਗਣਵਾੜੀ ਮੁਲਾਜ਼ਮਾਂ ਨੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਸਾਹਮਣੇ ਧਰਨਾ ਲਾ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ 8ਵੇਂ ਦਿਨ ਵੀ ਵਰਕਰਾਂ ਦਾ ਧਰਨਾ ਜਾਰੀ ਰਿਹਾ। ਇਸ ਮੌਕੇ ਮੁਲਾਜ਼ਮਾਂ ਵੱਲੋਂ ਵਿੱਤ ਮੰਤਰੀ ਅਤੇ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰ ਕੇ ਭੜਾਸ ਕੱਢੀ ਗਈ। ਜਾਣਕਾਰੀ ਦਿੰਦਿਆਂ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਜਾਣ-ਬੁੱਝ ਕੇ ਮਾਮਲੇ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ, ਜਿਸ ਕਰ ਕੇ ਉਨ੍ਹਾਂ ਨੂੰ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। 
ਇਸ ਮੌਕੇ ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਦਿੱਲੀ ਪੈਟਰਨ 'ਤੇ 10 ਹਜ਼ਾਰ ਅਤੇ 5 ਹਜ਼ਾਰ ਰੁਪਏ ਮਾਣ-ਭੱਤਾ ਦੇਵੇ, 3-6 ਸਾਲ ਤੱਕ ਦੇ ਬੱਚਿਆਂ ਨੂੰ ਵਾਪਸ ਆਂਗਣਵਾੜੀ ਸੈਂਟਰਾਂ ਵਿਚ ਭੇਜਿਆ ਜਾਵੇ, ਆਂਗਣਵਾੜੀ ਸੈਂਟਰਾਂ ਦੇ ਰਹਿੰਦੇ ਕਿਰਾਏ ਜਾਰੀ ਕੀਤੇ ਜਾਣ ਤੇ ਆਂਗਣਵਾੜੀ ਸੈਂਟਰਾਂ ਨੂੰ ਰਾਸ਼ਨ ਦੀ ਸਪਲਾਈ ਕੀਤੇ ਜਾਣ ਦੀ ਮੰਗ ਕੀਤੀ। ਇਸ ਦੌਰਾਨ ਯੂਨੀਅਨ ਦੀ ਸੂਬਾ ਦਫ਼ਤਰ ਸਕੱਤਰ ਸ਼ਿੰਦਰਪਾਲ ਕੌਰ ਥਾਂਦੇਵਾਲਾ, ਸੂਬਾ ਜਨਰਲ ਸਕੱਤਰ ਗੁਰਮੀਤ ਕੌਰ ਗੋਨਿਆਣਾ, ਜਸਵੰਤ ਕੌਰ ਭਿੱਖੀ,ਦਰਸ਼ਨਾ ਰਾਣੀ ਬਠਿੰਡਾ ਤੇ ਸਤਵੀਰ ਕੌਰ ਆਦਿ ਮੌਜੂਦ ਸਨ।


Related News