ਪੰਜਾਬ ਵਿਧਾਨ ਸਭਾ ਵੱਲੋਂ ਪਾਣੀ ਦੇ ਪੱਧਰ ‘ਚ ਆ ਰਹੀ ਗਿਰਾਵਟ ਨੂੰ ਠੱਲਣ ਲਈ ਸਰਬਸੰਮਤੀ ਨਾਲ ਮਤਾ ਪਾਸ

Friday, Mar 05, 2021 - 02:41 PM (IST)

ਪੰਜਾਬ ਵਿਧਾਨ ਸਭਾ ਵੱਲੋਂ ਪਾਣੀ ਦੇ ਪੱਧਰ ‘ਚ ਆ ਰਹੀ ਗਿਰਾਵਟ ਨੂੰ ਠੱਲਣ ਲਈ ਸਰਬਸੰਮਤੀ ਨਾਲ ਮਤਾ ਪਾਸ

ਚੰਡੀਗੜ੍ਹ/ਜਲੰਧਰ- ਸੂਬੇ ਵਿਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ‘ਤੇ ਚਿੰਤਾ ਜਾਹਰ ਕਰਦਿਆਂ ਪੰਜਾਬ ਵਿਧਾਨ ਸਭਾ ਵੱਲੋਂ ਵੀਰਵਾਰ ਨੂੰ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ, ਜਿਸ ਤਹਿਤ ਪੰਜਾਬ ਸਰਕਾਰ ਨੂੰ ਸੂਬੇ ਵਿਚ ਧਰਤੀ ਹੇਠਲੇ ਪਾਣੀ ਨੂੰ ਸੰਭਾਲਣ ਲਈ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ ਗਈ।

ਇਹ ਵੀ ਪੜ੍ਹੋ: ਹੰਗਾਮਾ ਕਰ ਰਹੇ ਅਕਾਲੀ ਵਿਧਾਇਕਾਂ ’ਤੇ ਸਪੀਕਰ ਦੀ ਵੱਡੀ ਕਾਰਵਾਈ, 3 ਦਿਨਾਂ ਲਈ ਕੀਤਾ ਗਿਆ ਮੁਅੱਤਲ

ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਪਾਣੀ ਦੇ ਪੱਧਰ ਵਿਚ ਸੁਧਾਰ ਕਰਨ ਸਬੰਧੀ ਢੰਗ-ਤਰੀਕਿਆਂ ਦੀ ਪੜਚੋਲ ਕਰਨ ਲਈ ਇਕ ਉੱਚ ਪੱਧਰੀ ਕਮੇਟੀ ਬਣਾਉਣ ਦਾ ਐਲਾਨ ਕੀਤਾ। ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਵਿਚ ਆ ਰਹੀ ਗਿਰਾਵਟ ਸਬੰਧੀ ਵਿਚਾਰ ਵਟਾਂਦਰੇ ਵਿਚ ਭਾਗ ਲੈਂਦਿਆਂ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਇਸ ਮਸਲੇ ਦੀ ਜਾਂਚ ਲਈ ਇਕ ਕਮੇਟੀ ਬਣਾਉਣ ਦਾ ਸੁਝਾਅ ਦਿੱਤਾ, ਜਿਸ ਉਪਰੰਤ ਇਹ ਫ਼ੈਸਲਾ ਲਿਆ ਗਿਆ। ਵਿਧਾਨ ਸਭਾ ਦੇ ਸਪੀਕਰ ਨੇ ਤੁਰੰਤ ਕਾਰਵਾਈ ਕਰਦੇ ਕਮੇਟੀ ਦੇ ਗਠਨ ਦਾ ਐਲਾਨ ਕੀਤਾ, ਜੋ ਤਿੰਨ ਮਹੀਨਿਆਂ ਵਿੱਚ ਰਿਪੋਰਟ ਪੇਸ਼ ਕਰੇਗੀ।

ਇਹ ਵੀ ਪੜ੍ਹੋ: ਸ੍ਰੀ ਅਨੰਦਪੁਰ ਸਾਹਿਬ ਵਿਖੇ ਸੀਨੀਅਰ ਅਕਾਲੀ ਆਗੂ ਨਰਿੰਦਰ ਸਿੰਘ ਧਾਰੀਵਾਲ ਦੀ ਗੋਲੀ ਲੱਗਣ ਨਾਲ ਮੌਤ

ਸਪੀਕਰ ਨੇ ਕਿਹਾ ਕਿ ਇਹ ਮਾਮਲਾ ਬਹੁਤ ਗੰਭੀਰ ਸੀ ਅਤੇ ਕਿਉਂਕਿ ਸਦਨ ਦੇ ਮੈਂਬਰਾਂ ਨੇ ਇਹ ਮੁੱਦਾ ਚੁੱਕਿਆ ਹੈ, ਇਸ ਲਈ ਇਸ ਮਾਮਲੇ ਵਿਚ ਦਖਲ ਦੇਣਾ ਸਦਨ ਦਾ ਨੈਤਿਕ ਫਰਜ਼ ਬਣਦਾ ਹੈ। ਰਾਣਾ ਕੇ. ਪੀ. ਸਿੰਘ ਨੇ ਪੰਜਾਬ ਸਰਕਾਰ ਨੂੰ ਕਮੇਟੀ ਦੀ ਸਹਾਇਤਾ ਲਈ ਜਲ ਸਰੋਤ ਮਹਿਕਮੇ ਦੇ ਪ੍ਰਮੁੱਖ ਸਕੱਤਰ ਨੂੰ ਨਿਯੁਕਤ ਕਰਨ ਦੀ ਅਪੀਲ ਕੀਤੀ। ਉਨ੍ਹਾ ਕਿਹਾ ਕਿ ਇਸ ਗੰਭੀਰ ਮਾਮਲੇ ਵਿਚ ਦਖ਼ਲ ਦੇਣ ਤੋਂ ਇਲਾਵਾ ਇਹ ਕਮੇਟੀ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਰੀਚਾਰਜ ਕਰਨ ਦੇ ਤਰੀਕਿਆਂ ਅਤੇ ਸਾਧਨਾਂ ਸਬੰਧੀ ਤਜਵੀਜ਼ ਵੀ ਪੇਸ਼ ਕਰੇਗੀ ਤਾਂ ਜੋ ਆਉਣ ਵਾਲੀਆਂ ਪੀੜੀਆਂ ਲਈ ਇਸ ਕੀਮਤੀ ਕੁਦਰਤੀ ਸਰੋਤ ਨੂੰ ਬਚਾਇਆ ਜਾ ਸਕੇ।

ਸਪੀਕਰ ਦੇ ਐਲਾਨ ਦਾ ਸਰਬਸੰਮਤੀ ਨਾਲ ਸਵਾਗਤ ਕਰਦਿਆਂ ਸਾਰੇ ਸਦਨ ਨੇ ਮੇਜ਼ ਥਪ-ਥਪਾਕੇ ਉਨ੍ਹਾ ਦਾ ਧੰਨਵਾਦ ਕੀਤਾ। ਕੈਬਨਿਟ ਮੰਤਰੀਆਂ ਮਨਪ੍ਰੀਤ ਸਿੰਘ ਬਾਦਲ ਅਤੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਵਿਚਾਰ ਵਟਾਂਦਰੇ ਵਿੱਚ ਹਿੱਸਾ ਲੈਂਦਿਆਂ ਕਿਹਾ ਕਿ ਪਾਣੀ ਮਨੁੱਖ ਦੀ ਹੋਂਦ ਬਰਕਰਾਰ ਰੱਖਣ ਲਈ ਸਭ ਤੋਂ ਕੀਮਤੀ ਸਰੋਤ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਾਡੀਆਂ ਆਉਣ ਵਾਲੀਆਂ ਪੀੜੀਆਂ ਲਈ ਪਾਣੀ ਦੀ ਬਚਤ ਕਰਨ ਲਈ ਵਚਨਬੱਧ ਹੈ। ਦੋਵਾਂ ਮੰਤਰੀਆਂ ਨੇ ਕਿਹਾ ਕਿ ਸਰਕਾਰ ਪਹਿਲਾਂ ਹੀ ਇਸ ਮੁੱਦੇ ਪ੍ਰਤੀ ਸੁਹਿਰਦ ਹੈ ਅਤੇ ਇਸ ਨੇਕ ਕਾਰਜ ਨੂੰ ਨੇਪਰੇ ਚੜ੍ਹਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।  

ਇਹ ਵੀ ਪੜ੍ਹੋ: ਜਲੰਧਰ ’ਚ ਹੋਟਲਾਂ ਤੇ ਰੈਸਟੋਰੈਂਟਾਂ ਲਈ ਜਾਰੀ ਕੀਤੇ ਗਏ ਨਵੇਂ ਹੁਕਮ, ਰਾਤ 11 ਵਜੇ ਤੋਂ ਬਾਅਦ ਨਹੀਂ ਹੋਵੇਗੀ ਐਂਟਰੀ


author

shivani attri

Content Editor

Related News