''ਅਕਾਲੀ ਦਲ'' 20 ਮਾਰਚ ਨੂੰ ਕਰੇਗਾ ਪੰਜਾਬ ਵਿਧਾਨ ਸਭਾ ਦਾ ਘਿਰਾਓ

Thursday, Mar 15, 2018 - 09:27 AM (IST)

ਚੰਡੀਗੜ੍ਹ (ਪਰਾਸ਼ਰ) : ਸ਼੍ਰੋਮਣੀ ਅਕਾਲੀ ਦਲ ਆ ਰਹੇ ਬਜਟ ਸੈਸ਼ਨ ਦੇ ਪਹਿਲੇ ਦਿਨ 20 ਮਾਰਚ ਨੂੰ ਪੰਜਾਬ ਸਰਕਾਰ ਵਲੋਂ ਕਰਜ਼ਾ ਮੁਆਫੀ ਦੇ ਮੁੱਦੇ 'ਤੇ ਪੰਜਾਬ ਦੇ ਕਿਸਾਨਾਂ ਨਾਲ ਕੀਤੇ ਧੋਖੇ ਵੱਲ ਧਿਆਨ ਦਿਵਾਉਣ ਲਈ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰੇਗਾ। ਸਰਕਾਰ ਦੀ ਇਸ ਵਾਅਦਾ ਖਿਲਾਫੀ ਕਰ ਕੇ ਸੂਬੇ ਦੇ ਕਿਸਾਨਾਂ ਅੰਦਰ ਨਿਰਾਸ਼ਾ ਦੀ ਭਾਵਨਾ ਵਧ ਰਹੀ ਹੈ। ਅਸੀਂ ਚਾਹੁੰਦੇ ਹਾਂ ਕਿ ਸਰਕਾਰ ਗਰੀਬ ਅਤੇ ਮਾਸੂਮ ਕਿਸਾਨਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰੇ। ਇਹ ਫੈਸਲਾ ਬੀਤੇ ਦਿਨ ਦੁਪਹਿਰ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਇਸ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ। ਕੋਰ ਕਮੇਟੀ ਇਸ ਮੱਤ ਦੀ ਧਾਰਨੀ ਹੈ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੀ ਬੇਕਦਰੀ ਕੀਤੀ ਹੈ। ਕੋਰ ਕਮੇਟੀ ਵਲੋਂ ਪੇਸ਼ ਕੀਤੇ ਮਤੇ ਵਿਚ ਕਿਹਾ ਗਿਆ ਹੈ ਕਿ ਇਹ ਸਰਕਾਰ ਝੂਠੇ ਬਹਾਨੇ ਬਣਾ ਕੇ ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਮੁਕਰ ਗਈ ਹੈ। ਪਹਿਲਾਂ ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਸੂਬੇ ਦੀ ਵਿੱਤੀ ਹਾਲਤ ਬਾਰੇ ਪਤਾ ਨਹੀਂ ਸੀ।
ਇਸ ਦੌਰਾਨ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਾਬਕਾ ਮੰਤਰੀ ਸਰਦਾਰ ਅਜੀਤ ਸਿੰਘ ਕੋਹਾੜ ਨੂੰ ਸ਼ਰਧਾਂਜਲੀ ਦੇਣ ਲਈ ਕੋਰ ਕਮੇਟੀ ਵੱਲੋਂ ਦੋ ਮਿੰਟ ਦਾ ਮੌਨ ਧਾਰਨ ਕੀਤਾ ਗਿਆ। ਇਸ ਕੋਰ ਕਮੇਟੀ ਮੀਟਿੰਗ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਸੁਖਦੇਵ ਸਿੰਘ ਢੀਂਡਸਾ, ਬਲਵਿੰਦਰ ਸਿੰਘ ਭੂੰਦੜ, ਚਰਨਜੀਤ ਸਿੰਘ ਅਟਵਾਲ, ਨਿਰਮਲ ਸਿੰਘ ਕਾਹਲੋਂ, ਸੇਵਾ ਸਿੰਘ ਸੇਖਵਾਂ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਡਾਕਟਰ ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਸਿੰਘ ਗਰੇਵਾਲ, ਗੁਲਜਾਰ ਸਿੰਘ ਰਣੀਕੇ ਅਤੇ ਸ਼ਰਨਜੀਤ ਸਿੰਘ ਢਿੱਲੋਂ ਨੇ ਭਾਗ ਲਿਆ।
ਮੀਟਿੰਗ ਬਾਰੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਪਾਰਟੀ ਦੇ ਤਰਜਮਾਨ ਹਰਚਰਨ ਬੈਂਸ ਨੇ ਦੱਸਿਆ ਕਿ ਕੋਰ ਕਮੇਟੀ ਨੇ ਇਸ ਗੱਲ ਉਤੇ ਅਫਸੋਸ ਪ੍ਰਗਟ ਕੀਤਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਟਰੂਡੋ ਦੇ ਫੇਰੀ ਦੇ ਸ਼ੁੱਭ ਮੌਕੇ 'ਤੇ ਕੁੱਝ ਅਜਿਹੇ ਬੇਸੁਆਦੇ ਮੁੱਦੇ ਉਠਾਏ, ਜਿਹੜੇ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਵੀ ਨਹੀਂ ਸਨ ਆਉਂਦੇ। ਅਜਿਹਾ ਕਰਦਿਆਂ ਉਨ੍ਹਾਂ ਨੇ ਕੈਨੇਡਾ ਵਿਚ ਵਸੇ ਪੰਜਾਬੀਆਂ ਦੀ ਭਲਾਈ ਨਾਲ ਜੁੜੇ ਮੁੱਦਿਆਂ ਨੂੰ ਉਠਾਉਣ ਅਤੇ ਆਪਸੀ ਪਿਆਰ ਵਧਾਉਣ ਦਾ ਇਕ ਵੱਡਾ ਮੌਕਾ ਗੁਆ ਦਿੱਤਾ।
ਇਸ ਦੇ ਨਾਲ ਹੀ ਕੋਰ ਕਮੇਟੀ ਨੇ ਸੂਬੇ ਅੰਦਰ ਕਿਸਾਨਾਂ ਦੀ ਮੰਦੀ ਹਾਲਤ ਉੱਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਅਤੇ ਲਗਾਤਾਰ ਡੂੰਘੇ ਹੁੰਦੇ ਜਾ ਰਹੇ ਕਿਸਾਨੀ ਸੰਕਟ ਉੱਤੇ ਫਿਕਰ ਜਤਾਇਆ।ਇਸ ਕਮੇਟੀ ਵਿਚ ਸਰਦਾਰ ਬਾਦਲ ਤੋਂ ਇਲਾਵਾ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਸੁਖਦੇਵ ਸਿੰਘ ਢੀਂਡਸਾ, ਬਲਵਿੰਦਰ ਸਿੰਘ ਭੂੰਦੜ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਜਥੇਦਾਰ ਤੋਤਾ ਸਿੰਘ ਵੀ ਹੋਣਗੇ।
ਇਕ ਹੋਰ ਅਹਿਮ ਫੈਸਲੇ ਵਿਚ ਅਕਾਲੀ ਦਲ ਨੇ ਜੰਮੂ ਅਤੇ ਕਸ਼ਮੀਰ ਵਿਚ ਸਿੱਖ ਭਾਈਚਾਰੇ ਨੂੰ ਦਰਪੇਸ਼ ਮੁਸ਼ਕਲਾਂ ਅਤੇ ਸ਼ਿਕਾਇਤਾਂ ਦੇ ਹੱਲ ਲਈ ਮੁੱਖ ਮੰਤਰੀ ਬੀਬੀ ਮਹਿਬੂਬਾ ਮੁਫਤੀ ਨੂੰ ਮਿਲਣ ਦਾ ਫੈਸਲਾ ਕੀਤਾ ਹੈ। ਪਾਰਟੀ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਇਕ ਵਫਦ ਜੰਮੂ ਅਤੇ ਕਸ਼ਮੀਰ ਦੀ ਮੁੱਖ ਮੰਤਰੀ ਨੂੰ ਮਿਲੇਗਾ ਅਤੇ ਸਿੱਖ ਭਾਈਚਾਰੇ ਨੂੰ ਸੂਬੇ ਅੰਦਰ ਆ ਰਹੀਆਂ ਸਮੱਸਿਆਵਾਂ ਜਿਵੇਂ ਸਿੱਖਿਆ, ਘੱਟ ਗਿਣਤੀ ਸਟੇਟਸ ਨੂੰ ਮਾਨਤਾ ਅਤੇ ਉਨ੍ਹਾਂ ਦੀ ਯੋਗਤਾ ਅਤੇ ਮੈਰਿਟ ਦੇ ਮੁਤਾਬਿਕ ਰੁਜ਼ਗਾਰ ਦੇ ਮੌਕਿਆਂ ਦੀ ਲੋੜ ਆਦਿ ਨੂੰ ਉਠਾਏਗਾ।


Related News