ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ’ਚ ਵੋਟਰ ਸੂਚੀਆਂ ਦੀ ਅਪਡੇਸ਼ਨ ਸ਼ੁਰੂ
Tuesday, Mar 23, 2021 - 10:12 PM (IST)
ਚੰਡੀਗੜ੍ਹ (ਸ਼ਰਮਾ)-ਪੰਜਾਬ ਵਿਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਚੋਣ ਅਧਿਕਾਰੀ ਪੰਜਾਬ ਦੇ ਦਫ਼ਤਰ ਨੇ ਵੋਟਰ ਸੂਚੀਆਂ ਨੂੰ ਲਗਾਤਾਰ ਅਪਡੇਟ ਕਰਨ ਦੀ ਮੁਹਿੰਮ ਵਿੱਢ ਦਿੱਤੀ ਹੈ। ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦੀ ਮੌਜੂਦਾ ਨੀਤੀ ਮੁਤਾਬਕ ਅਗਲੇ ਸਾਲ 1 ਜਨਵਰੀ ਨੂੰ ਯੋਗਤਾ ਲਈ ਨਿਰਧਾਰਤ ਮਿਤੀ ਮੰਨਦਿਆਂ ਵੋਟਰ ਸੂਚੀਆਂ ਦੀ ਸੋਧ ਕੀਤੀ ਗਈ ਹੈ, ਕਿਉਂਕਿ ਸਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਹਰ ਸਾਲ ਦੇ ਆਖਰੀ ਹਿੱਸੇ ਵਿਚ (ਆਮ ਤੌਰ ’ਤੇ ਸਾਲ ਦੀ ਆਖਰੀ ਤਿਮਾਹੀ ਦੌਰਾਨ) ਇਹ ਸੋਧ ਕੀਤੀ ਜਾਂਦੀ ਹੈ ਤਾਂ ਜੋ ਅਗਲੇ ਸਾਲ ਜਨਵਰੀ ਮਹੀਨੇ ਦੇ ਪਹਿਲੇ ਹਫ਼ਤੇ ਵਿਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾ ਸਕੇ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ ਰਾਜੂ, ਆਈ. ਏ. ਐੱਸ. ਨੇ ਕਿਹਾ ਕਿ ਇਕ ਸੁਤੰਤਰ ਅਤੇ ਨਿਰਪੱਖ ਚੋਣ ਲਈ ਸਹੀ ਅਤੇ ਤਰੁਟੀ-ਮੁਕਤ ਵੋਟਰ ਸੂਚੀ ਬਹੁਤ ਜ਼ਰੂਰੀ ਹੈ। ਉਨ੍ਹਾਂ ਪੰਜਾਬ ਦੇ ਵੋਟਰਾਂ ਅਤੇ ਚੋਣ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਯੋਗ ਨਾਗਰਿਕਾਂ ਦੀ 100 ਫੀਸਦੀ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ। ਇਸ ਮੁਹਿੰਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਵਧੀਕ ਮੁੱਖ ਚੋਣ ਅਧਿਕਾਰੀ ਮਾਧਵੀ ਕਟਾਰੀਆ, ਆਈ.ਏ.ਐੱਸ.ਨੇ ਕਿਹਾ ਕਿ ਵੋਟਰ ਸੂਚੀ ਵਿਚ ਬਣਦੇ ਸੁਧਾਰਾਂ ਲਈ ਢੁਕਵੇਂ ਕਦਮ ਚੁੱਕਣ ਤੋਂ ਇਲਾਵਾ ਯੋਗ ਵੋਟਰਾਂ ਦੀ 100 ਫੀਸਦੀ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਮੁਹਿੰਮਾਂ ਚਲਾਉਣ ਦੀ ਯੋਜਨਾ ਬਣਾਈ ਗਈ ਹੈ।
ਮਹਾਮਾਰੀ ਦੀ ਸਥਿਤੀ ਦੇ ਮੱਦੇਨਜ਼ਰ ਇਹ ਮੁਹਿੰਮ ਟੈਕਨੋਲੋਜੀ ’ਤੇ ਆਧਾਰਿਤ ਹੈ, ਇਸੇ ਲਈ ਡਿਜੀਟਲ ਮੀਡੀਆ ਦੀ ਪੂਰੀ ਮਦਦ ਲਈ ਜਾ ਰਹੀ ਹੈ। ਨਾਗਰਿਕ ਵੋਟਰ ਸੂਚੀ ਵਿਚ ਨਾਮ ਦਰਜ ਕਰਾਉਣ, ਦਰੁਸਤੀ ਕਰਨ ਜਾਂ ਨਾਮ ਕਟਵਾਉਣ ਵਰਗੀਆਂ ਸੇਵਾਵਾਂ ਲੈਣ ਲਈ ਡੀ. ਸੀ. ਦਫ਼ਤਰ, ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰ ਵਿਖੇ ਜਾਂ ਸਬੰਧਤ ਬੂਥ ਲੈਵਲ ਅਫ਼ਸਰ (ਬੀ. ਐੱਲ. ਓ.) ਨਾਲ ਸੰਪਰਕ ਕਰਕੇ ਫਾਰਮ ਭਰ ਸਕਦੇ ਹਨ।