ਦਲਿਤ ਮਜ਼ਦੂਰ ਸੰਗਠਨਾਂ ਵੱਲੋਂ 25 ਦੇ ਬੰਦ ਨੂੰ ਸਮਰਥਨ ਦੇਣ ਦਾ ਐਲਾਨ
Thursday, Sep 24, 2020 - 03:32 PM (IST)
ਸਮਾਣਾ (ਦਰਦ) : ਦਲਿਤ ਮਜ਼ਦੂਰ ਸੰਗਠਨਾਂ ਦੀ ਵਿਸ਼ੇਸ਼ ਮੀਟਿੰਗ ‘ਸੰਵਿਧਾਨ ਬਚਾਓ ਐਕਸ਼ਨ ਕਮੇਟੀ’ ਦੇ ਪ੍ਰਧਾਨ ਗੁਰਦੀਪ ਸਿੰਘ ਨੰਬਰਦਾਰ ਦੀ ਅਗਵਾਈ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਰਬ ਸੰਮਤੀ ਨਾਲ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ 25 ਸਤੰਬਰ ਨੂੰ ਪੰਜਾਬ ਬੰਦ ਦੇ ਦੌਰਾਨ ਡਟ ਕੇ ਹਮਾਇਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪੂਰੇ ਦੇਸ਼ 'ਚ ਸਾਰੇ ਧਰਮਾਂ ਤੇ ਮਜ਼ਬਾਂ ਨੂੰ ਆਪਸ 'ਚ ਲੜਾ ਕੇ ਆਪਣੀ ਸਰਕਾਰ ਦੀਆਂ ਨਾਕਾਮੀਆਂ ਨੂੰ ਛਿਪਾਉਣ 'ਚ ਲੱਗੀ ਹਈ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕਾਲੇ ਕਾਨੂੰਨ ਕਿਸਾਨਾਂ ਨੂੰ ਉਜਾੜਨ ਲਈ ਮੋਦੀ ਸਰਕਾਰ ਨੇ ਪਾਸ ਕੀਤੇ ਹਨ, ਉਨ੍ਹਾਂ ਦਾ ਦਲਿਤ ਮਜ਼ਦੂਰ ਸੰਗਠਨਾਂ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਜਾਂਦਾ ਹੈ ਕਿਉਂਕਿ ਮੋਦੀ ਸਰਕਾਰ ਦੀ ਕਿਸਾਨਾਂ, ਮਜ਼ਦੂਰਾਂ ਪ੍ਰਤੀ ਖ਼ਤਰਨਾਕ ਸੋਚ ਹੈ ਅਤੇ ਇਹ ਸਰਕਾਰ ਚਾਲਾਂ ਚੱਲ ਕੇ ਦੇਸ਼ ਨੂੰ ਮੁੜ ਗੁਲਾਮੀ ਵੱਲ ਧੱਕ ਰਹੀ ਹੈ, ਜਿਸ ਨੂੰ ਕਿਸੇ ਵੀ ਹਾਲਾਤ 'ਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
ਪੰਜਾਬ ਬੰਦ ਦੇ ਦੌਰਾਨ ਸਮੂਹ ਜੱਥੇਬੰਦੀਆਂ ਕਿਸਾਨਾਂ ਦਾ ਡਟ ਕੇ ਸਾਥ ਦੇਣਗੀਆਂ ਅਤੇ ਕੇਂਦਰ ਦੇ ਕਾਲਾ ਕਾਨੂੰਨਾਂ ਨੂੰ ਕਿਸੇ ਵੀ ਹਾਲਤ 'ਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਕਾਲੇ ਕਾਨੂੰਨ ਮੋਦੀ ਸਰਕਾਰ ਨੇ ਸਰਮਾਏਦਾਰਾਂ ਨੂੰ ਖੁਸ਼ ਕਰਨ ਲਈ ਆਮ ਲੋਕਾਂ ਦਾ ਗਲਾ ਘੁੱਟ ਕੇ ਬਣਾਏ ਹਨ, ਇਨ੍ਹਾਂ ਨੂੰ ਕਿਸੇ ਵੀ ਹਾਲਤ 'ਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ।