ਦੋਰਾਹਾ-ਪਾਇਲ ਵਿਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ, ਬਾਜ਼ਾਰ ਰਹੇ ਮੁਕੰਮਲ ਬੰਦ

Friday, Aug 21, 2026 - 01:59 PM (IST)

ਦੋਰਾਹਾ-ਪਾਇਲ ਵਿਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ, ਬਾਜ਼ਾਰ ਰਹੇ ਮੁਕੰਮਲ ਬੰਦ

ਦੋਰਾਹਾ/ਪਾਇਲ (ਵਿਨਾਇਕ): ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਦੋਰਾਹਾ, ਪਾਇਲ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਭਰਵਾਂ ਸਮਰਥਨ ਮਿਲਿਆ। ਦੋਵੇਂ ਕਸਬਿਆਂ ਵਿੱਚ ਛੋਟੇ-ਵੱਡੇ ਬਾਜ਼ਾਰਾਂ ਸਮੇਤ ਜ਼ਿਆਦਾਤਰ ਕਾਰੋਬਾਰੀ ਅਦਾਰੇ ਪੂਰੀ ਤਰ੍ਹਾਂ ਬੰਦ ਰਹੇ। ਇੱਥੋਂ ਤੱਕ ਕਿ ਫਲ-ਸਬਜ਼ੀਆਂ ਦੀਆਂ ਦੁਕਾਨਾਂ ਵੀ ਬੰਦ ਰਹੀਆਂ, ਜਦਕਿ ਲੋਕਾਂ ਦੀ ਸਹੂਲਤ ਨੂੰ ਦੇਖਦਿਆਂ ਸਿਰਫ਼ ਮੈਡੀਸਨ ਦੀਆਂ ਦੁਕਾਨਾਂ ਖੁੱਲ੍ਹੀਆਂ ਨਜ਼ਰ ਆਈਆਂ।

ਬੰਦ ਦੌਰਾਨ ਦੋਰਾਹਾ ਅਤੇ ਪਾਇਲ ਦੇ ਨਿੱਜੀ ਸਕੂਲ-ਕਾਲਜ ਵੀ ਬੰਦ ਰਹੇ। ਕੌਮੀ ਇਨਸਾਫ਼ ਮੋਰਚੇ ਤੋਂ ਇਲਾਵਾ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਵੀ ਪੰਜਾਬ ਬੰਦ ਨੂੰ ਸਮਰਥਨ ਦਿੱਤੇ ਜਾਣ ਕਾਰਨ ਇਲਾਕੇ ਵਿੱਚ ਬੰਦ ਦਾ ਵਿਆਪਕ ਅਸਰ ਦੇਖਣ ਨੂੰ ਮਿਲਿਆ। ਬਾਜ਼ਾਰਾਂ ਵਿੱਚ ਆਮ ਦਿਨਾਂ ਦੇ ਮੁਕਾਬਲੇ ਸੁੰਨਸਾਨ ਮਾਹੌਲ ਰਿਹਾ ਅਤੇ ਕਾਰੋਬਾਰੀ ਗਤੀਵਿਧੀਆਂ ਪੂਰੀ ਤਰ੍ਹਾਂ ਠੱਪ ਰਹੀਆਂ।

ਰੋਸ ਮਾਰਚ ਕੱਢ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਕੀਤੀ ਮੰਗ

ਦੋਰਾਹਾ ਸ਼ਹਿਰ ਵਿਚ ਮਰਹੂਮ ਬੇਅੰਤ ਸਿੰਘ ਚੌਂਕ ਤੋਂ ਕੌਮੀ ਇਨਸਾਫ਼ ਮੋਰਚੇ ਨਾਲ ਜੁੜੇ ਆਗੂਆਂ ਅਤੇ ਸਮਰਥਕਾਂ ਵੱਲੋਂ ਮੁੱਖ ਬਾਜ਼ਾਰ ਵਿੱਚ ਰੋਸ ਮਾਰਚ ਕੱਢਿਆ ਗਿਆ। ਇਸ ਦੌਰਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਜਿਹੜੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਜੇਲ੍ਹਾਂ ਵਿੱਚੋਂ ਜਲਦ ਤੋਂ ਜਲਦ ਰਿਹਾਅ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀਆਂ ਨੂੰ ਲੰਬੇ ਸਮੇਂ ਤੱਕ ਜੇਲ੍ਹਾਂ ਵਿਚ ਰੱਖਣਾ ਉਨ੍ਹਾਂ ਦੇ ਪਰਿਵਾਰਾਂ ਲਈ ਵੀ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਮਨੁੱਖੀ ਅਤੇ ਕਾਨੂੰਨੀ ਪੱਖ ਤੋਂ ਵਿਚਾਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਲੋੜੀਂਦੀ ਕਾਰਵਾਈ ਕੀਤੀ ਜਾਵੇ।

PunjabKesari

ਪਾਇਲ ਵਿਚ ਵੀ ਬੰਦ ਦਾ ਵਿਆਪਕ ਅਸਰ

ਪਾਇਲ ਸ਼ਹਿਰ ਵਿੱਚ ਵੀ ਪੰਜਾਬ ਬੰਦ ਨੂੰ ਭਰਵਾਂ ਸਮਰਥਨ ਮਿਲਿਆ। ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿੱਚ ਦੁਕਾਨਾਂ ਅਤੇ ਹੋਰ ਕਾਰੋਬਾਰੀ ਅਦਾਰੇ ਬੰਦ ਰਹੇ। ਬੰਦ ਕਾਰਨ ਬਾਜ਼ਾਰਾਂ ਵਿੱਚ ਆਮ ਦਿਨਾਂ ਨਾਲੋਂ ਘੱਟ ਰੌਣਕ ਦੇਖਣ ਨੂੰ ਮਿਲੀ। ਕਈ ਥਾਵਾਂ ’ਤੇ ਕਿਸਾਨ ਜਥੇਬੰਦੀਆਂ ਅਤੇ ਹੋਰ ਸਮਰਥਕਾਂ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ ਅਤੇ ਬੰਦ ਨੂੰ ਸਫਲ ਬਣਾਉਣ ਲਈ ਸਹਿਯੋਗ ਦੇਣ ’ਤੇ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ ਗਿਆ।

ਸਰਕਾਰੀ ਤੇ ਨਿੱਜੀ ਬੱਸ ਸੇਵਾ ਰਹੀ ਬੰਦ, ਬਾਕੀ ਆਵਾਜਾਈ ਆਮ

ਪੰਜਾਬ ਬੰਦ ਦੇ ਮੱਦੇਨਜ਼ਰ ਦੋਰਾਹਾ ਅਤੇ ਪਾਇਲ ਵਿੱਚ ਸਰਕਾਰੀ ਅਤੇ ਨਿੱਜੀ ਬੱਸ ਸੇਵਾ ਮੁਕੰਮਲ ਤੌਰ ’ਤੇ ਬੰਦ ਰਹੀ। ਹਾਲਾਂਕਿ ਨਿੱਜੀ ਵਾਹਨਾਂ, ਦੋਪਹੀਆ ਵਾਹਨਾਂ ਅਤੇ ਹੋਰ ਆਵਾਜਾਈ ’ਤੇ ਪੂਰਨ ਰੋਕ ਨਹੀਂ ਰਹੀ ਅਤੇ ਸੜਕਾਂ ’ਤੇ ਬਾਕੀ ਆਵਾਜਾਈ ਆਮ ਵਾਂਗ ਚਲਦੀ ਰਹੀ। ਬੱਸ ਸੇਵਾ ਬੰਦ ਹੋਣ ਕਾਰਨ ਯਾਤਰੀਆਂ ਨੂੰ ਕੁਝ ਪ੍ਰੇਸ਼ਾਨੀ ਦਾ ਸਾਹਮਣਾ ਵੀ ਕਰਨਾ ਪਿਆ।

ਡੀਐੱਸਪੀ ਹਰਮਨਪ੍ਰੀਤ ਸਿੰਘ ਚੀਮਾ ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਇਸ ਬੰਦ ਦੌਰਾਨ ਪਾਇਲ ਦੇ ਡੀਐੱਸਪੀ ਹਰਮਨਪ੍ਰੀਤ ਸਿੰਘ ਚੀਮਾ ਵੱਲੋਂ ਇਲਾਕੇ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਪੁਲਸ ਫੋਰਸ ਨੂੰ ਹਰ ਸਮੇਂ ਚੌਕਸ ਅਤੇ ਸੁਚੇਤ ਰਹਿਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਸਮੇਂ ਸਿਰ ਰੋਕਿਆ ਜਾ ਸਕੇ। ਪੁਲਸ ਵੱਲੋਂ ਸੰਵੇਦਨਸ਼ੀਲ ਥਾਵਾਂ ਅਤੇ ਮੁੱਖ ਬਾਜ਼ਾਰਾਂ ਵਿੱਚ ਸੁਰੱਖਿਆ ਪ੍ਰਬੰਧਾਂ ’ਤੇ ਵਿਸ਼ੇਸ਼ ਨਜ਼ਰ ਰੱਖੀ ਗਈ।

ਐੱਸ.ਐੱਚ.ਓ. ਜਸਨਪ੍ਰੀਤ ਸਿੰਘ ਸਰਾਂ ਨੇ ਜੀ.ਟੀ. ਰੋਡ ’ਤੇ ਕੀਤੀ ਨਾਕਾਬੰਦੀ

ਥਾਣਾ ਦੋਰਾਹਾ ਦੇ ਐੱਸ.ਐੱਚ.ਓ. ਇੰਸਪੈਕਟਰ ਜਸਨਪ੍ਰੀਤ ਸਿੰਘ ਸਰਾਂ ਨੇ ਪੁਲਸ ਪਾਰਟੀ ਸਮੇਤ ਜੀ.ਟੀ. ਰੋਡ ’ਤੇ ਬੱਸ ਸਟੈਂਡ ਨੇੜੇ ਨਾਕਾਬੰਦੀ ਕੀਤੀ। ਇਸ ਦੌਰਾਨ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕਰਨ ਦੇ ਨਾਲ-ਨਾਲ ਸ਼ਰਾਰਤੀ ਅਨਸਰਾਂ ਅਤੇ ਸ਼ੱਕੀ ਵਿਅਕਤੀਆਂ ’ਤੇ ਵਿਸ਼ੇਸ਼ ਨਜ਼ਰ ਰੱਖੀ ਗਈ। ਪੁਲਸ ਵੱਲੋਂ ਇਲਾਕੇ ਵਿੱਚ ਗਸ਼ਤ ਵੀ ਵਧਾਈ ਗਈ, ਤਾਂ ਜੋ ਬੰਦ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰਹੇ। ਪੁਲਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਪੁਲਸ ਵੱਲੋਂ ਸਮੁੱਚੇ ਇਲਾਕੇ ਵਿੱਚ ਸਥਿਤੀ ’ਤੇ ਲਗਾਤਾਰ ਨਜ਼ਰ ਰੱਖੀ ਗਈ ਅਤੇ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਸ਼ਾਂਤੀ ਬਣਾਈ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ’ਤੇ ਵਿਸ਼ਵਾਸ ਨਾ ਕਰਨ। ਬੰਦ ਦੌਰਾਨ ਦੋਰਾਹਾ ਅਤੇ ਪਾਇਲ ਵਿੱਚ ਸਮੁੱਚੀ ਸਥਿਤੀ ਕਾਬੂ ਹੇਠ ਰਹੀ ਅਤੇ ਕਿਸੇ ਵੱਡੀ ਅਣਸੁਖਾਵੀਂ ਘਟਨਾ ਦੀ ਸੂਚਨਾ ਨਹੀਂ ਮਿਲੀ।
 


author

Anmol Tagra

Content Editor

Related News