‘ਸਾਰੇ ਸਕੂਲਾਂ ਨੂੰ ਪਾਈਪ ਰਾਹੀਂ ਪਾਣੀ ਮੁਹੱਈਆ ਕਰਵਾਉਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ’

12/31/2020 10:41:38 PM

ਚੰਡੀਗੜ੍ਹ, (ਰਮਨਜੀਤ)- ਪ੍ਰਧਾਨ ਮੰਤਰੀ ਵਲੋਂ ਦੇਸ਼ ਦੇ ਸਾਰੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿਚ ਪਾਈਪ ਰਾਹੀਂ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਸਬੰਧੀ 2 ਅਕਤੂਬਰ, 2020 ਨੂੰ ਸ਼ੁਰੂ ਕੀਤੀ ਗਈ 100 ਦਿਨਾਂ ਮੁਹਿੰਮ ਤਹਿਤ ਇਸ ਟੀਚੇ ਨੂੰ ਹਾਸਲ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਇਸ ਤਹਿਤ ਸੂਬੇ ਦੇ ਸਾਰੇ ਸਕੂਲਾਂ ਨੂੰ ਪੀਣ ਲਈ, ਹੱਥ ਥੋਣ ਲਈ, ਪਖਾਨਿਆਂ ’ਚ ਵਰਤੋਂ ਲਈ ਅਤੇ ਮਿਡ ਡੇਅ ਮੀਲ ਤਿਆਰ ਕਰਨ ਲਈ ਪਾਈਪ ਰਾਹੀਂ ਸਾਫ਼ ਪਾਣੀ ਦੀ ਸਪਲਾਈ ਮੁਹੱਈਆ ਕਰਵਾ ਦਿੱਤੀ ਗਈ ਹੈ। ਪੰਜਾਬ ਦੀ ਇਸ ਪ੍ਰਾਪਤੀ ਬਾਰੇ ਜਲ ਜੀਵਨ ਮਿਸ਼ਨ ਦੀ ‘ਪ੍ਰਗਤੀ’ ਸਕੀਮ ਦੀ ਸਮੀਖਿਆ ਦੌਰਾਨ ਪ੍ਰਧਾਨ ਮੰਤਰੀ ਨੂੰ ਜਾਣੂੰ ਕਰਵਾਇਆ ਗਿਆ।
ਪੰਜਾਬ ਸਰਕਾਰ ਦੇ ਬੁਲਾਰੇ ਮੁਤਾਬਕ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਤੇ ਸਕੂਲ ਸਿੱਖਿਆ ਵਿਭਾਗ ਵਲੋਂ ਸੂਬੇ ਦੇ ਸਾਰੇ 22,322 ਸਕੂਲ, ਜਿਨ੍ਹਾਂ ਵਿਚ 17,328 ਸਰਕਾਰੀ ਅਤੇ 4994 ਪ੍ਰਾਈਵੇਟ ਸਕੂਲ ਸ਼ਾਮਲ ਹਨ, ਨੂੰ ਜਲ ਸਪਲਾਈ ਮੁਹੱਈਆ ਕਰਵਾ ਦਿੱਤੀ ਗਈ ਹੈ। ਇਸੇ ਤਰ੍ਹਾਂ ਸੂਬੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਵਿਚ ਸਥਿਤ ਆਂਗਣਵਾੜੀਆਂ ਵਿਚ ਵੀ ਇਹ ਸਹੂਲਤ ਮੁਹੱਈਆ ਕਰਵਾਉਣ ਲਈ ਪ੍ਰੀਕਿਰਿਆ ਅੰਤਿਮ ਪੜਾਅ ’ਤੇ ਹੈ ਅਤੇ ਮਿੱਥੀ ਹੋਈ 100 ਦਿਨਾ ਦੀ ਮਿਆਦ ਦਰਮਿਆਨ ਮੁਕੰਮਲ ਹੋ ਜਾਵੇਗੀ।

Bharat Thapa

This news is Content Editor Bharat Thapa