ਪੰਜਾਬ ''ਚ ਚੋਣਾਂ ਤੋਂ ਪਹਿਲਾਂ ਵੱਡਾ ਕਦਮ ਚੁੱਕਣ ਦੀ ਤਿਆਰੀ ''ਚ ਭਾਜਪਾ

Thursday, Feb 12, 2026 - 01:31 PM (IST)

ਪੰਜਾਬ ''ਚ ਚੋਣਾਂ ਤੋਂ ਪਹਿਲਾਂ ਵੱਡਾ ਕਦਮ ਚੁੱਕਣ ਦੀ ਤਿਆਰੀ ''ਚ ਭਾਜਪਾ

ਮੋਗਾ  : ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਨੇ ਪੰਜਾਬ ਵਿਚ ਆਪਣੀ ਸਰਗਰਮੀ ਤੇਜ਼ ਕਰ ਦਿੱਤੀ ਹੈ। ਇਸ ਕੜੀ ਵਿਚ ਮੋਗਾ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਵੱਡੀ ਰੈਲੀ ਕਰਵਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪਹਿਲਾਂ ਇਹ ਰੈਲੀ ਫਰਵਰੀ ਦੇ ਅੰਤ ਵਿਚ ਕਰਵਾਉਣ ਦੀ ਯੋਜਨਾ ਸੀ ਪਰ ਅਮਰੀਕਾ ਨਾਲ ਹੋਏ ਵਪਾਰ ਸਮਝੌਤੇ ਤੋਂ ਬਾਅਦ ਕਿਸਾਨਾਂ ਵਿਚ ਫੈਲੇ ਭਰਮ-ਭੁਲੇਖੇ ਨੂੰ ਦੇਖਦਿਆਂ ਇਸ ਨੂੰ ਮਾਰਚ ਤੱਕ ਟਾਲ ਦਿੱਤਾ ਗਿਆ ਹੈ। ਸਿਆਸੀ ਮਾਹਿਰਾਂ ਮੁਤਾਬਕ ਭਾਜਪਾ 2020 ਵਾਲੀ ਗਲਤੀ ਦੁਬਾਰਾ ਨਹੀਂ ਦੋਹਰਾਏਗੀ। ਅਮਰੀਕਾ ਨਾਲ ਸਮਝੌਤੇ ਨੂੰ ਲੈ ਕੇ ਵਿਰੋਧੀ ਪਾਰਟੀਆਂ ਕਿਸਾਨਾਂ ਵਿਚ ਭਰਮ ਫੈਲਾ ਰਹੀਆਂ ਹਨ। ਇਸ ਲਈ ਪਾਰਟੀ ਨੇ ਫੈਸਲਾ ਕੀਤਾ ਹੈ ਕਿ ਪਹਿਲਾਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਚਿੰਤਾਵਾਂ ਦੂਰ ਕੀਤੀਆਂ ਜਾਣਗੀਆਂ ਅਤੇ ਉਸ ਤੋਂ ਬਾਅਦ ਮੋਗਾ ਵਿਚ ਰੈਲੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਦਾ ਇਹ ਵੱਡਾ ਹਾਈਵੇ ਹੋ ਗਿਆ ਜਾਮ ! ਲੱਗ ਗਈਆਂ ਲੰਬੀਆਂ ਲਾਈਨਾਂ

ਦੱਸਣਯੋਗ ਹੈ ਕਿ ਅਮਰੀਕਾ ਨਾਲ ਹੋਏ ਸਮਝੌਤੇ ਤੋਂ ਬਾਅਦ ਪੰਜਾਬ ਵਿਚ ਸੱਤਾਧਿਰ ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਇਹ ਦੋਸ਼ ਲਗਾਇਆ ਗਿਆ ਕਿ ਇਸ ਡੀਲ ਨਾਲ ਪੰਜਾਬ ਦੇ ਕਿਸਾਨਾਂ ਨੂੰ ਨੁਕਸਾਨ ਹੋਵੇਗਾ। ਹਾਲਾਂਕਿ ਡੀਲ ਤੋਂ ਬਾਅਦ ਕੇਂਦਰ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਕਿ ਇਸ ਨਾਲ ਕਿਸਾਨਾਂ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ ਕਿਉਂਕਿ ਡੀਲ ਵਿਚ ਉਨ੍ਹਾਂ ਫਸਲਾਂ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ ਜਿਨ੍ਹਾਂ ਦੀ ਪੈਦਾਵਾਰ ਪੰਜਾਬ ਵਿਚ ਹੁੰਦੀ ਹੈ। ਇਸ ਦੇ ਬਾਵਜੂਦ ਵਿਰੋਧੀ ਪਾਰਟੀਆਂ ਦੇ ਨਾਲ-ਨਾਲ ਕੁਝ ਕਿਸਾਨ ਜਥੇਬੰਦੀਆਂ ਇਸ ਦਾ ਵਿਰੋਧ ਕਰ ਰਹੀਆਂ ਹਨ। ਇਸ ਸਭ ਨੂੰ ਦੇਖਦੇ ਹੋਏ ਭਾਜਪਾ ਨੇ ਕਿਸਾਨਾਂ ਦੇ ਭਰਮ ਨੂੰ ਦੂਰ ਕਰਨ ਲਈ ਆਪਣੇ ਆਗੂਆਂ ਨੂੰ ਫੀਲਡ ਵਿਚ ਉਤਾਰ ਦਿੱਤਾ ਹੈ। 

ਇਹ ਵੀ ਪੜ੍ਹੋ : ਪੰਜਾਬ ਵਿਚ ਮੌਸਮ ਦਾ ਮਿਜਾਜ਼ ਬਦਲਿਆ: ਇਨ੍ਹਾਂ ਤਾਰੀਖਾਂ ਨੂੰ ਪਵੇਗਾ ਮੀਂਹ ਤੇ ਹੋਵੇਗੀ ਗੜ੍ਹੇਮਾਰੀ

ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਅਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਲਗਾਤਾਰ ਇਸ ਗੱਲ 'ਤੇ ਜ਼ੋਰ ਦੇ ਰਹੇ ਹਨ ਕਿ ਡੀਲ ਵਿਚ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਨੂੰ ਸੁਰੱਖਿਅਤ ਰੱਖਿਆ ਗਿਆ ਹੈ। ਹੁਣ ਭਾਜਪਾ ਇਸ ਮਾਮਲੇ ਵਿਚ ਬਲਾਕ ਪ੍ਰਧਾਨ ਤੱਕ ਨੂੰ ਉਤਾਰ ਰਹੀ ਹੈ। ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਹੋਰ ਸੀਨੀਅਰ ਆਗੂ ਲਗਾਤਾਰ ਮੀਟਿੰਗਾਂ ਕਰ ਰਹੇ ਹਨ। ਪਾਰਟੀ ਦਾ ਕਹਿਣਾ ਹੈ ਕਿ ਉਹ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਬੱਚਿਆਂ ਦੇ ਭਵਿੱਖ ਨੂੰ ਵੀ ਸੁਰੱਖਿਅਤ ਬਣਾਉਣ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ : ਪਹਿਲਾਂ ਕਰਵਾਓ ਰੀਚਾਰਜ, ਫਿਰ ਆਊ ਬਿਜਲੀ, ਪੰਜਾਬ ਵਿਚ ਨਵੇਂ ਹੁਕਮ ਜਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News