CM ਮਾਨ ਤੇ DGP ਨੂੰ ਧਮਕੀ ਮਿਲਣ ਦਾ ਮਾਮਲਾ, ਜਾਖੜ ਨੇ US ਤੋਂ ਪੰਨੂ ਖ਼ਿਲਾਫ਼ ਸਖ਼ਤ ਐਕਸ਼ਨ ਦੀ ਕੀਤੀ ਅਪੀਲ
Wednesday, Jan 17, 2024 - 10:12 AM (IST)
ਚੰਡੀਗੜ੍ਹ (ਏਜੰਸੀ) : ਪੰਜਾਬ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੂੰ ਅਮਰੀਕੀ ਪ੍ਰਸ਼ਾਸਨ ਨੂੰ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਕਾਰਵਾਈ ਕਰਨ ਲਈ ਕਹਿਣਾ ਚਾਹੀਦਾ ਹੈ ਜੋ ਪੰਜਾਬ ਦੇ ਮੁੱਖ ਮੰਤਰੀ ਅਤੇ ਡੀ.ਜੀ.ਪੀ. ਨੂੰ ਧਮਕੀਆਂ ਦੇ ਰਿਹਾ ਹੈ। 'ਐਕਸ' 'ਤੇ ਭਾਜਪਾ ਨੇਤਾ ਨੇ ਕਿਹਾ, "ਵਿਦੇਸ਼ ਮੰਤਰੀ ਜੈਸ਼ੰਕਰ ਨੂੰ ਅਮਰੀਕੀ ਪ੍ਰਸ਼ਾਸਨ ਨੂੰ ਪੰਜਾਬ ਦੇ ਮੁੱਖ ਮੰਤਰੀ ਅਤੇ ਡੀ.ਜੀ.ਪੀ. ਨੂੰ ਸ਼ਰੇਆਮ ਧਮਕੀਆਂ ਦੇਣ ਲਈ ਪੰਨੂ ਵਰਗੇ ਲੋਕਾਂ ਵਿਰੁੱਧ ਤੇਜ਼ੀ ਨਾਲ ਕਾਰਵਾਈ ਕਰਨ ਲਈ ਕਹਿਣਾ ਚਾਹੀਦਾ ਹੈ।" ਅੱਤਵਾਦੀਆਂ ਵਿਰੁੱਧ ਤੇਜ਼ੀ ਨਾਲ ਕਾਰਵਾਈ ਕਰਨ ਦਾ ਸੱਦਾ ਦਿੰਦਿਆਂ ਭਾਜਪਾ ਆਗੂ ਨੇ ਅਮਰੀਕੀ ਨਿਆਂ ਵਿਭਾਗ ਵੱਲੋਂ ਇੱਕ ਭਾਰਤੀ ਨਾਗਰਿਕ 'ਤੇ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਲਾਏ ਗਏ ਦੋਸ਼ਾਂ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਅਮਰੀਕਾ ਨੂੰ ਇਸ ਮਾਮਲੇ ਵਿੱਚ ਕਾਰਵਾਈ ਕਰਨੀ ਚਾਹੀਦੀ ਹੈ, ਨਹੀਂ ਤਾਂ ਅਮਰੀਕਾ ਨਾ ਸਿਰਫ਼ ਭਰੋਸੇਯੋਗਤਾ ਗੁਆ ਦੇਵੇਗਾ, ਸਗੋਂ ਦੋਸਤਾਂ ਨੂੰ ਵੀ ਗੁਆ ਦੇਵੇਗਾ।
ਮੀਡੀਆ ਰਿਪੋਰਟਾਂ ਅਨੁਸਾਰ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੁਲਸ ਡਾਇਰੈਕਟਰ ਜਨਰਲ ਗੌਰਵ ਯਾਦਵ ਨੂੰ ਗਣਤੰਤਰ ਦਿਵਸ ਮੌਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਪੰਨੂ ਨੇ ਗੈਂਗਸਟਰਾਂ ਨੂੰ ਇਕਜੁੱਟ ਹੋ ਕੇ 26 ਜਨਵਰੀ ਨੂੰ ਆਮ ਆਦਮੀ ਪਾਰਟੀ (ਆਪ) ਦੇ ਮੁੱਖ ਮੰਤਰੀ 'ਤੇ ਹਮਲਾ ਕਰਨ ਦੀ ਅਪੀਲ ਕੀਤੀ। ਪਾਬੰਦੀਸ਼ੁਦਾ ਸਿੱਖਸ ਫਾਰ ਜਸਟਿਸ (SFJ) ਦੇ ਸੰਸਥਾਪਕ ਅਤੇ ਨਾਮਜ਼ਦ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਗਣਤੰਤਰ ਦਿਵਸ ਤੋਂ ਪਹਿਲਾਂ ਨਵੀਂ ਧਮਕੀ ਦਿੱਤੀ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਕਈ ਤਸਵੀਰਾਂ ਵਿਚ ਰਾਸ਼ਟਰੀ ਰਾਜਧਾਨੀ 'ਚ ਖਾਲਿਸਤਾਨ ਪੱਖੀ ਨਾਅਰੇ ਲਿਖੇ ਦਿਖਾਈ ਦੇ ਰਹੇ ਹਨ। ਇਸ ਵਿਚ ਦਾਅਵਾ ਕੀਤਾ ਗਿਆ ਹੈ ਕਿ ਪਾਬੰਦੀਸ਼ੁਦਾ ਸੰਗਠਨ SFJ ਦਾ ਉਦੇਸ਼ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਮੌਤ ਦਾ "ਬਦਲਾ" ਲੈਣਾ ਹੈ।
ਇਹ ਵੀ ਪੜ੍ਹੋ: ਸਿੰਗਾਪੁਰ 'ਚ ਮੋਟਰਸਾਈਕਲ ਨਾਲ ਟੱਕਰ ਮਗਰੋਂ ਬੱਸ ਨੂੰ ਲੱਗੀ ਅੱਗ, 17 ਸਾਲਾ ਭਾਰਤੀ ਕੁੜੀ ਦੀ ਮੌਤ
ਨਿੱਝਰ ਦਾ ਪਿਛਲੇ ਸਾਲ 18 ਜੂਨ ਨੂੰ ਕੈਨੇਡਾ ਦੇ ਸਰੀ 'ਚ ਗੁਰਦੁਆਰੇ ਦੇ ਬਾਹਰ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਸਿੱਖਸ ਫਾਰ ਜਸਟਿਸ ਨੂੰ 10 ਜੁਲਾਈ, 2019 ਨੂੰ ਭਾਰਤ ਸਰਕਾਰ ਵੱਲੋਂ 'ਗੈਰ-ਕਾਨੂੰਨੀ ਐਸੋਸੀਏਸ਼ਨ' ਘੋਸ਼ਿਤ ਕੀਤਾ ਗਿਆ ਸੀ। ਪੰਨੂ ਨੂੰ 1 ਜੁਲਾਈ 2020 ਨੂੰ ਭਾਰਤ ਸਰਕਾਰ ਵਲੋਂ ਨਾਮਜ਼ਦ ਅੱਤਵਾਦੀ ਐਲਾਨ ਕੀਤਾ ਗਿਆ ਸੀ। NIA ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਪੰਨੂ ਸੋਸ਼ਲ ਮੀਡੀਆ 'ਤੇ ਸਰਗਰਮ ਰੂਪ ਨਾਲ ਪੰਜਾਬ ਦੇ ਗੈਂਗਸਟਰਾਂ ਅਤੇ ਨੌਜਵਾਨਾਂ ਨੂੰ ਖਾਲਿਸਤਾਨ ਦੇ ਆਜ਼ਾਦ ਰਾਜ ਲਈ ਲੜਨ ਲਈ ਪ੍ਰੇਰਿਤ ਕਰ ਰਿਹਾ ਹੈ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਪੰਨੂ ਨੇ ਭਾਰਤ ਖਿਲਾਫ ਅਜਿਹੀ ਧਮਕੀ ਦਿੱਤੀ ਹੈ।
ਪਿਛਲੇ ਸਾਲ ਦਸੰਬਰ 'ਚ ਉਸ ਨੇ 13 ਦਸੰਬਰ ਨੂੰ ਜਾਂ ਇਸ ਤੋਂ ਪਹਿਲਾਂ ਸੰਸਦ 'ਤੇ ਹਮਲਾ ਕਰਨ ਦੀ ਧਮਕੀ ਦਿੱਤੀ ਸੀ। ਨਵੰਬਰ 2023 ਵਿੱਚ, ਪੰਨੂ ਨੇ ਸਿੱਖਾਂ ਨੂੰ ਕਿਹਾ ਕਿ ਉਹ 19 ਨਵੰਬਰ ਤੋਂ ਬਾਅਦ ਏਅਰ ਇੰਡੀਆ ਦੇ ਜਹਾਜ਼ ਵਿੱਚ ਨਾ ਉਡਾਣ ਭਰਨ, ਕਿਉਂਕਿ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ। ਉਸ ਨੇ ਦਾਅਵਾ ਕੀਤਾ ਕਿ 19 ਨਵੰਬਰ ਨੂੰ ਏਅਰ ਇੰਡੀਆ ਨੂੰ ਚਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸਤੰਬਰ 2023 ਵਿੱਚ, ਉਸ ਨੇ ਹਿੰਦੂ ਕੈਨੇਡੀਅਨਾਂ ਨੂੰ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਦਰਮਿਆਨ ਕੂਟਨੀਤਕ ਵਿਵਾਦ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਵਿਚਕਾਰ ਕੈਨੇਡਾ ਛੱਡਣ ਲਈ ਕਿਹਾ। ਵਿਦੇਸ਼ ਮੰਤਰਾਲਾ ਨੇ ਪਿਛਲੇ ਸਾਲ ਦੱਸਿਆ ਸੀ ਕਿ ਭਾਰਤ ਨੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਿੱਤੀਆਂ ਧਮਕੀਆਂ ਦਾ ਮਾਮਲਾ ਅਮਰੀਕਾ ਅਤੇ ਕੈਨੇਡੀਅਨ ਅਧਿਕਾਰੀਆਂ ਕੋਲ ਉਠਾਇਆ ਹੈ।
ਜ਼ਿਕਰਯੋਗ ਹੈ ਕਿ ਪੰਨੂ 2019 ਤੋਂ NIA ਦੇ ਰਾਡਾਰ 'ਤੇ ਹੈ, ਜਦੋਂ ਅੱਤਵਾਦ ਵਿਰੋਧੀ ਏਜੰਸੀ ਨੇ ਅੱਤਵਾਦੀ ਦੇ ਖਿਲਾਫ ਆਪਣਾ ਪਹਿਲਾ ਮਾਮਲਾ ਦਰਜ ਕੀਤਾ ਸੀ, ਜੋ ਧਮਕੀਆਂ ਅਤੇ ਡਰਾਉਣ ਦੀਆਂ ਚਾਲਾਂ ਰਾਹੀਂ ਪੰਜਾਬ ਅਤੇ ਹੋਰ ਥਾਵਾਂ 'ਤੇ ਅੱਤਵਾਦੀ ਕਾਰਵਾਈਆਂ ਅਤੇ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਚਲਾਉਣ ਅਤੇ ਡਰ ਅਤੇ ਦਹਿਸ਼ਤ ਫੈਲਾਉਣ ਵਿੱਚ ਪ੍ਰਮੁੱਖ ਭੂਮਿਕਾ ਨਿਭਾ ਰਿਹਾ ਹੈ। 3 ਫਰਵਰੀ 2021 ਨੂੰ ਐੱਨ.ਆਈ.ਏ. ਦੀ ਵਿਸ਼ੇਸ਼ ਅਦਾਲਤ ਵੱਲੋਂ ਪੰਨੂ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਸਨ ਅਤੇ ਉਸਨੂੰ 29 ਨਵੰਬਰ 2022 ਨੂੰ 'ਭਗੌੜਾ ਅਪਰਾਧੀ (ਪੀਓ)' ਘੋਸ਼ਿਤ ਕੀਤਾ ਗਿਆ ਸੀ। ਪਿਛਲੇ ਸਾਲ ਐੱਨ.ਆਈ.ਏ. ਨੇ ਪੰਨੂ ਦੇ ਅੰਮ੍ਰਿਤਸਰ, ਪੰਜਾਬ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਸਥਿਤ ਘਰ ਅਤੇ ਜ਼ਮੀਨ ਨੂੰ ਜ਼ਬਤ ਕੀਤਾ ਸੀ। ਇਹ ਜਾਇਦਾਦਾਂ ਪਹਿਲਾਂ ਸਰਕਾਰ ਵੱਲੋਂ ਦੋ ਵੱਖ-ਵੱਖ ਮਾਮਲਿਆਂ ਵਿੱਚ ਦਿੱਤੇ ਹੁਕਮਾਂ ਤੋਂ ਬਾਅਦ ਕੁਰਕ ਕੀਤੀਆਂ ਗਈਆਂ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।