ਸੂਬੇ ਦੀ ਕਾਨੂੰਨ-ਵਿਵਸਥਾ ਬਾਰੇ ਪੰਜਾਬ ਭਾਜਪਾ ਫੈਲਾਅ ਰਹੀ ਹੈ ਕੂੜ ਪ੍ਰਚਾਰ: ਕੈਪਟਨ

Friday, Jan 01, 2021 - 02:36 AM (IST)

ਖਰੜ/ਮੋਹਾਲੀ(ਅਸ਼ਵਨੀ)- ਭਾਜਪਾ ਦੇ ਸੂਬਾ ਪ੍ਰਧਾਨ ਨੂੰ ਆਪਣੀ ਪਾਰਟੀ ਦੇ ਸਿਆਸੀ ਏਜੰਡੇ ਨੂੰ ਅੱਗੇ ਵਧਾਉਣ ਲਈ ਫੈਲਾਏ ਜਾ ਰਹੇ ਕੂੜ ਪ੍ਰਚਾਰ ਲਈ ਪੰਜਾਬ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਅਸ਼ਵਨੀ ਸ਼ਰਮਾ ਵਲੋਂ ਪੰਜਾਬ ਵਿਚ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਨੂੰ ਝੂਠਾ ਪੇਸ਼ ਕਰਨ ਦੀ ਕੀਤੀ ਇਹ ਬੇਤੁਕੀ ਕੋਸ਼ਿਸ਼ ਦਰਸਾਉਂਦੀ ਹੈ ਕਿ ਉਨ੍ਹਾਂ ਦੀ ਪਾਰਟੀ ਨੂੰ ਆਗਾਮੀ ਸ਼ਹਿਰੀ ਸਥਾਨਕ ਇਕਾਈਆਂ ਦੀਆਂ ਚੋਣਾਂ ਵਿਚ ਆਪਣੇ ਖਾਤਮੇ ਦਾ ਡਰ ਸਤਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਭਾਜਪਾ ਵਲੋਂ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਮਾੜੀ ਸਥਿਤੀ ਦਾ ਬੇਬੁਨਿਆਦ ਆਧਾਰ ਬਣਾ ਕੇ ਸ਼ਹਿਰੀ ਚੋਣਾਂ ਨੂੰ ਅੱਗੇ ਪਾਉਣ ਲਈ ਰਾਜਪਾਲ ਨੂੰ ਕੀਤੀ ਬੇਨਤੀ ਦਰਸਾਉਂਦੀ ਹੈ ਕਿ ਪਾਰਟੀ ਲੀਡਰਸ਼ਿਪ ਚੋਣਾਂ ਦੇ ਸਿਰ ’ਤੇ ਆਉਣ ਕਾਰਨ ਪੂਰੀ ਤਰ੍ਹਾਂ ਬੌਖਲਾਹਟ ਵਿਚ ਹੈ, ਕਿਉਂਕਿ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਭਾਜਪਾ ਖਿਲਾਫ਼ ਲੋਕਾਂ ਵਿਚ ਜ਼ਬਰਦਸਤ ਰੋਹ ਹੈ। ਭਾਜਪਾ ਵਲੋਂ ਕਾਂਗਰਸ ’ਤੇ ਮੋਬਾਇਲ ਟਾਵਰਾਂ ਨੂੰ ਨੁਕਸਾਨ ਪਹੁੰਚਾਉਣ ਅਤੇ ਇਸ ਦੇ ਨਤੀਜੇ ਵਜੋਂ ਵਿਦਿਆਰਥੀਆਂ ਦੀ ਪੜ੍ਹਾਈ ਦੇ ਨੁਕਸਾਨ ਲਈ ਲਾਏ ਜਾ ਰਹੇ ਦੋਸ਼ਾਂ ਨੂੰ ਸਿਰੇ ਤੋਂ ਰੱਦ ਕਰਦਿਆਂ ਮੁੱਖ ਮੰਤਰੀ ਨੇ ਪੁੱਛਿਆ ਕਿ ਕੀ ਕਿਸਾਨਾਂ ਦੇ ਭਾਜਪਾ ਖਿਲਾਫ਼ ਗੁੱਸੇ ਲਈ ਅਸੀਂ ਜ਼ਿੰਮੇਵਾਰ ਹਾਂ? ਖੇਤੀ ਕਾਨੂੰਨ ਅਸੀਂ ਨਹੀਂ ਬਣਾਏ, ਇਹ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਬਣਾਏ ਗਏ ਹਨ। ਸਗੋਂ ਅਸੀਂ ਤਾਂ ਇਨ੍ਹਾਂ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਵਿਧਾਨ ਸਭਾ ਵਿਚ ਸੋਧ ਬਿੱਲ ਪਾਸ ਕੀਤੇ।

ਉਨ੍ਹਾਂ ਭਾਜਪਾ ਆਗੂਆਂ ਵਲੋਂ ਕੀਤੇ ਇਸ ਦਾਅਵੇ ਕਿ ਭਾਰਤ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਪਹਿਲਾਂ ਹੀ ਮੰਨ ਲਈਆਂ ਹਨ, ਨੂੰ ਮੁੱਢੋਂ ਹੀ ਖਾਰਿਜ ਕਰਦਿਆਂ ਕਿਹਾ ਜੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਹੁੰਦੀਆਂ ਤਾਂ ਉਹ ਕੜਾਕੇ ਦੀ ਠੰਢ ਵਿਚ ਦਿੱਲੀ ਦੇ ਬਾਰਡਰਾਂ ’ਤੇ ਸੜਕਾਂ ’ਤੇ ਖੁੱਲ੍ਹੇ ਅਸਮਾਨ ਹੇਠਾਂ ਨਾ ਬੈਠੇ ਹੁੰਦੇ। ਸੱਤਾ ਦੇ ਲਾਲਚੀ ਭਾਜਪਾ ਆਗੂਆਂ ਨੂੰ ਇਸ ਗੱਲ ਨਾਲ ਵੀ ਕੋਈ ਸਰੋਕਾਰ ਨਹੀਂ ਕਿ 50 ਦੇ ਕਰੀਬ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿਚ ਕੁਝ ਕੁ ਵਲੋਂ ਆਤਮ ਹੱਤਿਆ ਕੀਤੀ ਗਈ ਹੈ।


Bharat Thapa

Content Editor

Related News