ਆਦਮਪੁਰ ਏਅਰਪੋਰਟ ਦਾ ਨਾਂ ਬਦਲਣ ਨੂੰ ਲੈ ਕੇ ਸੁਨੀਲ ਜਾਖੜ ਨੇ PM ਨਰਿੰਦਰ ਮੋਦੀ ਨੂੰ ਲਿਖੀ ਚਿੱਠੀ
Thursday, Jun 13, 2024 - 06:53 PM (IST)
ਜਲੰਧਰ/ਚੰਡੀਗੜ੍ਹ (ਵੈੱਬ ਡੈਸਕ, ਅੰਕੁਰ)- ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਗਈ ਹੈ। ਜਾਖੜ ਵੱਲੋਂ ਲਿਖੀ ਗਈ ਚਿੱਠੀ ਵਿਚ ਆਦਮਪੁਰ ਏਅਰਪੋਰਟ ਦਾ ਨਾਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਂ 'ਤੇ ਰੱਖਣ ਦੀ ਮੰਗ ਕੀਤੀ ਗਈ ਹੈ। ਇੰਨਾ ਹੀ ਨਹੀਂ ਜਾਖੜ ਵੱਲੋਂ ਦਿੱਲੀ ਦੀ ਤੁਗਲਕਾਬਾਦ ਵਿਚ ਮੰਦਿਰ ਦੇ ਮੁੜ ਨਿਰਮਾਣ ਦੀ ਵੀ ਮੰਗ ਕੀਤੀ ਗਈ ਹੈ। ਉਨ੍ਹਾਂ ਵੱਲੋਂ ਤੁਗਲਕਾਬਾਦ ਵਿਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਮੰਦਿਰ ਦੇ ਆਲੇ-ਦੁਆਲੇ ਸੁੰਦਰ ਵਾਟਿਕਾ ਬਣਾਉਣ ਦੀ ਵੀ ਮੰਗ ਕੀਤੀ ਗਈ ਹੈ।
ਇਥੇ ਦੱਸ ਦੇਈਏ ਕਿ ਲੋਕ ਸਭਾ ਚੋਣਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੁਸ਼ਿਆਰਪੁਰ ਵਿਚ ਕੀਤੀ ਗਈ ਰੈਲੀ ਦੌਰਾਨ ਆਦਮਪੁਰ ਏਅਰਪੋਰਟ ਦਾ ਬਦਲ ਕੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਂ 'ਤੇ ਰੱਖਣ ਦਾ ਵਾਅਦਾ ਕੀਤਾ ਸੀ। ਉਂਝ ਲੋਕਾਂ ਦੀ ਇਹ ਮੰਗ ਕਾਫ਼ੀ ਸਮੇਂ ਤੋਂ ਚੱਲਦੀ ਆ ਰਹੀ ਹੈ।
ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਜਿੱਥੇ ਉਨ੍ਹਾਂ ਨੂੰ ਤੀਜੀ ਵਾਰ ਇਸ ਵਕਾਰੀ ਮੁਕਾਮ 'ਤੇ ਪੁੱਜਣ ਲਈ ਪੰਜਾਬ ਦੇ ਲੋਕਾਂ ਵੱਲੋਂ ਸੁਭਕਾਮਨਾਵਾਂ ਭੇਜੀਆਂ ਹਨ, ਉਥੇ ਹੀ ਉਨ੍ਹਾਂ ਨੇ ਪੰਜਾਬ ਦੇ ਆਦਮਪੁਰ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਂ 'ਤੇ ਰੱਖਣ ਅਤੇ ਦਿੱਲੀ ਦੇ ਤੁਗਲਕਾਬਾਦ ਸਥਿਤ ਗੁਰੂ ਰਵਿਦਾਸ ਮੰਦਿਰ ਦੇ ਨਵੀਨੀਕਰਨ ਅਤੇ ਉਸ ਦੇ ਆਲੇ-ਦੁਆਲੇ ਦੇ ਸੁੰਦਰੀਕਰਨ ਦੀ ਅਪੀਲ ਵੀ ਕੀਤੀ ਹੈ। ਆਪਣੀ ਚਿੱਠੀ ਵਿਚ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਦਾ ਧਿਆਨ ਉਨ੍ਹਾਂ ਦੋ ਮੁੱਦਿਆਂ ਵੱਲ ਖਿੱਚਿਆ ਹੈ, ਜਿਨ੍ਹਾਂ ਦਾ ਲੋਕਾਂ ਦੇ ਮਨਾਂ 'ਤੇ ਡੂੰਘਾ ਭਾਵਾਨਾਤਮਕ ਅਤੇ ਅਧਿਆਤਮਿਕ ਪ੍ਰਭਾਵ ਹੈ। ਇਹ ਮੁੱਦੇ ਸਮਾਜ ਪ੍ਰਤੀ ਪਾਰਟੀ ਦੀ ਵਚਨਬੱਧਤਾ ਨਾਲ ਵੀ ਜੁੜੇ ਹਨ।
ਸੁਨੀਲ ਜਾਖੜ ਨੇ ਲਿਖਿਆ ਹੈ ਕਿ ਮਹਾਨ ਗੁਰੂ ਭਗਤ ਰਵਿਦਾਸ ਜੀ ਦੇ ਨਾਂ 'ਤੇ ਆਦਮਪੁਰ ਹਵਾਈ ਅੱਡੇ ਦਾ ਨਾਂ ਰੱਖਣ ਦੀ ਪੰਜਾਬ ਦੀ ਪੁਰਾਣੀ ਮੰਗ ਹੈ। ਇਸ ਸਬੰਧੀ ਪ੍ਰਧਾਨ ਮੰਤਰੀ ਨੇ ਆਪਣੀ ਪੰਜਾਬ ਫੇਰੀ ਦੌਰਾਨ ਅਜਿਹੀ ਇੱਛਾ ਵੀ ਪ੍ਰਗਟਾਈ ਸੀ। ਸੂਬਾ ਪ੍ਰਧਾਨ ਨੇ ਆਖਿਆ ਕਿ ਜੇਕਰ ਅਜਿਹਾ ਕੀਤਾ ਜਾਂਦਾ ਹੈ ਤਾਂ ਇਸ ਨਾਲ ਪੰਜਾਬ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਪੂਰੀ ਹੋ ਜਾਵੇਗੀ। ਸੂਬਾ ਭਾਜਪਾ ਪ੍ਰਧਾਨ ਨੇ ਪੱਤਰ ਵਿਚ ਅੱਗੇ ਲਿਖਿਆ ਹੈ ਕਿ ਹੁਣ ਜਦੋਂ ਦਿੱਲੀ ਦੇ ਤੁਗਲਕਾਬਾਦ ਸਥਿਤ ਗੁਰੂ ਰਵਿਦਾਸ ਮੰਦਿਰ ਨੂੰ ਇਸ ਦੀ ਅਸਲੀ ਸ਼ਾਨ ਬਹਾਲ ਕਰਨ ਲਈ ਦੋਬਾਰਾ ਬਣਾਇਆ ਜਾ ਰਿਹਾ ਹੈ, ਤਾਂ ਗੁਰੂ ਰਵਿਦਾਸ ਮੰਦਿਰ ਦੇ ਆਲੇ-ਦੁਆਲੇ ਦੇ ਖੇਤਰਾਂ ਨੂੰ ਇਕ ਵਾਟਿਕਾ (ਬਾਗ) ਵਿੱਚ ਵਿਕਸਤ ਕਰਨ ਬਾਰੇ ਵਿਚਾਰ ਕਰਨਾ ਲਾਹੇਵੰਦ ਹੋਵੇਗਾ। ਇਹ ਹਰ ਵਰਗ ਦੇ ਲੋਕਾਂ ਨੂੰ ਸਤਿਕਾਰਯੋਗ ਗੁਰੂ ਰਵਿਦਾਸ ਜੀ ਦੇ ਸਮਾਨਤਾਵਾਦੀ ਫਲਸਫੇ ਨਾਲ ਜੋੜਣ ਵਿਚ ਸਹਾਇਕ ਸਿੱਧ ਹੋਵੇਗਾ। ਪ੍ਰਧਾਨ ਮੰਤਰੀ ਨੂੰ ਸੰਬੋਧਨ ਚਿੱਠੀ ਵਿਚ ੳਨ੍ਹਾਂ ਲਿਖਿਆ ਹੈ ਕਿ ਇਹ ਗੁਰੂ ਰਵਿਦਾਸ ਜੀ ਨੂੰ ਇਕ ਢੁੱਕਵੀਂ ਸ਼ਰਧਾਂਜਲੀ ਹੋਵੇਗੀ ਅਤੇ ਸਾਰੇ ਧਰਮਾਂ ਦੇ ਸਿਧਾਂਤਾਂ ਨੂੰ ਬਰਕਰਾਰ ਰੱਖਣ ਦੇ ਸ੍ਰੀ ਨਰਿੰਦਰ ਮੋਦੀ ਦੇ ਸੰਕਲਪ ਦਾ ਪ੍ਰਗਟਾਵਾ ਹੋਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਵਾਰ ਫਿਰ ਚੋਣ ਘਮਸਾਨ: ਜਲੰਧਰ ਵੈਸਟ ਜ਼ਿਮਨੀ ਚੋਣ ’ਚ ਡਟਣਗੀਆਂ ਹੁਣ ਸਾਰੀਆਂ ਸਿਆਸੀ ਧਿਰਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।