ਪੰਜਾਬ 'ਚ ਕੇਜਰੀਵਾਲ ਦੀ ਤਾਨਾਸ਼ਾਹੀ ਖ਼ਿਲਾਫ਼ ਮੁਹਿੰਮ ਵਿੱਢੇਗੀ ਭਾਜਪਾ: ਰਾਕੇਸ਼ ਰਾਠੌਰ
Wednesday, Mar 18, 2026 - 11:34 AM (IST)
ਜਲੰਧਰ (ਵੈੱਬ ਡੈਸਕ): ਪੰਜਾਬ ਕੇਸਰੀ ਗਰੁੱਪ ਦੇ ਹੋਟਲ ਪਾਰਕ ਪਲਾਜ਼ਾ 'ਤੇ 'ਆਪ' ਸਰਕਾਰ ਦੀ ਕਾਰਵਾਈ ਦਾ ਵਿਰੋਧ ਕਰ ਰਹੇ ਆਗੂਆਂ ਨੂੰ ਪੁਲਸ ਵੱਲੋਂ ਵੱਖ-ਵੱਖ ਪਾਰਟੀਆਂ ਦੇ 40 ਆਗੂਆਂ ਨੂੰ ਹਿਰਾਸਤ ਵਿਚ ਲਿਆ ਗਿਆ ਸੀ ਤੇ ਦੇਰ ਰਾਤ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਸਣੇ 6 ਦੇ ਕਰਰੀਬ ਆਗੂਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ। ਅੱਜ ਇਨ੍ਹਾਂ ਨੂੰ ਜਲੰਧਰ ਦੀ ਅਦਾਲਤ ਵਿਚ ਪੇਸ਼ ਕੀਤਾ ਜਾਣਾ ਹੈ। ਭਾਰਤੀ ਜਨਤਾ ਪਾਰਟੀ ਵੱਲੋਂ ਇਸ ਕਾਰਵਾਈ ਦੇ ਵਿਰੋਧ ਵਿਚ ਅਦਾਲਤ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਉੱਥੇ ਹੀ ਪੁਲਸ ਵੱਲੋਂ ਇਸ ਪਾਸੇ ਆਉਣ ਵਾਲੇ ਰਾਹ ਸੀਲ ਕਰ ਦਿੱਤੇ ਗਏ ਹਨ ਤੇ ਆਮ ਲੋਕਾਂ ਨੂੰ ਵੀ ਖੱਜਲ ਖੁਆਰ ਕੀਤਾ ਜਾ ਰਿਹਾ ਹੈ।
ਇਸ ਧਰਨੇ ਵਿਚ ਪਹੁੰਚੇ ਭਾਜਪਾ ਦਾ ਸੀਨੀਅਰ ਆਗੂ ਰਾਕੇਸ਼ ਰਾਠੌਰ ਨੇ ਕਿਹਾ ਕਿ ਪੰਜਾਬ ਵਿਚ ਇਸ ਵੇਲੇ ਐਮਰਜੰਸੀ ਤੋਂ ਵੀ ਬੁਰੇ ਹਾਲਾਤ ਪੈਦਾ ਕਰ ਦਿੱਤੇ ਗਏ ਹਨ। ਮੀਡੀਆ ਲੋਕਤੰਤਰ ਦਾ ਚੌਥਾ ਥੰਮ੍ਹ ਹੁੰਦਾ ਹੈ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਚਾਹੁੰਦੀ ਹੈ ਕਿ ਕੋਈ ਵੀ ਮੀਡੀਆ ਅਦਾਰਾ ਇਨ੍ਹਾਂ ਦੇ ਖ਼ਿਲਾਫ਼ ਨਾ ਬੋਲੇ। ਜਿਹੜਾ ਵੀ ਸੱਚ ਬੋਲਦਾ ਹੈ, ਉਸ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਪੰਜਾਬ ਕੇਸਰੀ ਗਰੁੱਪ ਨੂੰ ਜਿਸ ਤਰ੍ਹਾਂ ਟਾਰਗੇਟ ਕੀਤੀ ਜਾ ਰਿਹਾ ਹੈ, ਉਹ ਬਹੁਤ ਹੀ ਨਿੰਦਣਯੋਗ ਹੈ। ਅੱਜ ਪੰਜਾਬ ਵਿਚ ਗੈਂਗਸਟਰਵਾਦ, ਕਤਲੋਗਾਰਤ ਤੇ ਧੱਕੇਸ਼ਾਹੀ ਵਿਚਾਲੇ ਜੇ ਕੋਈ ਸਿਆਸੀ ਪਾਰਟੀ ਰੋਸ ਪ੍ਰਦਰਸ਼ਨ ਵੀ ਕਰ ਰਹੀ ਹੈ ਤਾਂ ਉਸ ਨਾਲ ਵੀ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ਵਿਚ ਤਾਨਸ਼ਾਹੀ ਕਰ ਰਿਹਾ ਹੈ। ਭਾਰਤੀ ਜਨਤਾ ਪਾਰਟੀ ਪੂਰੇ ਪੰਜਾਬ ਵਿਚ ਇਸ ਦੇ ਖ਼ਿਲਾਫ਼ ਮੁਹਿੰਮ ਵਿੱਢਣ ਜਾ ਰਹੀ ਹੈ।
ਇਸੇ ਤਰ੍ਹਾਂ ਸਾਬਕਾ ਵਿਧਾਇਕ ਕੇ.ਡੀ. ਭੰਡਾਰੀ ਨੇ ਕਿਹਾ ਕਿ ਪੰਜਾਬ ਵਿਚ ਇਸ ਵੇਲੇ ਐਮਰਜੰਸੀ ਵਰਗੇ ਹਾਲਾਤ ਬਣ ਗਏ ਹਨ। ਉਨ੍ਹਾਂ ਆਖਿਆ ਕਿ ਭਾਰਤੀ ਜਨਤਾ ਪਾਰਟੀ ਇਨ੍ਹਾਂ ਪਰਚਿਆਂ ਨੂੰ ਰੱਦ ਕਰਵਾ ਕੇ ਹੀ ਸਾਹ ਲਵੇਗੀ।
