ਚਿੱਟੇ ਨੇ ਉਜਾੜਿਆ ਇਕ ਹੋਰ ਘਰ! ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਦੋ ਭੈਣਾਂ ਦਾ ਇਕਲੌਤਾ ਭਰਾ

Tuesday, Dec 23, 2025 - 04:28 PM (IST)

ਚਿੱਟੇ ਨੇ ਉਜਾੜਿਆ ਇਕ ਹੋਰ ਘਰ! ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਦੋ ਭੈਣਾਂ ਦਾ ਇਕਲੌਤਾ ਭਰਾ

ਧਰਮਕੋਟ (ਕਸ਼ਿਸ਼): ਹਲਕਾ ਧਰਮਕੋਟ ਅਧੀਨ ਪੈਂਦੇ ਪਿੰਡ ਢੋਲੇਵਾਲਾ ਵਿਚ ਨਸ਼ਿਆਂ ਨੇ ਇਕ ਹੋਰ ਨੌਜਵਾਨ ਦੀ ਜਾਨ ਲੈ ਲਈ। ਪ੍ਰਾਪਤ ਜਾਣਕਾਰੀ ਅਨੁਸਾਰ 18 ਸਾਲਾ ਦਿਲਪ੍ਰੀਤ ਸਿੰਘ, ਜੋ ਕਿ ਦੋ ਭੈਣਾਂ ਦਾ ਇਕਲੌਤਾ ਭਰਾ ਸੀ, ਦੀ ਚਿੱਟੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਇਸ ਦਰਦਨਾਕ ਘਟਨਾ ਨਾਲ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਦਿਲਪ੍ਰੀਤ ਸਿੰਘ ਦੀ ਅਚਾਨਕ ਮੌਤ ਦੀ ਖ਼ਬਰ ਮਿਲਦੇ ਹੀ ਪਰਿਵਾਰ ਉੱਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਮਾਂ-ਪਿਉ ਅਤੇ ਭੈਣਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਿੰਡ ਵਾਸੀਆਂ ਅਨੁਸਾਰ ਦਿਲਪ੍ਰੀਤ ਹਾਲੇ ਨੌਜਵਾਨੀ ਦੀ ਦਹਲੀਜ਼ ’ਤੇ ਕਦਮ ਰੱਖ ਰਿਹਾ ਸੀ, ਪਰ ਨਸ਼ਿਆਂ ਦੀ ਦਲਦਲ ਨੇ ਉਸ ਦਾ ਭਵਿੱਖ ਖੋਹ ਲਿਆ। ਇਸ ਮੌਕੇ ਪਿੰਡ ਵਾਸੀਆਂ ਅਤੇ ਸਮਾਜਿਕ ਆਗੂਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਹੋਰ ਪਰਿਵਾਰ ਇਸ ਤਰ੍ਹਾਂ ਉਜੜਨ ਤੋਂ ਬਚ ਸਕਣ। ਉਨ੍ਹਾਂ ਕਿਹਾ ਕਿ ਚਿੱਟਾ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਖੋਖਲਾ ਕਰ ਰਿਹਾ ਹੈ ਅਤੇ ਇਸ ’ਤੇ ਤੁਰੰਤ ਰੋਕ ਲਗਾਉਣੀ ਸਮੇਂ ਦੀ ਲੋੜ ਹੈ।


author

Anmol Tagra

Content Editor

Related News