ਪੰਜਾਬ ਬਜਟ 2020: ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਲਈ ਸਰਕਾਰ ਦਾ ਵੱਡਾ ਐਲਾਨ
Friday, Feb 28, 2020 - 06:42 PM (IST)

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦਾ 6ਵਾਂ ਦਿਨ ਹੈ। ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵਲੋਂ 2020-2021 ਦਾ ਸਲਾਨਾ ਬਜਟ ਪੇਸ਼ ਕੀਤਾ ਹੈ। ਉਨ੍ਹਾਂ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਲਈ ਵੱਡਾ ਐਲਾਨ ਕਰਦੇ ਹੋਏ 20 ਕਰੋੜ ਦੇਣ ਦਾ ਐਲਾਨ ਕੀਤਾ ਹੈ। ਪਿਛਲੇ ਸਮੇਂ ਤੋਂ ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਪਰਾਲੀ ਨਾ ਸਾੜਨ ਦਾ ਦਬਾਅ ਬਣਾਇਆ ਜਾ ਰਿਹਾ ਸੀ, ਜਿਸ ਕਰਕੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿਸਾਨਾਂ 'ਤੇ ਪਰਚੇ ਵੀ ਦਰਜ ਕੀਤੇ ਗਏ। ਪੰਜਾਬ 'ਚ ਵੀ ਹਜ਼ਾਰਾਂ ਕਿਸਾਨਾਂ 'ਤੇ ਪਰਾਲੀ ਸਾੜਨ ਦੇ ਦੋਸ਼ ਤਹਿਤ ਪਰਚੇ ਦਰਜ ਕੀਤੇ ਗਏ ਸਨ। ਸਰਕਾਰ ਵਲੋਂ ਬਜਟ 'ਚ ਇਸ ਲਈ ਪ੍ਰਬੰਧ ਕਰਨਾ ਕਿਸਾਨਾਂ ਲਈ ਚੰਗੀ ਖਬਰ ਹੈ। ਜੇਕਰ ਬਜਟ 'ਚ ਪ੍ਰਬੰਧ ਕੀਤੇ ਗਏ ਪੈਸੇ ਦਾ ਸਹੀ ਇਸਤੇਮਾਲ ਹੁੰਦਾ ਹੈ ਤਾਂ ਆਉਣ ਵਾਲੇ ਸਮੇਂ 'ਚ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਮੁਕਤੀ ਮਿਲ ਜਾਵੇਗੀ, ਜਿਸ ਨਾਲ ਕਿਸਾਨਾਂ ਦਾ ਤਾਂ ਫਾਇਦਾ ਹੋਵੇਗਾ ਹੀ, ਇਸ ਦੇ ਨਾਲ-ਨਾਲ ਵਾਤਾਵਰਨ 'ਚ ਸੁਧਾਰ ਵੀ ਹੋਵੇਗਾ।