ਪੰਜਾਬ 'ਚ 2.36 ਲੱਖ ਕਰੋੜ ਦਾ ਬਜਟ ; ਹਰ ਪਰਿਵਾਰ ਦਾ ਹੋਵੇਗਾ ਮੁਫ਼ਤ ਇਲਾਜ, ਜਾਣੋ ਕਿਸ ਨੂੰ ਕੀ ਮਿਲਿਆ
Wednesday, Mar 26, 2025 - 01:40 PM (IST)

ਚੰਡੀਗੜ੍ਹ- ਅੱਜ ਪੰਜਾਬ ਵਿਧਾਨ ਸਭਾ 'ਚ ਵਿੱਤੀ ਸਾਲ 2025-26 ਦਾ ਬਜਟ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਜਾ ਰਿਹਾ ਹੈ। ਇਸ ਵਾਰ ਇਸ ਬਜਟ ਦੀ ਥੀਮ 'ਬਦਲਦਾ ਪੰਜਾਬ' ਰੱਖੀ ਗਈ ਹੈ, ਜਿਸ ਦਾ ਸਾਈਜ਼ 2.36 ਲੱਖ ਕਰੋੜ ਰੁਪਏ ਰੱਖਿਆ ਗਿਆ ਹੈ, ਜੋ ਕਿ ਪਿਛਲੇ ਸਾਲ ਨਾਲੋਂ ਕਰੀਬ 15 ਫ਼ੀਸਦੀ ਵੱਧ ਹੈ।
ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਸ ਵਾਰ ਸਰਕਾਰ ਸੂਬੇ ਦੇ ਉਦਯੋਗਾਂ ਲਈ ਨਵੀਂ ਨੀਤੀ ਲਿਆਵੇਗੀ ਤੇ ਸਰਕਾਰ ਨੇ ਉਦਯੋਗਾਂ ਲਈ 250 ਕਰੋੜ ਰੁਪਏ ਪ੍ਰੋਤਸਾਹਨ ਰਾਸ਼ੀ ਵੀ ਰਾਖਵੀਂ ਰੱਖੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਘਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ਲਈ ਵੀ ਸਰਕਾਰ ਨੇ 7,610 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਹੈ।
ਇਸ ਤੋਂ ਇਲਾਵਾ ਸੂਬੇ ਦੇ ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਸ਼ਹਿਰਾਂ 'ਚ ਵਿਦੇਸ਼ਾਂ ਵਰਗੀਆਂ ਸੜਕਾਂ ਬਣਾਈਆਂ ਜਾਣਗੀਆਂ, ਤਾਂ ਜੋ ਆਵਾਜਾਈ 'ਚ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਵੇ ਤੇ ਇਸ ਦੇ ਨਾਲ ਹੀ ਸਰਕਾਰ ਮੁੱਖ ਮੰਤਰੀ ਸਟ੍ਰੀਟ ਲਾਈਟ ਯੋਜਨਾ ਵੀ ਲੈ ਕੇ ਆਵੇਗੀ।
ਉਨ੍ਹਾਂ ਪਿਛਲੀਆਂ ਸਰਕਾਰਾਂ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਪਿਛਲੀ ਕਾਂਗਰਸ ਤੇ ਅਕਾਲੀ ਦਲ ਦੀ ਸਰਕਾਰ ਨੇ ਪੰਜਾਬ ਨੂੰ ਇਕ ਬੀਮਾਰ ਸੂਬਾ ਬਣਾਇਆ ਸੀ। ਪਰ ਪੰਜਾਬ ਸਰਕਾਰ ਨੇ ਸੂਬੇ ਦੇ ਸਿਹਤ ਵਿਭਾਗ ਲਈ ਬਜਟ 'ਚ 268 ਕਰੋੜ ਰੁਪਏ ਦੀ ਰਾਸ਼ੀ ਰੱਖੀ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ 'ਸਿਹਤ ਬੀਮਾ ਯੋਜਨਾ' ਤਹਿਤ ਸੂਬੇ ਦੇ 65 ਲੱਖ ਪਰਿਵਾਰ ਕਵਰ ਕੀਤੇ ਜਾਣਗੇ, ਜਿਨ੍ਹਾਂ ਨੂੰ 10 ਲੱਖ ਤੱਕ ਦਾ ਬੀਮਾ ਕਵਰ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਨਸ਼ਿਆਂ 'ਤੇ ਠੱਲ੍ਹ ਪਾਉਣ ਲਈ ਸਰਕਾਰ 150 ਕਰੋੜ ਰੁਪਏ ਨਸ਼ਾ ਮੁਕਤੀ 'ਤੇ ਖ਼ਰਚ ਕਰੇਗੀ। ਇਸ ਤੋਂ ਇਲਾਵਾ ਪੰਜਾਬ 'ਚ ਪਹਿਲੀ ਵਾਰ ਡਰੱਗ ਸੈਂਸਸ ਵੀ ਹੋਵੇਗੀ। ਪੰਜਾਬ ਬਜਟ 2025 ਦੌਰਾਨ ਕੀ ਕੁਝ ਰਿਹਾ ਖ਼ਾਸ, ਪੜ੍ਹੋ ਪੂਰੀ ਜਾਣਕਾਰੀ-
ਹਰੇਕ ਪਰਿਵਾਰ ਨੂੰ ਮਿਲੇਗਾ ਮੁਫ਼ਤ ਇਲਾਜ
ਜਾਬ ਸਰਕਾਰ ਨੇ 'ਸਿਹਤ ਕ੍ਰਾਂਤੀ' ਦੀ ਦਿਸ਼ਾ ਵਿਚ ਇਕ ਹੋਰ ਵੱਡੀ ਪੁਲਾਂਘ ਪੁੱਟਦਿਆਂ ਸੂਬੇ ਦੇ ਲੋਕਾਂ ਲਈ ਵੱਡਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਇਸ ਬਜਟ ਵਿਚ ਸਿਹਤ ਖੇਤਰ ਲਈ 2 ਵੱਡੇ ਫ਼ੈਸਲੇ ਲਏ ਗਏ ਹਨ। ਅੱਜ ਵਿਧਾਨ ਸਭਾ ਵਿਚ ਸਾਲ 2025-26 ਦਾ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਸਰਕਾਰ ਨੇ ਰਾਜ ਦੀ ਸਿਹਤ ਬੀਮਾ ਯੋਜਨਾ ਨੂੰ ਵਿਆਪਕ ਬਣਾਉਣ ਅਤੇ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਕਵਰ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਵਿਚ ਕੋਈ ਰੁਕਾਵਟ ਜਾਂ ਵਿਤਕਰਾ ਨਹੀਂ ਹੋਵੇਗਾ। ਪੇਂਡੂ ਜਾਂ ਸ਼ਹਿਰੀ, ਅਮੀਰ ਜਾਂ ਗਰੀਬ ਹਰ ਕੋਈ ਇਸ ਯੋਜਨਾ ਦਾ ਲਾਭ ਲੈ ਸਕਦਾ ਹੈ।
ਬਜਟ 'ਚ ਪੰਜਾਬ ਦੇ ਸਕੂਲਾਂ ਲਈ ਵੱਡਾ ਐਲਾਨ
ਪੰਜਾਬ ਬਜਟ ਸੈਸ਼ਨ ਦੌਰਾਨ ਪੰਜਾਬ ਦੀ ਸਕੂਲੀ ਸਿੱਖਿਆ ਅਤੇ ਵਿਦਿਆਰਥੀਆਂ ਲਈ ਵੱਡੇ ਐਲਾਨ ਕੀਤੇ ਗਏ ਹਨ। ਬਜਟ ਭਾਸ਼ਣ ਪੜ੍ਹਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਕੂਲਜ਼ ਆਫ ਐਮੀਨੈਂਸ ਅਤੇ ਸਕੂਲਜ਼ ਆਫ ਬ੍ਰਿਲੀਐਂਸ ਉੱਤਮਤਾ ਦੇ ਕੇਂਦਰਾਂ ਵਜੋਂ ਕੰਮ ਕਰਨਗੇ। 425 ਪ੍ਰਾਇਮਰੀ ਸਕੂਲਾਂ ਨੂੰ ਸਕੂਲ ਆਫ ਹੈਪੀਨੈੱਸ 'ਚ ਬਦਲਿਆ ਜਾ ਰਿਹਾ ਹੈ। 4,098 ਸਰਕਾਰੀ ਸਕੂਲਾਂ 'ਚ ਪਹਿਲਾਂ ਹੀ ਸੋਲਰ ਪੈਨਲ ਲਾਏ ਜਾ ਚੁੱਕੇ ਹਨ ਅਤੇ ਹੋਰ ਵਿਸਥਾਰ ਦੀ ਯੋਜਨਾ ਹੈ। ਸਕੂਲਾਂ ਦੀ ਸਫ਼ਾਈ ਅਤੇ ਸੁਰੱਖਿਆ ਲਈ ਕੈਂਪਸ ਮੈਨੇਜਰ, ਸੁਰੱਖਿਆ ਗਾਰਡ, ਚੌਂਕੀਦਾਰ ਅਤੇ ਸਫ਼ਾਈ ਸੇਵਕਾਂ ਦੀ ਨਿਯੁਕਤੀ ਕੀਤੀ ਜਾਵੇਗੀ।
ਅਨੁਸੂਚਿਤ ਜਾਤੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ
ਪੰਜਾਬ ਬਜਟ ਵਿਚ ਸਮਾਜਿਕ ਨਿਆਂ ਅਤੇ ਅਨੁਸੂਚਿਤ ਜਾਤੀਆਂ ਲਈ ਵਿੱਤ ਮੰਤਰੀ ਹਰਪਾਲ ਸਿੰਘ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਵਿੱਤ ਮੰਤਰੀ ਨੇ ਐਲਾਨ ਕਰਦੇ ਕਿਹਾ ਕਿ ਅਨੁਸੂਚਿਤ ਜਾਤੀ ਦੇ ਭਾਈਚਾਰੇ ਵੱਲੋਂ 'ਪੰਜਾਬ ਅਨੁਸੂਚਿਤ ਜਾਤੀ ਭੂਮੀ ਵਿਕਾਸ ਅਤੇ ਵਿੱਤ ਨਿਗਮ' ਤੋਂ 2020 ਤੱਕ ਲਏ ਗਏ ਸਾਰੇ ਕਰਜ਼ੇ ਮੁਆਫ਼ ਕੀਤੇ ਜਾਂਦੇ ਹਨ। ਇਸ ਦੇ ਨਾਲ 5 ਹਜ਼ਾਰ ਲੋਕਾਂ ਨੂੰ ਲਾਭ ਮਿਲੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਅਤੇ ਸਾਰੇ ਦਲਿਤ ਵਰਗਾਂ ਦੇ ਵਿਕਾਸ ਲਈ ਵਿੱਤੀ ਸਾਲ 2025-26 ਵਿਚ ਅਨੁਸੂਚਿਤ ਜਾਤੀਆਂ ਉੱਪ-ਯੋਜਨਾ (ਐੱਸ. ਸੀ. ਐੱਸ. ਪੀ) ਲਈ 13,937 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ, ਜੋ ਸੂਬੇ ਦੇ ਕੁੱਲ੍ਹ ਬਜਟ ਦਾ 34 ਫ਼ੀਸਦੀ ਹੈ।
ਪੰਜਾਬ ਦੇ ਬਜਟ 'ਚ ਸੜਕਾਂ ਤੇ ਪੁਲਾਂ ਲਈ ਵੱਡਾ ਐਲਾਨ
ਹਰਪਾਲ ਚੀਮਾ ਨੇ ਕਿਹਾ ਕਿ 2718 ਕਿਲੋਮੀਟਰ ਯੋਜਨਾਬੱਧ ਸੜਕਾਂ ਅਤੇ ਨਵੇਂ ਸੰਪਰਕ ਰੂਟਾਂ ਅਤੇ ਹੋਰ ਦੇ ਨਿਰਮਾਣ ਅਤੇ ਅਪਗ੍ਰੇਡੇਸ਼ਨ ਲਈ ਰਾਜ ਅਤੇ ਨਾਬਾਰਡ ਫੰਡਾਂ ਰਾਹੀਂ 855 ਕਰੋੜ ਰੁਪਏ ਰੱਖੇ ਗਏ ਹਨ। ਨਵੇਂ ਪੁਲਾਂ ਦੇ ਨਿਰਮਾਣ ਅਤੇ ਨਿਰਮਾਣ ਅਧੀਨ ਪੁਲਾਂ ਨੂੰ ਮੁਕੰਮਲ ਕਰਨ ਲਈ 155 ਕਰੋੜ ਰੁਪਏ ਅਲਾਟ ਕੀਤੇ ਗਏ ਹਨ।
ਘਰੇਲੂ ਬਿਜਲੀ ਖ਼ਪਤਕਾਰਾਂ ਲਈ ਵੱਡਾ ਐਲਾਨ
ਪੰਜਾਬ ਵਿਧਾਨ ਸਭਾ 'ਚ ਬਜਟ ਭਾਸ਼ਣ ਪੜ੍ਹਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਘਰੇਲੂ ਖ਼ਪਤਕਾਰਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਪ੍ਰਦਾਨ ਕਰਨ ਲਈ 7,614 ਕਰੋੜ ਰੁਪਏ ਦੀ ਬਜਟ ਲਾਗਤ ਦੀ ਤਜਵੀਜ਼ ਕਰਦੇ ਹਾਂ। ਇਸ ਦੇ ਨਾਲ ਹੀ ਆਜ਼ਾਦੀ ਦੇ 78 ਸਾਲਾਂ ਦੇ ਬਾਅਦ ਵੀ ਸਾਡੇ ਬਹੁਤ ਸਾਰੇ ਪਿੰਡਾਂ 'ਚ ਉੱਚਿਤ ਢੰਗ ਨਾਲ ਸਟਰੀਟ ਲਾਈਟਾਂ ਨਹੀਂ ਲਾਈਆਂ ਗਈਆਂ ਹਨ। ਇਸ ਲਈ ਸਾਡੀ ਸਰਕਾਰ ਨੇ 'ਮੁੱਖ ਮੰਤਰੀ ਸਟਰੀਟ ਲਾਈਟ ਯੋਜਨਾ' ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਰਾਹੀਂ ਅਗਲੇ ਸਾਲ ਪੂਰੇ ਪੰਜਾਬ 'ਚ 2.5 ਲੱਖ ਸਟਰੀਟ ਲਾਈਟਾਂ ਲਾਈਆਂ ਜਾਣਗੀਆਂ। ਅਸੀਂ ਇਨ੍ਹਾਂ ਸਟਰੀਟ ਲਾਈਟਾਂ ਨੂੰ ਲਗਾਉਣ ਲਈ ਅਤਿ-ਨਵੀਨ ਮਾਡਲ ਦੀ ਵਰਤੋਂ ਕਰਾਂਗੇ।
ਖੇਡਾਂ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ
ਅੱਜ ਪੰਜਾਬ ਵਿਧਾਨ ਸਭਾ 'ਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸੂਬੇ 'ਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਉਨ੍ਹਾਂ ਨੂੰ ਖੇਡਾਂ ਨਾਲ ਜੋੜਨ ਲਈ ਪੰਜਾਬ ਸਰਕਾਰ ਨੇ 'ਖੇਡਦਾ ਪੰਜਾਬ, ਬਦਲਦਾ ਪੰਜਾਬ' ਪਹਿਲਕਦਮੀ ਦਾ ਐਲਾਨ ਕੀਤਾ ਹੈ। ਇਸ ਤਹਿਤ ਸਰਕਾਰ ਨੇ ਐਲਾਨ ਕੀਤਾ ਕਿ ਪੰਜਾਬ ਦੇ ਹਰੇਕ ਪਿੰਡ 'ਚ ਗਰਾਊਂਡ ਤੇ 3,000 ਇਨਡੋਰ ਜਿਮ ਮੁਹੱਈਆ ਕਰਵਾਏ ਜਾਣਗੇ। ਇਸ ਤਹਿਤ ਖਿਡਾਰੀਆਂ ਨੂੰ ਵਧੀਆ ਰਨਿੰਗ ਟ੍ਰੈਕ, ਬੱਚਿਆਂ ਲਈ ਵੱਖਰਾ ਖੇਡ ਇਲਾਕਾ ਤੇ ਸੋਲਰ ਲਾਈਟਿੰਗ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ।
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਲੈ ਪੰਜਾਬ ਸਰਕਾਰ ਦਾ ਵੱਡਾ ਐਲਾਨ
ਇਸ ਦੌਰਾਨ ਵਿੱਤ ਮੰਤਰੀ ਨੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਬਾਰੇ ਬੋਲਦਿਆਂ ਕਿਹਾ ਕਿ ਪੰਜਾਬ ਦੀ ਅਮੀਰ ਸੱਭਿਆਚਾਰਕ ਅਤੇ ਅਧਿਆਤਮਕ ਵਿਰਾਸਤ ਦੇ ਸਨਮਾਨ ਅਤੇ ਪ੍ਰਦਰਸ਼ਨ ਲਈ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ, ਵਿੱਤੀ ਸਾਲ 2025-26 ਦੌਰਾਨ ਰਾਜ ਪੱਧਰ 'ਤੇ ਯਾਦਗਾਰੀ ਸਮਾਗਮਾਂ ਦੀ ਲੜੀ ਆਯੋਜਿਤ ਕੀਤੀ ਜਾਵੇਗੀ। ਇਸ ਦੇ ਨਾਲ ਹੀ ਗੁਰੂ ਸਾਹਿਬ ਦੀਆਂ ਯਾਤਰਾਵਾਂ ਨਾਲ ਸਬੰਧਤ ਸਥਾਨਾਂ 'ਤੇ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਜਾਵੇਗਾ। ਸ੍ਰੀ ਗੁਰੂ ਤੇਗ ਬਹਾਦਰ ਜੀ ਦੁਆਰਾ ਸਥਾਪਿਤ ਸ਼ਹਿਰ, ਸ੍ਰੀ ਆਨੰਦਪੁਰ ਸਾਹਿਬ ਦੇ ਸਰਵਪੱਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਤੋਂ ਇਲਾਵਾ, ਨੰਗਲ ਨੂੰ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ, ਇਸ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਅਤੇ ਇਸ ਨੂੰ ਪ੍ਰਮੁੱਖ ਸੈਰ-ਸਪਾਟਾ ਸਥਾਨ ਵਜੋਂ ਉਤਸ਼ਾਹਿਤ ਕਰਨ ਲਈ 10 ਕਰੋੜ ਰੁਪਏ ਦਾ ਵਿਸ਼ੇਸ਼ ਬਜਟ ਰੱਖਿਆ ਜਾਵੇਗਾ।
ਪੰਜਾਬ 'ਚ ਸ਼ੁਰੂ ਹੋਵੇਗੀ 'ਰੰਗਲਾ ਪੰਜਾਬ ਵਿਕਾਸ ਸਕੀਮ'
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੰਜਾਬ ਦਾ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਹਰਪਾਲ ਚੀਮਾ ਨੇ ਕੁੱਲ੍ਹ 2 ਲੱਖ 36 ਹਜ਼ਾਰ 80 ਕਰੋੜ ਦਾ ਬਜਟ ਪੇਸ਼ ਕੀਤਾ। ਵਿੱਤ ਮੰਤਰੀ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ 'ਰੰਗਲਾ ਪੰਜਾਬ ਵਿਕਾਸ ਸਕੀਮ' ਲਾਗੂ ਕੀਤੀ ਜਾ ਰਹੀ ਹੈ। ਇਸ ਸਕੀਮ ਲਈ ਬਜਟ ਵਿਚ 585 ਕਰੋੜ ਰੁਪਏ ਰੱਖੇ ਗਏ ਹਨ। ਬਜਟ ਪੜ੍ਹਦੇ ਹੋਏ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ 2022 ਵਿਚ ਰੰਗਲਾ ਪੰਜਾਬ ਦੀ ਸਾਡੀ ਦ੍ਰਿਸ਼ਟੀ ਕਾਰਨ 'ਆਪ' ਸਰਕਾਰ ਨੇ ਇਤਿਹਾਸਕ ਫਤਵਾਂ ਦਿੱਤਾ। ਸਾਡੀ ਸਰਕਾਰ ਦਾ ਇਕ-ਇਕ ਦਿਨ ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰਨ ਅਤੇ ਲੋਕਾਂ ਦੀ ਫੀਡਬੈਕ ਦੇ ਆਧਾਰ 'ਤੇ ਸੂਬੇ ਦੇ ਸੰਪੂਰਨ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਮਰਪਿਤ ਰਿਹਾ ਹੈ।
ਪੰਜਾਬ ਦੇ ਇਨ੍ਹਾਂ 4 ਜ਼ਿਲ੍ਹਿਆਂ ਲਈ ਹੋ ਗਿਆ ਵੱਡਾ ਐਲਾਨ
ਪੰਜਾਬ ਵਿਧਾਨ ਸਭਾ 'ਚ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਡੀ ਸਰਕਾਰ ਨੇ ਪੰਜਾਬ ਭਰ ਦੇ ਸ਼ਹਿਰਾਂ 'ਚ ਵਿਸ਼ਵ ਪੱਧਰੀ ਸੜਕਾਂ ਬਣਾਉਣ ਦਾ ਇਤਿਹਾਸਕ ਫ਼ੈਸਲਾ ਲਿਆ ਹੈ। ਪਹਿਲੇ ਪੜਾਅ 'ਚ ਅਸੀਂ ਅਗਲੇ ਸਾਲ 'ਚ 4 ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਅਤੇ ਐੱਸ. ਏ. ਐੱਸ. ਨਗਰ ਮੋਹਾਲੀ 'ਚ ਕਰੀਬ 50 ਕਿਲੋਮੀਟਰ ਵਿਸ਼ਵ ਪੱਧਰੀ ਸੜਕਾਂ ਦਾ ਨਿਰਮਾਣ ਕਰਾਂਗੇ। ਹਰਪਾਲ ਚੀਮਾ ਨੇ ਕਿਹਾ ਕਿ ਇਨ੍ਹਾਂ ਸੜਕਾਂ ਨੂੰ ਅੰਤਰਰਾਸ਼ਟਰੀ ਮਾਪਦੰਡਾਂ ਅਨੁਸਾਰ ਡਿਜ਼ਾਇਨ ਕਰਨ ਲਈ ਪੰਜਾਬ ਅਤੇ ਭਾਰਤ ਦੇ ਚੋਟੀ ਦੇ ਆਰਕੀਟੈਕਟਾਂ ਨੂੰ ਸ਼ਾਮਲ ਕਰਾਂਗੇ ਅਤੇ ਬਾਅਦ 'ਚ ਠੇਕੇਦਾਰਾਂ ਨੂੰ ਨਿਯੁਕਤ ਕਰਾਂਗੇ, ਜੋ 10 ਸਾਲਾਂ ਦੀ ਮਿਆਦ ਲਈ ਇਨ੍ਹਾਂ ਸੜਕਾਂ ਦਾ ਨਿਰਮਾਣ ਅਤੇ ਸਾਂਭ-ਸੰਭਾਲ ਵੀ ਕਰਨਗੇ।
ਸੂਬੇ ਦੇ ਪਿੰਡਾਂ ਲਈ ਸਰਕਾਰ ਦਾ ਵੱਡਾ ਐਲਾਨ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਦੇ ਪਿੰਡਾਂ ਦੀਆਂ ਬੁਨਿਆਦੀ ਸਹੂਲਤਾਂ ਅਤੇ ਸੜਕਾਂ ਲਈ ਵੱਡੇ ਕਦਮ ਚੁੱਕਣ ਜਾ ਰਹੀ ਹੈ। ਪਿੰਡਾਂ ਦੇ ਛੱਪੜਾਂ ਦੀ ਸਫਾਈ ਅਤੇ ਨਵੀਨੀਕਰਨ, ਸੀਚੇਵਾਲ-ਥਾਪਰ ਮਾਡਲ ਤੇ ਹੋਰ ਕਿਫਾਇਤੀ ਵਾਜਬ ਮਾਡਲਾਂ ਅਨੁਸਾਰ ਸੀਵਰੇਜ ਟ੍ਰੀਟਮੈਂਟ ਸਿਸਟਮ ਸਥਾਪਤ ਕਰਨ, ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਨਹਿਰੀ ਖਾਲਾਂ ਨੂੰ ਬਹਾਲ ਕਰਨ, ਪਿੰਡਾਂ ਦੇ ਖੇਡ ਮੈਦਾਨ ਦੇ ਨਿਰਮਾਣ ਕਰਨ, ਮੁੱਖ ਮੰਤਰੀ ਸਟਰੀਟ ਲਾਈਟ ਯੋਜਨਾ ਤਹਿਤ ਸਟ੍ਰੀਟ ਲਾਈਟਾਂ ਲਗਾਉਣ ਲਈ ਤੋਂ ਇਲਾਵਾ ਪਿੰਡਾਂ ਦੇ ਵਿਕਾਸ ਲਈ ਵੱਡੇ ਕਦਮ ਚੁੱਕੇ ਜਾ ਰਹੇ ਹਨ। ਇਸ ਲਈ ਪੰਜਾਬ ਸਰਕਾਰ ਵਲੋਂ 3,500 ਕਰੋੜ ਰੁਪਏ ਖਰਚ ਕੀਤੇ ਜਾਣ।
ਜਲੰਧਰ ਵਾਸੀਆਂ ਲਈ ਹੋਇਆ ਵੱਡਾ ਐਲਾਨ
ਪੰਜਾਬ ਵਿਧਾਨ ਸਭਾ 'ਚ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਲੰਧਰ ਲਈ ਵੀ ਵੱਡਾ ਐਲਾਨ ਕੀਤਾ ਹੈ। ਹਰਪਾਲ ਚੀਮਾ ਨੇ ਕਿਹਾ ਕਿ ਸਾਡੀ ਸਰਕਾਰ ਨੇ ਪੰਜਾਬ ਭਰ ਦੇ ਸ਼ਹਿਰਾਂ 'ਚ ਵਿਸ਼ਵ ਪੱਧਰੀ ਸੜਕਾਂ ਬਣਾਉਣ ਦਾ ਇਤਿਹਾਸਕ ਫ਼ੈਸਲਾ ਲਿਆ ਹੈ। ਪਹਿਲੇ ਪੜਾਅ 'ਚ ਅਸੀਂ ਅਗਲੇ ਸਾਲ 'ਚ 4 ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਅਤੇ ਐੱਸ. ਏ. ਐੱਸ. ਨਗਰ ਮੋਹਾਲੀ 'ਚ ਕਰੀਬ 50 ਕਿਲੋਮੀਟਰ ਵਿਸ਼ਵ ਪੱਧਰੀ ਸੜਕਾਂ ਦਾ ਨਿਰਮਾਣ ਕਰਾਂਗੇ। ਇਨ੍ਹਾਂ ਸੜਕਾਂ ਨੂੰ ਅੰਤਰਰਾਸ਼ਟਰੀ ਮਾਪਦੰਡਾਂ ਅਨੁਸਾਰ ਡਿਜ਼ਾਇਨ ਕਰਨ ਲਈ ਪੰਜਾਬ ਅਤੇ ਭਾਰਤ ਦੇ ਚੋਟੀ ਦੇ ਆਰਕੀਟੈਕਟਾਂ ਨੂੰ ਸ਼ਾਮਲ ਕਰਾਂਗੇ ਅਤੇ ਬਾਅਦ 'ਚ ਠੇਕੇਦਾਰਾਂ ਨੂੰ ਨਿਯੁਕਤ ਕਰਾਂਗੇ, ਜੋ 10 ਸਾਲਾਂ ਦੀ ਮਿਆਦ ਲਈ ਇਨ੍ਹਾਂ ਸੜਕਾਂ ਦਾ ਨਿਰਮਾਣ ਅਤੇ ਸਾਂਭ-ਸੰਭਾਲ ਵੀ ਕਰਨਗੇ।
ਡੋਰ ਸਟੈੱਪ ਡਿਲੀਵਰੀ ਸਰਵਿਸ ਚਾਰਜ ਵਿਚ ਭਾਰੀ ਕਟੌਤੀ
ਵਿੱਤ ਮੰਤਰੀ ਨੇ ਡੋਰ-ਸਟੈੱਪ ਡਿਲੀਵਰੀ ਅਤੇ ਸੇਵਾ ਕੇਂਦਰ ਬਾਰੇ ਬੋਲਦਿਆਂ ਕਿਹਾ ਕਿ ਹਰੇਕ ਪੰਜਾਬੀ ਨੂੰ ਭ੍ਰਿਸ਼ਟਾਚਾਰ-ਮੁਕਤ ਅਤੇ ਮੁਸ਼ਕਲ ਰਹਿਤ ਸ਼ਾਸਨ ਦੇਣਾ ਸਰਕਾਰ ਦਾ ਮੂਲ ਮਿਸ਼ਨ ਹੈ। ਦਸੰਬਰ 2023 ਵਿਚ 'ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰਾ' ਯੋਜਨਾ ਦੀ ਸ਼ੁਰੂਆਤ ਨਾਲ ਵੱਡਾ ਕਦਮ ਪੁੱਟਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਇਹ ਕ੍ਰਿਸ਼ਮਾ ਦੱਸਿਆ ਕਿ ਉਨ੍ਹਾਂ ਨੂੰ ਆਪਣਾ ਕੰਮ ਕਰਵਾਉਣ ਲਈ ਕਿਸੇ ਸਰਕਾਰੀ ਦਫਤਰ ਨਹੀਂ ਜਾਣਾ ਪਵੇਗਾ। ਇਸ ਦੀ ਬਜਾਏ ਉਹ ਸਿਰਫ 1076 ਨੰਬਰ 'ਤੇ ਕਾਲ ਕਰ ਸਕਦੇ ਸਨ ਅਤੇ 'ਸੇਵਾ ਸਹਾਇਕ' ਉਨ੍ਹਾਂ ਦੇ ਘਰ ਆ ਕੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਦੇ ਉਨ੍ਹਾਂ ਦਾ ਕੰਮ ਕਰੇਗਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e