ਪੰਜਾਬ ਬਜਟ ਸੈਸ਼ਨ ਦੇ ਪਹਿਲੇ ਦਿਨ ਹੀ ਜਗ-ਜ਼ਾਹਿਰ ਹੋਈ ਆਮ ਆਦਮੀ ਪਾਰਟੀ ਦੀ ਫੁੱਟ

03/20/2018 7:32:42 PM

ਚੰਡੀਗੜ੍ਹ : ਅਰਵਿੰਦ ਕੇਜਰੀਵਾਲ ਵਲੋਂ ਮਜੀਠੀਆ ਤੋਂ ਮੁਆਫੀ ਮੰਗੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵਿਚ ਪੈਦਾ ਹੋਇਆ ਕਾਟੋ-ਕਲੇਸ਼ ਖਤਮ ਹੋਣ ਦਾ ਨਾਂ ਨਹੀਂ ਲੈ ਰਿਹਾ ਹੈ। ਮੰਗਲਵਾਰ ਨੂੰ ਸ਼ੁਰੂ ਹੋਏ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪਹਿਲੇ ਦਿਨ ਹੀ ਆਮ ਆਦੀ ਪਾਰਟੀ ਅਲੱਗ-ਥਲੱਗ ਪੈ ਗਈ। ਦਰਅਸਲ ਬਜਟ ਸੈਸ਼ਨ ਦੀ ਸ਼ੁਰੂਆਤ ਦੌਰਾਨ ਰਾਜਪਾਲ ਵਲੋਂ ਭਾਸ਼ਣ ਦਿੱਤਾ ਜਾ ਰਿਹਾ ਸੀ, ਇਸ ਦੌਰਾਨ ਆਮ ਆਦਮੀ ਪਾਰਟੀ ਨੇ ਵਾਕ ਆਊਟ ਕਰ ਦਿੱਤਾ ਪਰ ਆਮ ਆਦਮੀ ਪਾਰਟੀ ਦੇ ਹੀ ਵਿਧਾਇਕ ਕੁਲਤਾਰ ਸਿੰਘ ਸੰਧਵਾ ਅਤੇ ਅਮਰਜੀਤ ਸਿੰਘ ਸੰਧੋਆ ਨੇ ਵਾਕ ਆਊਟ ਵਿਚ ਸ਼ਾਮਿਲ ਨਾ ਹੋ ਕੇ ਸਦਨ ਵਿਚ ਹੀ ਮੌਜੂਦ ਰਹੇ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਰੋਧੀ ਧਿਰ ਦੇ ਆਗੂ ਸੁਖਪਾਲ ਖਹਿਰਾ ਨੇ ਕਿਹਾ ਕਿ 'ਆਪ' ਦੇ ਕੁਝ ਵਿਧਾਇਕਾਂ ਦਾ ਵਾਕਆਊਟ ਵਿਚ ਸ਼ਾਮਿਲ ਨਾ ਹੋਣਾ ਅਨੁਸ਼ਾਸਨਹੀਣਤਾ ਹੈ ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਸਕਦਾ। ਖਹਿਰਾ ਨੇ ਕਿਹਾ ਕਿ ਜਿਹੜੇ ਵਿਧਾਇਕ ਵਾਕ ਆਊਟ ਵਿਚ ਸ਼ਾਮਿਲ ਨਹੀਂ ਹੋਏ ਹਨ ਉਨ੍ਹਾਂ ਤੋਂ ਜਵਾਬ ਲਿਆ ਜਾਵੇਗਾ।