ਜਲਦ ਪੇਸ਼ ਹੋਵੇਗਾ ਪੰਜਾਬ ਦਾ ਬਜਟ, CM ਭਗਵੰਤ ਮਾਨ ਨੇ Live ਹੋ ਕੇ ਦਿੱਤੀ ਜਾਣਕਾਰੀ (ਵੀਡੀਓ)
Wednesday, Jan 31, 2024 - 06:43 PM (IST)
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਵਲੋਂ ਅੱਜ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ ਗਈ। ਇਸ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੀਟਿੰਗ ਦਾ ਮੁੱਖ ਏਜੰਡਾ ਲੋਕ ਪੱਖੀ ਸਕੀਮਾਂ ਨੂੰ ਲਾਗੂ ਕਰਨ ਸਬੰਧੀ ਸੀ। ਪੰਜਾਬ ਦੇ ਬਜਟ ਇਜਲਾਸ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਲਕੇ ਦੇਸ਼ ਦਾ ਬਜਟ ਪੇਸ਼ ਹੋਣਾ ਹੈ ਅਤੇ ਇਸ 'ਚ ਪੰਜਾਬ ਨੂੰ ਕੀ ਮਿਲਦਾ ਹੈ, ਇਸ ਨੂੰ ਦੇਖ ਕੇ ਹੀ ਅਸੀਂ ਪੰਜਾਬ ਦਾ ਬਜਟ ਪੇਸ਼ ਕਰਾਂਗੇ ਅਤੇ ਜਲਦੀ ਹੀ ਬਜਟ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਪਰਾਲੀ ਦੇ ਮੁੱਦੇ ਨੂੰ ਲੈ ਕੇ ਵੀ ਵਿਚਾਰ-ਚਰਚਾ ਕੀਤੀ ਗਈ ਅਤੇ ਇਸ ਦੇ ਲਈ ਵੱਖ-ਵੱਖ ਡਿਪਟੀ ਕਮਿਸ਼ਨਰਾਂ ਤੋਂ ਇਸ ਸਬੰਧੀ ਸੁਝਾਅ ਮੰਗੇ ਗਏ। ਇਸ ਦੇ ਨਾਲ ਹੀ ਡੋਰ ਸਟੈੱਪ ਡਲਿਵਰੀ ਸੇਵਾਵਾਂ ਬਾਰੇ ਵੀ ਜਾਣਕਾਰੀ ਲਈ ਗਈ। ਲੋਕਾਂ ਵਲੋਂ ਇਨ੍ਹਾਂ ਸੇਵਾਵਾਂ ਦੀ ਕਾਫ਼ੀ ਤਾਰੀਫ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ PSEB ਨੇ ਖਿੱਚੀ ਤਿਆਰੀ, ਜਾਰੀ ਕੀਤੇ ਦਿਸ਼ਾ-ਨਿਰਦੇਸ਼
ਮੁੱਖ ਮੰਤਰੀ ਨੇ ਕਿਹਾ ਕਿ ਨਹਿਰਾਂ ਦੇ ਪਾਣੀ ਨੂੰ ਖੇਤਾਂ ਤੱਕ ਪਹੁੰਚਾਉਣ ਲਈ ਜੰਗੀ ਪੱਧਰ 'ਤੇ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਪਾਣੀਆਂ ਦਾ ਸੂਬਾ ਕਿਹਾ ਜਾਂਦਾ ਹੈ ਪਰ ਇਹ ਪਾਣੀ ਕਿਤੇ ਗੁੰਮ ਹੋ ਗਏ ਸਨ, ਜਿਨ੍ਹਾਂ ਨੂੰ ਹੁਣ ਖੇਤਾਂ ਤੱਕ ਪਹੁੰਚਾਉਣਾ ਹੈ। 150 ਹੋਰ ਨਵੇਂ ਮੁਹੱਲਾ ਕਲੀਨਿਕ ਤਿਆਰ ਹਨ। ਪੰਜਾਬ ਦੇ 98 ਲੱਖ ਲੋਕ ਇਨ੍ਹਾਂ ਮੁਹੱਲਾ ਕਲੀਨਿਕਾਂ ਦਾ ਲਾਭ ਲੈ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ 26 ਜਨਵਰੀ ਨੂੰ ਇਹ ਨਿਯਮ ਲਾਗੂ ਹੋ ਗਿਆ ਹੈ ਕਿ ਜੇਕਰ ਕੋਈ ਵਿਅਕਤੀ ਸਰਕਾਰੀ ਹਸਪਤਾਲ ਜਾਂਦਾ ਹੈ ਅਤੇ ਡਾਕਟਰ ਉਸ ਨੂੰ ਦਵਾਈ ਲਿਖਦਾ ਹੈ ਤਾਂ ਉਹ ਦਵਾਈ ਉਸੇ ਹਸਪਤਾਲ 'ਚੋਂ ਹੀ ਮਿਲੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਫੇਰਬਦਲ, 50 ਅਧਿਕਾਰੀਆਂ ਦੇ ਤਬਾਦਲੇ
ਉਨ੍ਹਾਂ ਕਿਹਾ ਕਿ ਹੜ੍ਹਾਂ ਦੀ ਰੋਕਥਾਮ ਲਈ ਵੀ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਅਤੇ ਬਜਟ ਪਹਿਲਾਂ ਹੀ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੜਕਾਂ ਜਨਵਰੀ-ਫਰਵਰੀ 'ਚ ਨਹੀਂ ਬਣ ਸਕਦੀਆਂ ਅਤੇ ਇਹ ਗਰਮੀ 'ਚ ਬਣਦੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਸੜਕਾਂ ਲਈ ਵੀ ਬਜਟ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਮੋਸਟ ਐਡਵਾਂਸ ਸਰਕਾਰ ਹੈ ਅਤੇ ਆਉਣ ਵਾਲੇ ਦਿਨਾਂ 'ਚ ਨੌਕਰੀਆਂ ਮਿਲਣ ਦੀਆਂ ਖ਼ੁਸ਼ਖ਼ਬਰੀਆਂ ਮਿਲਦੀਆਂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਜੋ ਕੋਈ ਵੀ ਆਪਣੀ ਕੁਰਸੀ 'ਤੇ ਬੈਠ ਕੇ ਕੰਮ ਨਹੀਂ ਕਰਨਾ ਚਾਹੁੰਦਾ ਤਾਂ ਉਹ ਆਪਣੀ ਕੁਰਸੀ ਛੱਡ ਸਕਦਾ ਹੈ। ਸਾਡੇ ਕੋਲ ਸੱਚੀ ਨੀਅਤ ਅਤੇ ਈਮਾਨਦਾਰ ਅਫ਼ਸਰਾਂ ਦੀ ਘਾਟ ਨਹੀਂ ਹੈ। ਪੰਜਾਬ ਦੇ ਨੌਜਵਾਨਾਂ 'ਚ ਬਹੁਤ ਹੁਨਰ ਹੈ ਅਤੇ ਆਉਣ ਵਾਲੇ ਦਿਨਾਂ 'ਚ ਨੌਕਰੀਆਂ ਦਾ ਸਿਲਸਿਲਾ ਜਾਰੀ ਰਹੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8