ਅੱਜ ''ਪੰਜਾਬ'' ''ਚ ਸਫ਼ਰ ਕਰਨ ਵਾਲੇ ਲੋਕ ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹਨ ਇਹ ਖ਼ਬਰ
Thursday, Sep 09, 2021 - 09:02 AM (IST)
ਚੰਡੀਗੜ੍ਹ/ਜਲੰਧਰ (ਅਸ਼ਵਨੀ) : ਪੰਜਾਬ ਵਿਚ ਵੀਰਵਾਰ ਨੂੰ ਮਤਲਬ ਕਿ ਅੱਜ ਸਫ਼ਰ ਕਰਨ ਵਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਪਨਬੱਸ, ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦੇ ਠੇਕਾ ਮੁਲਾਜ਼ਮ ਯੂਨੀਅਨ ਨੇ ਅੱਜ ਸੂਬੇ ਦੇ ਸਾਰੇ ਬੱਸ ਅੱਡੇ ਬੰਦ ਰੱਖਣ ਦਾ ਐਲਾਨ ਕੀਤਾ ਹੈ। ਹਾਲਾਂਕਿ ਜੱਥੇਬੰਦੀ ਵੱਲੋਂ ਪਹਿਲਾਂ ਚਾਰ ਘੰਟੇ ਬੱਸ ਅੱਡੇ ਬੰਦ ਰੱਖਣ ਦੀ ਗੱਲ ਕਹੀ ਗਈ ਸੀ ਪਰ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਇਸ ਸਮੇਂ ਨੂੰ ਮੌਕੇ ਮੁਤਾਬਿਕ ਘਟਾਇਆ-ਵਧਾਇਆ ਵੀ ਜਾ ਸਕਦਾ ਹੈ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਠੇਕਾ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਇਹ ਐਲਾਨ ਮੁੱਖ ਸਕੱਤਰੇਤ ਵਿਖੇ ਬੁੱਧਵਾਰ ਨੂੰ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਬੈਠਕ ਤੋਂ ਬਾਅਦ ਕੀਤਾ।
ਇਹ ਵੀ ਪੜ੍ਹੋ : ਆਮਦਨ ਟੈਕਸ ਮਾਮਲੇ 'ਚ ਕੈਪਟਨ ਅਮਰਿੰਦਰ ਸਿੰਘ ਨੂੰ ਵੱਡੀ ਰਾਹਤ, ਅਦਾਲਤ ਨੇ ਸੁਣਾਇਆ ਇਹ ਹੁਕਮ
ਯੂਨੀਅਨ ਦਾ ਕਹਿਣਾ ਹੈ ਕਿ ਬੈਠਕ ਬੇਸਿੱਟਾ ਰਹੀ, ਕਿਉਂਕਿ ਸਰਕਾਰ ਨੇ ਮੰਗਾਂ ਮੰਨਣ ਅਤੇ ਲਾਗੂ ਕਰਨ ਵਿਚ ਦਿਲਚਸਪੀ ਨਹੀਂ ਦਿਖਾਈ। ਮੀਟਿੰਗ ਨੂੰ ਬੇਸਿੱਟਾ ਕਰਾਰ ਦਿੰਦਿਆਂ ਯੂਨੀਅਨ ਆਗੂਆਂ ਨੇ ਕਿਹਾ ਕਿ ਬੱਸਾਂ ਦਾ ਚੱਕਾ ਜਾਮ ਜਾਰੀ ਰਹੇਗਾ। ਠੇਕਾ ਮੁਲਾਜ਼ਮ ਯੂਨੀਅਨ ਦੇ ਆਗੂ ਗੁਰਪ੍ਰੀਤ ਪੰਨੂ ਨੇ ਕਿਹਾ ਕਿ ਮੀਟਿੰਗ ਦੌਰਾਨ ਯੂਨੀਅਨ ਆਗੂਆਂ ਨੇ ਸਰਕਾਰ ਅੱਗੇ ਆਪਣੀਆਂ ਮੰਗਾਂ ਰੱਖੀਆਂ, ਜਿਨ੍ਹਾਂ ਵਿਚ ਠੇਕਾ ਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਪ੍ਰਮੁੱਖ ਸੀ। ਇਸ ਬਾਰੇ ਸਰਕਾਰ ਵੱਲੋਂ ਕਿਹਾ ਗਿਆ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਕਾਰਵਾਈ ਚੱਲ ਰਹੀ ਹੈ ਅਤੇ ਸਾਰੇ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਉਸੇ ਪਾਲਿਸੀ ਦੇ ਅਧੀਨ ਪੱਕਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਕੈਪਟਨ-ਸਿੱਧੂ ਦੀ ਲੜਾਈ ਬਾਰੇ ਹਰੀਸ਼ ਰਾਵਤ ਦੇ ਨਵੇਂ ਬਿਆਨ ਕਾਰਨ ਗਰਮਾਈ ਸਿਆਸਤ, ਜਾਣੋ ਕੀ ਬੋਲੇ
ਯੂਨੀਅਨ ਵੱਲੋਂ ਮੰਗ ਕੀਤੀ ਗਈ ਕਿ ਜਿੰਨਾ ਚਿਰ ਪੱਕਾ ਨਹੀਂ ਕੀਤਾ ਜਾਂਦਾ, ਉਦੋਂ ਤੱਕ ਬਰਾਬਰ ਕੰਮ ਬਰਾਬਰ ਤਨਖ਼ਾਹ ਵਾਲਾ ਨਿਯਮ ਲਾਗੂ ਕੀਤਾ ਜਾਵੇ ਪਰ ਸਰਕਾਰ ਇਸ ’ਤੇ ਵੀ ਟਾਲ-ਮਟੋਲ ਕਰਦੀ ਰਹੀ। ਇਸ ਤੋਂ ਬਾਅਦ ਯੂਨੀਅਨ ਆਗੂ ਅਗਲੀ ਰਣਨੀਤੀ ਬਣਾਉਣ ਲਈ ਇਕੱਠੇ ਹੋਏ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਵੱਲੋਂ ਇਸ ਸਬੰਧੀ ਅਗਲੀ ਕਾਰਵਾਈ ਉਲੀਕੀ ਗਈ ਹੈ, ਜਿਸ ਮੁਤਾਬਕ 9 ਸਤੰਬਰ ਨੂੰ ਸੂਬੇ ਦੇ ਸਾਰੇ ਬੱਸ ਅੱਡੇ ਬੰਦ ਰੱਖੇ ਜਾਣਗੇ ਅਤੇ 10 ਸਤੰਬਰ ਨੂੰ ਸਵੇਰੇ 9 ਵਜੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿਸਵਾਂ ਫਾਰਮ ਹਾਊਮ ਸਥਿਤ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਸਰਕਾਰ ਵਲੋਂ ਮੰਨੀਆਂ ਨਹੀਂ ਜਾਂਦੀਆਂ, ਉਦੋਂ ਤੱਕ ਮੁਲਾਜ਼ਮਾਂ ਦੀ ਹੜਤਾਲ ਜਾਰੀ ਰਹੇਗੀ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ਤੇ ਬਸਪਾ ਵਿਚਕਾਰ ਸੀਟਾਂ ਦੀ ਅਦਲਾ-ਬਦਲੀ
ਸਰਕਾਰ ਵੱਲੋਂ ਕੰਡਕਟਰਾਂ ਤੇ ਡਰਾਈਵਰਾਂ ਨੂੰ ਨੋਟਿਸ ਭੇਜਣੇ ਸ਼ੁਰੂ
ਉਧਰ ਦੂਜੇ ਪਾਸੇ ਸਰਕਾਰ ਵੱਲੋਂ ਠੇਕਾ ਮੁਲਾਜ਼ਮਾਂ ਦੀ ਹੜਤਾਲ ਨੂੰ ਗੈਰ ਕਾਨੂੰਨੀ ਕਰਾਰ ਦਿੰਦਿਆਂ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਵਿਚ ਠੇਕੇ ’ਤੇ ਕੰਮ ਕਰਦੇ ਕੰਡਕਟਰਾਂ ਅਤੇ ਡਰਾਈਵਰਾਂ ਨੂੰ ਨੋਟਿਸ ਭੇਜਣੇ ਸ਼ੁਰੂ ਕਰ ਦਿੱਤੇ ਗਏ ਹਨ। ਨੋਟਿਸਾਂ ਵਿਚ ਕਿਹਾ ਜਾ ਰਿਹਾ ਹੈ ਕਿ ਠੇਕੇ ’ਤੇ ਭਰਤੀ ਹੋਣ ਕਾਰਣ ਉਹ ਹੜਤਾਲ ਨਹੀਂ ਕਰ ਸਕਦੇ ਅਤੇ ਉਨ੍ਹਾਂ ’ਤੇ ਕੰਮ ਨਹੀਂ ਤਾਂ ਤਨਖ਼ਾਹ ਨਹੀਂ ਦਾ ਨਿਯਮ ਲਾਗੂ ਹੁੰਦਾ ਹੈ। ਇਸ ਦੇ ਨਾਲ ਹੀ ਗੈਰ ਕਾਨੂੰਨੀ ਤੌਰ ’ਤੇ ਕੀਤੀ ਜਾਣ ਵਾਲੀ ਹੜਤਾਲ ਕਾਰਣ ਅਦਾਰੇ ਨੂੰ ਹੋਣ ਵਾਲੇ ਆਰਥਿਕ ਨੁਕਸਾਨ ਦੀ ਪੂਰਤੀ ਲਈ ਵੀ ਕਾਰਵਾਈ ਬਾਰੇ ਕਿਹਾ ਜਾ ਰਿਹਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ