ਕੈਬਨਿਟ ਦੀ ਹਲਵਾਰਾ ''ਚ ਅੰਤਰਰਾਸ਼ਟਰੀ ਸਿਵਲ ਟਰਮੀਨਲ ਨੂੰ ਹਰੀ ਝੰਡੀ
Monday, Dec 03, 2018 - 07:22 PM (IST)

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਨੇ ਸੋਮਵਾਰ ਨੂੰ ਜ਼ਿਲਾ ਲੁਧਿਆਣਾ ਦੇ ਇੰਡੀਅਨ ਏਅਰ ਫੋਰਸ ਸਟੇਸ਼ਨ ਹਲਵਾਰਾ ਵਿਖੇ ਨਵਾਂ ਅੰਤਰਰਾਸ਼ਟਰੀ ਸਿਵਲ ਹਵਾਈ ਟਰਮੀਨਲ ਸਥਾਪਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਸੂਬੇ ਦੀ ਚਿਰੋਕਣੀ ਮੰਗ ਪੂਰੀ ਹੋ ਗਈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਇਸ ਸਬੰਧੀ ਏਅਰਪੋਰਟਸ ਅਥਾਰਟੀ ਆਫ ਇੰਡੀਆ (ਏ.ਏ.ਆਈ.) ਨਾਲ ਸਮਝੌਤਾ ਸਹੀਬੰਦ (ਐਮ.ਓ.ਯੂ.) ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਸਿਵਲ ਟਰਮੀਨਲ ਦਾ ਨਿਰਮਾਣ ਸਾਂਝੇ ਤੌਰ 'ਤੇ ਏਅਰਪੋਰਟਸ ਅਥਾਰਟੀ ਆਫ਼ ਇੰਡੀਆ ਅਤੇ ਪੰਜਾਬ ਸਰਕਾਰ ਵੱਲੋਂ ਇਸ ਮੰਤਵ ਲਈ ਗਠਿਤ ਕੀਤੀ ਜੁਆਇੰਟ ਵੈਂਚਰ ਕੰਪਨੀ (ਜੇ.ਵੀ.ਸੀ.) ਰਾਹੀਂ ਕੀਤਾ ਜਾਵੇਗਾ। ਇਸ ਪ੍ਰੋਜੈਕਟ ਵਿਚ 51% ਹਿੱਸੇਦਾਰੀ ਏਅਰਪੋਰਟਸ ਅਥਾਰਟੀ ਆਫ਼ ਇੰਡੀਆ ਅਤੇ 49% ਹਿੱਸੇਦਾਰੀ ਪੰਜਾਬ ਸਰਕਾਰ ਦੀ ਗਰੇਟਰ ਲੁਧਿਆਣਾ ਡਿਵੈਲਪਮੈਂਟ ਅਥਾਰਟੀ (ਗਲਾਡਾ) ਦੀ ਹੋਵੇਗੀ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 135. 54 ਏਕੜ ਜ਼ਮੀਨ ਬਿਨਾਂ ਕਿਸੇ ਕੀਮਤ ਦੇ ਜੇ.ਵੀ.ਸੀ. ਨੂੰ ਹਿੱਸੇਦਾਰੀ ਦੌਰ 'ਤੇ ਦਿੱਤੀ ਜਾਵੇਗੀ। ਇਸ ਏਅਰਪੋਰਟ ਦੇ ਨਿਰਮਾਣ ਦਾ ਸਾਰਾ ਪੂੰਜੀ ਖਰਚ ਏਅਰਪੋਰਟ ਅਥਾਰਟੀ ਆਫ਼ ਇੰਡੀਆ ਵਲੋਂ ਕੀਤਾ ਜਾਵੇਗਾ ਜਦਕਿ ਇਸ ਹਵਾਈ ਅੱਡੇ ਨੂੰ ਚਲਾਉਣ, ਸੰਚਾਲਨ ਅਤੇ ਇਸ ਦੇ ਰੱਖ-ਰਖਾਅ ਦਾ ਸਾਰਾ ਖਰਚ ਕੰਪਨੀ ਵਲੋਂ ਕੀਤਾ ਜਾਵੇਗਾ। ਮੁਤਾਬਕ ਇਸ ਪ੍ਰੋਜੈਕਟ ਦੇ ਪਹਿਲੇ ਪੜਾਅ ਦਾ ਕੰਮ ਜਿਸ ਵਿਚ 135.54 ਏਕੜ ਰਕਬੇ ਵਿਚ ਕੋਡ-4 ਸੀ ਤਰ੍ਹਾਂ ਦੇ ਜਹਾਜ਼ਾਂ ਦੇ ਓਪਰੇਸ਼ਨ ਲਈ ਪੂਰਨ ਰੂਪ ਵਿਚ ਨਵੇਂ ਅੰਤਰਰਾਸ਼ਟਰੀ ਸਿਵਲ ਏਅਰ ਟਰਮੀਨਲ ਦਾ ਨਿਰਮਾਣ ਕਰਨਾ ਸ਼ਾਮਲ ਹੈ, ਤਿੰਨ ਸਾਲ ਦੇ ਸਮੇਂ ਵਿਚ ਪੂਰਾ ਕੀਤਾ ਜਾਵੇਗਾ।