ਪੰਜਾਬ ਮੰਤਰੀ ਮੰਡਲ ਦਾ ਵੱਡਾ ਫ਼ੈਸਲਾ, ਇਨ੍ਹਾਂ ਨੀਤੀਆਂ ਨੂੰ ਦਿੱਤੀ ਪ੍ਰਵਾਨਗੀ
Friday, Aug 26, 2022 - 06:14 PM (IST)
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੇ ਮੰਤਰੀ ਮੰਡਲ ਨੇ ਅੱਜ ਸਾਲ 2022 ਲਈ ਨਵੀਂ ‘ਪੰਜਾਬ ਅਨਾਜ ਲੇਬਰ ਨੀਤੀ’ ਅਤੇ ਸੋਧੀ ਹੋਈ ‘ਪੰਜਾਬ ਅਨਾਜ ਟਰਾਂਸਪੋਰਟ ਨੀਤੀ’ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਦਾ ਉਦੇਸ਼ ਪਾਰਦਰਸ਼ਤਾ ਨੂੰ ਹੋਰ ਯਕੀਨੀ ਬਣਾਉਣ ਲਈ ਵਿਆਪਕ ਭਾਈਵਾਲੀ ਵਧਾਉਣ ਨਾਲ-ਨਾਲ ਬੇਲੋੜੀ ਮੁਕੱਦਮੇਬਾਜ਼ੀ ਨੂੰ ਘਟਾਉਣਾ ਹੈ। ਇਹ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਨ੍ਹਾਂ ਵੇਰਵਿਆਂ ਨੂੰ ਸਾਂਝਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੋਧੀ ਹੋਈ ਟਰਾਂਸਪੋਰਟ ਨੀਤੀ ਹੁਣ ਝੋਨੇ ਦੀ ਖਰੀਦ ਅਤੇ ਮਿਲਿੰਗ ਲਈ ਕਸਟਮ ਮਿਲਿੰਗ ਨੀਤੀ ਨਾਲ ਮੇਲ ਖਾਂਦੀ ਹੈ ਅਤੇ ਮਿਲਿੰਗ ਨੀਤੀ ਨੂੰ ਮੰਤਰੀ ਮੰਡਲ ਵੱਲੋਂ ਕੁਝ ਦਿਨ ਪਹਿਲਾਂ ਪ੍ਰਵਾਨਗੀ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸੋਧੀ ਹੋਈ ਟਰਾਂਸਪੋਰਟ ਨੀਤੀ ਵਿਚ ਸਰਕਾਰ ਵਲੋਂ ਖਰੀਦੇ ਗਏ ਅਨਾਜ ਦੀ ਢੋਆ-ਢੁਆਈ ਲਈ ਵਰਤੇ ਜਾਣ ਵਾਲੇ ਹਰੇਕ ਵਾਹਨ ਵਿਚ ਵਾਹਨ ਟਰੈਕਿੰਗ ਸਿਸਟਮ ਲਾਉਣ ਦੀ ਵਿਵਸਥਾ ਲਾਜ਼ਮੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਵਿਭਾਗ ਨੇ ਵਾਹਨ ਟਰੈਕਿੰਗ ਪ੍ਰਣਾਲੀ ਪ੍ਰਦਾਨ ਕਰਨ ਵਾਲੀਆਂ ਕੰਪਨੀਆਂ ਨੂੰ ਸੂਚੀਬੱਧ ਕਰਨ ਦੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ ਅਤੇ ਮੌਜੂਦਾ ਅਨਾਜ ਖਰੀਦ ਪੋਰਟਲ ਨੂੰ ਇਨ੍ਹਾਂ ਪ੍ਰਣਾਲੀਆਂ ਦੇ ਅਨੁਕੂਲ ਬਣਾਉਣਾ ਹੈ।
ਇਹ ਵੀ ਪੜ੍ਹੋ : ਕੇਂਦਰੀ ਗ੍ਰਹਿ ਮੰਤਰਾਲੇ ਦੀ ਇਨਪੁਟ ਤੇ ਬੰਬੀਹਾ ਗੈਂਗ ਦੀ ਧਮਕੀ ਤੋਂ ਬਾਅਦ ਪੰਜਾਬ ਪੁਲਸ ਨੇ ਚੁੱਕਿਆ ਸਖ਼ਤ ਕਦਮ
ਲੇਬਰ ਨੀਤੀ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਨੀਤੀ ਦਾ ਉਦੇਸ਼ ਮੌਜੂਦਾ ਲੇਬਰ ਅਤੇ ਕਾਰਟੇਜ ਨੀਤੀ ਨੂੰ ਖਤਮ ਕਰਕੇ ਲੇਬਰ ਐਸੋਸੀਏਸ਼ਨਾਂ ਦੀ ਵਿਆਪਕ ਭਾਈਵਾਲੀ ਨੂੰ ਯਕੀਨੀ ਬਣਾਉਣਾ ਹੈ। ਪਿਛਲੇ ਕਈ ਦਹਾਕਿਆਂ ਤੋਂ ਅਮਲ ਅਧੀਨ ਮੌਜੂਦਾ ਲੇਬਰ ਅਤੇ ਕਾਰਟੇਜ ਨੀਤੀ ਨੂੰ ਬਹੁਤ ਸਾਰੇ ਲੋਕਾਂ ਵਲੋਂ ਠੇਕੇਦਾਰਾਂ ਦੇ ਪੱਖ ਵਿਚ ਸਮਝਿਆ ਜਾਂਦਾ ਸੀ ਕਿਉਂਕਿ ਇਸ ਵਿਚ ਇੱਕੋ ਵਿਅਕਤੀ ਵਲੋਂ ਲੇਬਰ ਅਤੇ ਆਵਾਜਾਈ ਦੀਆਂ ਸੇਵਾਵਾਂ ਪ੍ਰਦਾਨ ਕੀਤੇ ਜਾਣਾ ਸ਼ਾਮਲ ਸੀ। ਉਨ੍ਹਾਂ ਦੱਸਿਆ ਕਿ ਅੱਜ ਕੈਬਨਿਟ ਵੱਲੋਂ ਪ੍ਰਵਾਨ ਕੀਤੀ ਗਈ ਨੀਤੀ ਨਾਲ ਲੇਬਰ ਅਤੇ ਆਵਾਜਾਈ ਦੀਆਂ ਸੇਵਾਵਾਂ ਨੂੰ ਪੂਰੀ ਤਰ੍ਹਾਂ ਨਾਲ ਵੱਖ ਕਰ ਦਿੱਤਾ ਗਿਆ ਹੈ, ਜਿਸ ਨਾਲ ਲੇਬਰ ਐਸੋਸੀਏਸ਼ਨਾਂ ਨੂੰ ਟੈਂਡਰ ਪ੍ਰਕਿਰਿਆ ਵਿਚ ਸਿੱਧੇ ਤੌਰ ’ਤੇ ਹਿੱਸਾ ਲੈਣ ਦੇ ਵੱਧ ਮੌਕੇ ਪ੍ਰਦਾਨ ਕੀਤੇ ਗਏ ਹਨ, ਜਿਸ ਨਾਲ ਠੇਕੇਦਾਰ ਦੇ ਮੁਨਾਫੇ ਨੂੰ ਹਟਾ ਕੇ ਸਿੱਧੇ ਤੌਰ 'ਤੇ ਉਨ੍ਹਾਂ ਦੀ ਆਮਦਨ ਵਿਚ ਵਾਧਾ ਹੋਵੇਗਾ।
ਇਹ ਵੀ ਪੜ੍ਹੋ : ਪਟਿਆਲਾ ਜੇਲ੍ਹ ’ਚ ਨਵਜੋਤ ਸਿੱਧੂ ਨਾਲ ਗੁਰਜੀਤ ਔਜਲਾ ਨੇ ਕੀਤੀ ਮੁਲਾਕਾਤ, ਦਿੱਤਾ ਇਹ ਬਿਆਨ
ਲੇਬਰ ਅਤੇ ਟਰਾਂਸਪੋਰਟ ਨੀਤੀਆਂ ਦੇ ਪਹਿਲੂਆਂ ਨੂੰ ਉਜਾਗਰ ਕਰਦੇ ਹੋਏ ਬੁਲਾਰੇ ਨੇ ਦੱਸਿਆ ਕਿ ਕੁਝ ਮੌਜੂਦਾ ਵਿਵਸਥਾਵਾਂ ਨੂੰ ਹਟਾ ਕੇ ਸਿਸਟਮ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਉਣ ਲਈ ਹਰ ਕੋਸ਼ਿਸ਼ ਕੀਤੀ ਗਈ ਹੈ ਜਿਸ ਦੀ ਕਈ ਵਾਰ ਦੁਰਵਰਤੋਂ ਹੁੰਦੀ ਸੀ ਅਤੇ ਬੇਲੋੜੀ ਮੁਕੱਦਮੇਬਾਜ਼ੀ ਦਾ ਕਾਰਨ ਬਣਦੇ ਸਨ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਟੈਂਡਰ ਪ੍ਰਕਿਰਿਆ ਦੌਰਾਨ ਦਸਤੀ ਦਸਤਾਵੇਜ਼ਾਂ ਨੂੰ ਜਮ੍ਹਾਂ ਕਰਵਾਏ ਜਾਣ ਨੂੰ ਪੂਰੀ ਤਰ੍ਹਾਂ ਖਤਮ ਕਰਨ ਦਾ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ ਕਿਉਂਕਿ ਬਹੁਤ ਸਾਰੇ ਟੈਂਡਰ ਅਕਸਰ ਉਨ੍ਹਾਂ ਦੇ ਜਮ੍ਹਾਂ ਕਰਵਾਏ ਦਸਤਾਵੇਜ਼ਾਂ ਵਿੱਚ ਮਾਮੂਲੀ ਤਰੁੱਟੀਆਂ ਦੇ ਕਾਰਨ ਰੱਦ ਕਰ ਦਿੱਤੇ ਜਾਂਦੇ ਸਨ। ਨਵੇਂ ਉੱਦਮੀਆਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੀ ਸੋਚ ਦੇ ਅਨੁਸਾਰ ਇਸ ਨੀਤੀ ਨੇ ਪਹਿਲੀ ਵਾਰ ਪੁਰਾਣੇ ਤਜ਼ਰਬੇ ਦੀ ਲੋੜ ਤੋਂ ਬਗੈਰ ਟੈਂਡਰਾਂ ਵਿਚ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਟਰੱਕਾਂ ਦੇ ਰਜਿਸਟ੍ਰੇਸ਼ਨ ਸਰਟੀਫਿਕੇਟ ਅਤੇ ਮਜ਼ਦੂਰਾਂ ਦੇ ਆਧਾਰ ਨੰਬਰਾਂ ਦੇ ਵੇਰਵਿਆਂ ਨੂੰ ਜਮ੍ਹਾਂ ਕਰਾਉਣ ਦੀ ਜ਼ਰੂਰਤ ਨੂੰ ਵੀ ਖਤਮ ਕਰ ਦਿੱਤਾ ਗਿਆ ਹੈ ਕਿਉਂਕਿ ਜੋ ਇਸ ਦੇ ਨਤੀਜੇ ਵਜੋਂ ਅਕਸਰ ਮਾਮੂਲੀ ਊਣਤਾਈਆਂ ਕਾਰਨ ਬੋਲੀ ਰੱਦ ਹੋ ਜਾਂਦੀ ਸੀ ਅਤੇ ਬਾਅਦ ਵਿੱਚ ਬੇਲੋੜੀ ਮੁਕੱਦਮੇਬਾਜ਼ੀ ਦਾ ਕਾਰਨ ਬਣ ਜਾਂਦਾ ਸੀ।
ਇਹ ਵੀ ਪੜ੍ਹੋ : ਜਿਗਰੀ ਯਾਰ ਨੇ ਕਮਾਇਆ ਕਹਿਰ, ਦਿੱਤੀ ਅਜਿਹੀ ਮੌਤ ਕਿ ਦੇਖਣ ਵਾਲਿਆਂ ਦੀ ਕੰਬ ਗਈ ਰੂਹ
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਨੀਤੀ ਨੇ ਟੈਂਡਰ ਕੀਤੇ ਕਲੱਸਟਰ ਦਾ ਆਕਾਰ 50 ਹਜ਼ਾਰ ਮੀਟਰਕ ਟਨ ਤੱਕ ਸੀਮਤ ਕਰ ਦਿੱਤਾ ਹੈ। ਇਸ ਦੇ ਕਾਰਨ ਇਕ ਕਲੱਸਟਰ ਵਿੱਚ ਵਾਹਨਾਂ ਅਤੇ ਮਜ਼ਦੂਰਾਂ ਦੀ ਲੋੜ ਘਟਣ ਦੀ ਆਸ ਹੈ ਜਿਸ ਨਾਲ ਮੁਕਾਬਲਾ ਵਧਦਾ ਹੈ। ਇਸ ਤੋਂ ਪਹਿਲਾਂ ਕਿਸੇ ਕਲੱਸਟਰ ਦੇ ਆਕਾਰ ਨੂੰ ਨਿਰਧਾਰਤ ਕਰਨ ਲਈ ਕੋਈ ਮਾਪਦੰਡ ਨਹੀਂ ਸੀ ਜੋ ਕਿ ਘੱਟੋ-ਘੱਟ 5000 ਮੀਟਰਕ ਟਨ ਤੋਂ ਲੈ ਕੇ ਵੱਧ ਤੋਂ ਵੱਧ 2 ਲੱਖ ਮੀਟਰਕ ਟਨ ਤੱਕ ਵੱਖੋ-ਵੱਖ ਆਕਾਰ ਦਾ ਹੁੰਦਾ ਹੈ। ਦੋਵਾਂ ਨੀਤੀਆਂ ਨੇ ਹੁਣ ਡਿਪਟੀ ਕਮਿਸ਼ਨਰ ਨੂੰ ਟੈਂਡਰ ਕਮੇਟੀ ਦਾ ਚੇਅਰਮੈਨ ਬਣਾ ਦਿੱਤਾ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਦੀਆਂ ਕੁੜੀਆਂ ਦਾ ਵੱਡਾ ਕਾਰਾ, ਕਾਲ ਗਰਲ ਬਣ ਬਜ਼ੁਰਗ ਨੂੰ ਲੈ ਗਈਆਂ ਹੋਟਲ ’ਚ, ਪੂਰਾ ਸੱਚ ਜਾਣ ਉੱਡਣਗੇ ਹੋਸ਼
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।