ਪੰਜਾਬ ਕੈਬਨਿਟ ਦਾ ਅਹਿਮ ਫ਼ੈਸਲਾ, 4 ਹੋਰ ਮਹਿਕਮਿਆਂ ਤੇ PPCB ਦੇ ਪੁਨਰਗਠਨ ਨੂੰ ਦਿੱਤੀ ਮਨਜ਼ੂਰੀ
Friday, Mar 05, 2021 - 11:56 AM (IST)
ਚੰਡੀਗੜ੍ਹ : ਪੰਜਾਬ ਕੈਬਨਿਟ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ. ਪੀ. ਸੀ. ਬੀ.) ਸਮੇਤ ਚਾਰ ਹੋਰ ਮਹਿਕਮਿਆਂ ਦੇ ਪੁਨਰਗਠਨ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ ਤਾਂ ਜੋ ਪੁਰਾਣੀਆਂ, ਗੈਰ-ਜ਼ਰੂਰੀ ਅਤੇ ਲੰਬੇ ਸਮੇਂ ਤੋਂ ਖ਼ਾਲੀ ਪਈਆਂ ਅਸਾਮੀਆਂ ਦੇ ਏਵਜ਼ ਵਿੱਚ ਰੋਜ਼ਗਾਰ ਲਈ ਹੋਰ ਅਸਾਮੀਆਂ ਸਿਰਜੀਆਂ ਜਾ ਸਕਣ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਵਰਚੁਅਲ ਕੈਬਨਿਟ ਮੀਟਿੰਗ ਤੋਂ ਬਾਅਦ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਪੜਾਅ ਤਹਿਤ ਪੀ. ਪੀ. ਸੀ. ਬੀ. ਤੋਂ ਇਲਾਵਾ ਪ੍ਰਸ਼ਾਸਨਿਕ ਸੁਧਾਰ, ਵਾਤਾਵਰਣ ਅਤੇ ਮੌਸਮੀ ਤਬਦੀਲੀ, ਰੁਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮਹਿਕਮਿਆਂ ਦਾ ਪੁਨਰਗਠਨ ਕੀਤਾ ਜਾਵੇਗਾ। ਪ੍ਰਸ਼ਾਸਨਿਕ ਮਹਿਕਮੇ ਦੇ ਪੁਨਰਗਠਨ ਨਾਲ 56 ਨਵੀਆਂ ਅਸਾਮੀਆਂ ਸਿਰਜਣ ਦੇ ਨਾਲ 75 ਪੁਰਾਣੀਆਂ ਗੈਰ ਜ਼ਰੂਰੀ ਅਸਾਮੀਆਂ ਖ਼ਤਮ ਕੀਤੀਆਂ ਜਾਣਗੀਆਂ।
ਪੰਜਾਬ ਲੋਕ ਸੇਵਾ ਕਮਿਸ਼ਨ ਅਤੇ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਆਦਿ ਰਾਹੀਂ ਕਾਡਰਾਂ ਵਿੱਚ 20 ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ। ਪੁਨਰਗਠਨ ਨਾਲ ਮਹਿਕਮੇ ਦੇ ਸੁਧਾਰ ਏਜੰਡੇ ਨੂੰ ਮਜ਼ਬੂਤੀ ਮਿਲੇਗੀ, ਜਿਸ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਦੇ ਪ੍ਰਬੰਧਨ ਲਈ ਲੱਗਦਾ ਸਮਾਂ ਘਟੇਗਾ ਅਤੇ ਡਿਜੀਟਲ ਪ੍ਰਕਿਰਿਆ ਜ਼ਰੀਏ ਸਰਕਾਰ ਦੀ ਜਵਾਬਦੇਹੀ ਅਤੇ ਪਾਰਦਰਸ਼ਤਾ ਵਧੇਗੀ।
ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਅਧਿਆਪਕਾਂ ਦੀਆਂ ਆਨਲਾਈਨ ਬਦਲੀਆਂ ਲਈ ਅੱਜ ਤੋਂ ਕਰੋ ਅਪਲਾਈ, ਮੁੜ ਖੁੱਲ੍ਹਿਆ ਪੋਰਟਲ
ਰੁਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮਹਿਕਮਾ ਘਰ-ਘਰ ਰੁਜ਼ਗਾਰ ਪ੍ਰੋਗਰਾਮ ਤਹਿਤ ਸੂਬੇ ਦੇ ਨੌਜਵਾਨਾਂ ਦੀ ਬੇਰੁਜ਼ਗਾਰੀ ਦੀ ਸਮੱਸਿਆ ਨਾਲ ਨਜਿੱਠਣ ਲਈ ਵਚਨਬੱਧ ਹੈ। ਮਹਿਕਮੇ ਵੱਲੋਂ 57 ਮੌਜੂਦਾ ਸੰਦਰਭਹੀਣ ਅਸਾਮੀਆਂ ਦੀ ਥਾਂ ’ਤੇ ਵੱਖ-ਵੱਖ ਕਾਡਰਾਂ ਦੀਆਂ 29 ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਵੇਲੇ ਮਹਿਕਮੇ ਕੋਲ ਵੱਖ-ਵੱਖ ਕਾਡਰਾਂ ਦੀਆਂ 615 ਮਨਜ਼ੂਰਸ਼ੁਦਾ ਅਸਾਮੀਆਂ ਹਨ, ਜਿਨ੍ਹਾਂ 'ਚੋਂ 369 ਭਰੀਆਂ ਗਈਆਂ ਹਨ।
ਇਹ ਵੀ ਪੜ੍ਹੋ : 'UPSC ਸਿਵਲ ਸਰਵਿਸਿਜ਼' ਪ੍ਰੀਖਿਆ ਲਈ ਨੋਟੀਫਿਕੇਸ਼ਨ ਜਾਰੀ, ਜਾਣੋ ਅਪਲਾਈ ਕਰਨ ਦੀ ਆਖ਼ਰੀ ਤਾਰੀਖ਼
ਵਾਤਾਵਰਣ ਤੇ ਮੌਸਮੀ ਤਬਦੀਲੀ ਡਾਇਰੈਕਟੋਰੇਟ (ਡੀ. ਈ. ਸੀ. ਸੀ.) ਦੇ ਪੁਨਰਗਠਨ ਤਹਿਤ ਸਰਕਾਰ ਦਾ ਮਕਸਦ 24 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ ਅਤੇ 7 ਅਸਾਮੀਆਂ ਨੂੰ ਖ਼ਤਮ ਕਰਕੇ ਸੂਬੇ ਦੀ ਵਾਤਾਵਰਣ ਸਬੰਧੀ ਕਾਰਜ ਯੋਜਨਾ ਨੂੰ ਹੋਰ ਮਜ਼ਬੂਤੀ ਨਾਲ ਲਾਗੂ ਕਰਨਾ ਹੈ ਤਾਂ ਜੋ ਸਾਫ਼ ਹਵਾ, ਸਾਫ਼ ਤੇ ਸਵੱਛ ਦਰਿਆ, ਰਹਿੰਦ-ਖੂੰਹਦ ਪ੍ਰਬੰਧਨ, ਸੁਹਾਵੇਂ ਵਾਤਾਵਰਣ, ਮੌਸਮੀ ਤਬਦੀਲੀ ਅਤੇ ਸਬੰਧਿਤ ਨੀਤੀਗਤ ਮਾਮਲਿਆਂ ਨੂੰ ਯਕੀਨੀ ਬਣਾਇਆ ਜਾ ਸਕੇ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਿੱਚ 2 ਪੁਰਾਣੀਆਂ ਅਸਾਮੀਆਂ ਦੀ ਥਾਂ 2 ਨਵੀਆਂ ਅਸਾਮੀਆਂ ਨਾਲ ਪ੍ਰਦੂਸ਼ਣ ਸਬੰਧੀ ਚੁਣੌਤੀਆਂ ਨਾਲ ਨਜਿੱਠਣ ਲਈ ਸਹੀ ਆਕਾਰ ਅਤੇ ਬਿਹਤਰ ਕਾਰਜਸ਼ੀਲਤਾ ਪ੍ਰਦਾਨ ਕਰਨ ਵਿੱਚ ਅਗਵਾਈ ਮਿਲੇਗੀ।
ਨੋਟ : ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਉਪਰੋਕਤ ਕਦਮ ਬਾਰੇ ਦਿਓ ਆਪਣੀ ਰਾਏ