ਕੈਬਨਿਟ ਵੱਲੋਂ PSCFC ਤੇ ਬੈਕਫਿਨਕੋ ਦੇ ਕਰਜ਼ਦਾਰਾਂ ਨੂੰ 62.46 ਕਰੋੜ ਰੁਪਏ ਦੀ ਕਰਜ਼ਾ ਰਾਹਤ ਨੂੰ ਮਨਜ਼ੂਰੀ

Thursday, Aug 26, 2021 - 07:33 PM (IST)

ਕੈਬਨਿਟ ਵੱਲੋਂ PSCFC ਤੇ ਬੈਕਫਿਨਕੋ ਦੇ ਕਰਜ਼ਦਾਰਾਂ ਨੂੰ 62.46 ਕਰੋੜ ਰੁਪਏ ਦੀ ਕਰਜ਼ਾ ਰਾਹਤ ਨੂੰ ਮਨਜ਼ੂਰੀ

ਚੰਡੀਗੜ-ਪੰਜਾਬ ਕੈਬਨਿਟ ਵੱਲੋਂ ਵੀਰਵਾਰ ਨੂੰ ਪੰਜਾਬ ਅਨੁਸੂਚਿਤ ਜਾਤੀ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਪੀ.ਐਸ.ਸੀ.ਐਫ.ਸੀ.) ਅਤੇ ਪੰਜਾਬ ਪੱਛੜੀਆਂ ਸ਼੍ਰੇਣੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿਨਕੋ) ਤੋਂ ਕਰਜ਼ਾ ਲੈਣ ਵਾਲੇ ਕਰਜ਼ਦਾਰਾਂ ਨੂੰ 50,000 ਰੁਪਏ ਪ੍ਰਤੀ ਕਰਜ਼ਾ ਰਾਹਤ ਦੇਣ ਨੂੰ ਮਨਜ਼ੂਰੀ ਦੇ ਦਿੱਤੀ। ਇਕ ਸਰਕਾਰੀ ਬੁਲਾਰੇ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਵਿੱਚ ਹੋਈ ਕੈਬਨਿਟ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ਼ਰੀਬ ਵਰਗ ਪੱਖੀ ਇਸ ਪਹਿਲਕਦਮੀ ਨਾਲ ਅਨੁਸੂਚਿਤ ਜਾਤੀ, ਦਿਵਿਆਂਗ ਪੱਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਅਤੇ ਘੱਟ ਗਿਣਤੀਆਂ ਨਾਲ ਸਬੰਧਿਤ ਕਰਜ਼ਦਾਰਾਂ ਨੂੰ ਲਾਭ ਪਹੁੰਚੇਗਾ। 

ਇਹ ਵੀ ਪੜ੍ਹੋ : ਤਾਲਿਬਾਨ ਨੂੰ ਮਾਨਤਾ ਦੇਣ ਦੇ ਬਾਰੇ 'ਚ ਅਜੇ ਕੋਈ ਫੈਸਲਾ ਨਹੀਂ ਕੀਤਾ : ਰੂਸ

ਇਸ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਫੈਸਲੇ ਅਤੇ ਹਾਲ ਹੀ ਦੌਰਾਨ ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਦਿੱਤੀ ਕਰਜ਼ਾ ਰਾਹਤ ਦੀ ਸ਼ਲਾਘਾ ਕੀਤੀ। ਇਸ ਫੈਸਲੇ ਤਹਿਤ ਕੁੱਲ ਮਿਲਾ ਕੇ 62.46 ਕਰੋੜ ਰੁਪਏ ਰਕਮ ਦੀ ਕਰਜ਼ਾ ਰਾਹਤ ਦਿੱਤੀ ਗਈ ਹੈ ਜੋ ਕਿ 31 ਮਾਰਚ, 2021 ਤੱਕ ਦਿੱਤੇ ਗਏ ਕਰਜ਼ਿਆਂ ’ਤੇ ਲਾਗੂ ਹੋਵੇਗੀ ਅਤੇ ਮੁਆਫ ਕੀਤੀ ਗਈ ਕਰਜ਼ਾ ਰਕਮ 30 ਜੂਨ, 2021 ਨੂੰ ਨਿਰਧਾਰਿਤ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਤਾਲਿਬਾਨੀ ਅਮਰੀਕੀ ਤੋਂ ਲੁੱਟੇ ਹਥਿਆਰਾਂ ਨਾਲ ਭਾਰਤ ਤੋਂ ਪਹਿਲਾਂ ਪਾਕਿ 'ਚ ਮਚਾ ਸਕਦੇ ਹਨ ਤਬਾਹੀ

ਇਸ ਦੇ ਹਿਸਾਬ ਨਾਲ ਪੀ.ਐੱਸ.ਸੀ.ਐੱਫ.ਸੀ. ਦੇ ਕਰਜ਼ਦਾਰਾਂ ਨੂੰ 41.48 ਕਰੋੜ ਰੁਪਏ ਅਤੇ ਬੈਕਫਿਨਕੋ ਦੇ ਕਰਜ਼ਦਾਰਾਂ ਨੂੰ 20.98 ਕਰੋੜ ਰੁਪਏ ਦੀ ਕਰਜ਼ਾ ਰਾਹਤ ਮਿਲੇਗੀ। ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਕੀਮ ਤਹਿਤ ਕੁੱਲ ਮਿਲਾ ਕੇ 14853 ਕਰਜ਼ਦਾਰਾਂ (10151 ਕਰਜ਼ਦਾਰ ਪੀ.ਐੱਸ.ਸੀ.ਐੱਫ.ਸੀ. ਦੇ ਅਤੇ 4702 ਕਰਜ਼ਦਾਰ ਬੈਕਫਿਨਕੋ ਦੇ) ਨੂੰ ਲਾਭ ਮਿਲੇਗਾ। 

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Karan Kumar

Content Editor

Related News