ਪੰਜਾਬ ਕੈਬਨਿਟ ਦੀ ਮੀਟਿੰਗ ਖ਼ਤਮ, ਜਾਣੋ ਕਿਹੜੇ-ਕਿਹੜੇ ਲਏ ਗਏ ਅਹਿਮ ਫ਼ੈਸਲੇ

01/06/2023 3:34:38 PM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਮੰਤਰੀ ਮੰਡਲ ਨੇ ਮਿਲਕਫੈੱਡ ਅਤੇ ਇਸ ਨਾਲ ਸਬੰਧਿਤ ਮਿਲਕ ਯੂਨੀਅਨਾਂ 'ਚ ਗਰੁੱਪ ਸੀ ਤੇ ਡੀ ਦੀਆਂ 500 ਅਸਾਮੀਆਂ ਸਿੱਧੀ ਭਰਤੀ ਰਾਹੀਂ ਭਰਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫ਼ੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ 'ਚ ਮੁੱਖ ਮੰਤਰੀ ਦੀ ਅਗਵਾਈ 'ਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਭਰਤੀ ਦਾ ਫ਼ੈਸਲਾ ਸਟਾਫ਼ ਦੀ ਕਮੀ ਦੂਰ ਕਰਨ ਦੇ ਮਕਸਦ ਨਾਲ ਲਿਆ ਗਿਆ ਹੈ ਤਾਂ ਜੋ ਮਿਲਕਫੈੱਡ ਤੇ ਇਸ ਨਾਲ ਸਬੰਧਿਤ ਮਿਲਕ ਯੂਨੀਅਨਾਂ ਦੇ ਕੰਮਕਾਜ ਨੂੰ ਹੋਰ ਵਧੇਰੇ ਸੁਚਾਰੂ ਬਣਾਇਆ ਜਾ ਸਕੇ। ਇਸ ਕਦਮ ਨਾਲ ਦੁੱਧ ਉਤਪਾਦਕਾਂ ਤੇ ਕਿਸਾਨਾਂ ਨੂੰ ਲਾਭ ਹੋਵੇਗਾ ਕਿਉਂ ਜੋ ਇਸ ਨਾਲ ਦੁੱਧ ਤੋਂ ਹੋਰ ਵਸਤਾਂ ਤਿਆਰ ਕਰਨ ਦੇ ਨਾਲ-ਨਾਲ ਉਤਪਾਦਨ ਦੀ ਪ੍ਰਭਾਵੀ ਮਾਰਕੀਟਿੰਗ ਰਾਹੀਂ ਦੁੱਧ ਮਾਰਕਿਟ ਨੂੰ ਹੋਰ ਵਧੇਰੇ ਅਸਰਦਾਰ ਬਣਾਇਆ ਜਾ ਸਕੇਗਾ। ਇਸੇ ਤਰ੍ਹਾਂ ਇਸ ਨਾਲ ਦੁੱਧ ਅਤੇ ਮਿਲਕਫੈੱਡ ਵੱਲੋਂ ਦੁੱਧ ਤੋਂ ਤਿਆਰ ਹੁੰਦੀਆਂ ਵਸਤਾਂ ਦੀ ਗੁਣਵੱਤਾ ਸੁਧਾਰਨ ਨਾਲ ਖ਼ਪਤਕਾਰਾਂ ਨੂੰ ਵੱਡੀ ਸਹੂਲਤ ਮਿਲੇਗੀ। ਸੂਬੇ ਭਰ 'ਚ ਸਰਕਾਰੀ ਸਕੂਲਾਂ ਦੀ ਚੰਗੀ ਸਾਂਭ-ਸੰਭਾਲ ਲਈ ਮੰਤਰੀ ਮੰਡਲ ਨੇ ਸੂਬਾ ਪੱਧਰ 'ਤੇ ਸਕੀਮ ਨੂੰ ਲਾਗੂ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ ਤਾਂ ਜੋ ਸਰਕਾਰੀ ਸਕੂਲਾਂ ਦੀ ਸੰਭਾਲ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਸਕੀਮ ਦੇ ਤਹਿਤ ਸਕੂਲ ਕੈਂਪਸ ਦੀ ਸਾਫ-ਸਫਾਈ, ਸੁਰੱਖਿਆ ਅਤੇ ਸੁਚਾਰੂ ਪ੍ਰਸ਼ਾਸਨ ਚਲਾਉਣ ਲਈ ਫੰਡ ਪੰਜਾਬ ਸਰਕਾਰ ਵੱਲੋਂ ਦਿੱਤੇ ਜਾਣਗੇ। ਇਸ ਨਾਲ ਸਕੂਲ ਪ੍ਰਸ਼ਾਸਨ ਨੂੰ ਸਕੂਲਾਂ ਨੂੰ ਬਿਨਾਂ ਕਿਸੇ ਦਿੱਕਤ ਤੋਂ ਚਲਾਉਣ ਵਿਚ ਮਦਦ ਮਿਲੇਗੀ ਤਾਂ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ। 

ਇਹ ਵੀ ਪੜ੍ਹੋ : ਪੰਜਾਬ ਪੁਲਸ ਦਾ ASI ਕਰਦਾ ਰਿਹਾ ਜਬਰ-ਜ਼ਿਨਾਹ, ਫਿਰ ਪੀੜਤਾ ਦੇ ਗਰਭਵਤੀ ਹੋਣ 'ਤੇ ਜੋ ਕੀਤਾ...

ਸਕਰੈਪ ਵਾਹਨ ਦੇ ਮਾਲਕ ਵੱਲੋਂ ਨਵਾਂ ਵਾਹਨ ਖ਼ਰੀਦਣ ’ਤੇ ਮੋਟਰ ਵ੍ਹੀਕਲ ਟੈਕਸ ਤੋਂ ਛੋਟ ਦੇਣ ਦਾ ਫ਼ੈਸਲਾ

ਵਾਹਨਾਂ ਦੇ ਪ੍ਰਦੂਸ਼ਣ ਨੂੰ ਧਿਆਨ 'ਚ ਰੱਖਦੇ ਹੋਏ ਕੇਂਦਰੀ ਸੜਕੀ ਆਵਾਜਾਈ ਤੇ ਹਾਈਵੇਜ਼ ਮੰਤਰਾਲੇ ਵੱਲੋਂ ਨਵੇਂ ਵਾਹਨਾਂ ਦੀ ਰਜਿਸਟ੍ਰੇਸ਼ਨ ਬਾਰੇ ਲਾਗੂ ਕੀਤੀ ਸਕਰੈਪਿੰਗ ਨੀਤੀ ਦੇ ਸੰਦਰਭ 'ਚ ਪੰਜਾਬ ਮੰਤਰੀ ਮੰਡਲ ਨੇ ਪੰਜਾਬ ਮੋਟਰ ਵ੍ਹੀਕਲ ਟੈਕਸੇਸ਼ਨ ਐਕਟ-1924 ਦੀ ਧਾਰਾ 13 (3) ਅਧੀਨ ਨਵੀਆਂ ਗੱਡੀਆਂ ਦੀ ਖ਼ਰੀਦ ਮੌਕੇ ਛੋਟ ਦੇਣ ਦਾ ਫ਼ੈਸਲਾ ਕੀਤਾ। ਇਸ ਦੇ ਤਹਿਤ ਮੋਟਰ ਵ੍ਹੀਕਲ ਟੈਕਸ ਵਿਚ ਟਰਾਂਸਪੋਰਟ ਵਾਹਨ ਮਾਲਕਾਂ ਨੂੰ 15 ਫ਼ੀਸਦੀ ਅਤੇ ਨਾਨ-ਟਰਾਂਸਪੋਰਟ ਵਾਹਨ ਮਾਲਕਾਂ ਨੂੰ 25 ਫ਼ੀਸਦੀ ਤੱਕ ਛੋਟ ਮਿਲੇਗੀ। ਵਾਤਾਵਰਣ ਪੱਖੀ ਫ਼ੈਸਲੇ ਨਾਲ ਸਕਰੈਪਿੰਗ ਪਾਲਿਸੀ ਅਧੀਨ ਟਰਾਂਸਪੋਰਟ ਗੱਡੀਆਂ ਦੇ ਮਾਲਕ ਗੱਡੀ ਦੀ ਰਜਿਸਟ੍ਰੇਸ਼ਨ ਤੋਂ 8 ਸਾਲ ਤੱਕ ਅਤੇ ਨਾਨ-ਟਰਾਂਸਪੋਰਟ ਗੱਡੀਆਂ ਦੇ ਮਾਲਕ 15 ਸਾਲ ਤੱਕ ਸਕੀਮ ਦਾ ਲਾਭ ਲੈ ਸਕਦੇ ਹਨ। ਇਸ ਦੇ ਤਹਿਤ ਜਿਸ ਵੇਲੇ ਗੱਡੀ ਨੂੰ ਸਕਰੈਪ ਕੀਤਾ ਜਾਵੇਗਾ ਤਾਂ ਇਸ ਬਾਰੇ ਸਕਰੈਪਰ ਵੱਲੋਂ ਹੀ ਗੱਡੀ ਦੀ ਖ਼ਰੀਦ ਕੀਤੀ ਜਾਵੇਗੀ। 

ਇਹ ਵੀ ਪੜ੍ਹੋ : ਦੁਖ਼ਦ ਖ਼ਬਰ : 10 ਦਿਨ ਪਹਿਲਾਂ ਆਸਟ੍ਰੇਲੀਆ ਗਏ ਵਿਅਕਤੀ ਦੀ ਮੌਤ, ਸੋਗ 'ਚ ਡੁੱਬਾ ਪਰਿਵਾਰ
ਸਿਸਟਰ ਟਿਊਟਰ ਦੀ ਅਸਾਮੀ ਲਈ ਸਿੱਧੀ ਭਰਤੀ ਅਤੇ ਪਦ-ਉੱਨਤੀ ਲਈ ਵਿੱਦਿਅਕ ਯੋਗਤਾ 'ਚ ਸੋਧ ਨੂੰ ਪ੍ਰਵਾਨਗੀ 
ਕੈਬਨਿਟ ਦੇ ਫ਼ੈਸਲੇ ਮੁਤਾਬਕ ਸਿਸਟਰ ਟਿਊਟਰ ਦੀ ਅਸਾਮੀ ਲਈ ਸਿੱਧੀ ਭਰਤੀ ਵਾਸਤੇ ਵਿੱਦਿਅਕ ਯੋਗਤਾ ਐੱਮ. ਐੱਸ. ਸੀ. (ਨਰਸਿੰਗ) ਹੋਵੇਗੀ। ਇਸੇ ਤਰ੍ਹਾਂ ਸਿਸਟਰ ਟਿਊਟਰ ਵਜੋਂ ਪਦ-ਉੱਨਤੀ ਲਈ ਵਿੱਦਿਅਕ ਯੋਗਤਾ ਬੀ. ਐੱਸ. ਸੀ. (ਨਰਸਿੰਗ) ਦੇ ਨਾਲ ਸਟਾਫ਼ ਨਰਸ (ਗਰੁੱਪ-ਸੀ) ਵਜੋਂ ਘੱਟੋ-ਘੱਟ 10 ਸਾਲ ਦਾ ਤਜੁਰਬਾ ਹੋਣਾ ਜ਼ਰੂਰੀ ਹੋਵੇਗਾ। 

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


 


Babita

Content Editor

Related News