ਪੰਜਾਬ ਮੰਤਰੀ ਮੰਡਲ ਦਾ ਅਹਿਮ ਫ਼ੈਸਲਾ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀਆਂ ਅਸਾਮੀਆਂ ਭਰਨ ਨੂੰ ਪ੍ਰਵਾਨਗੀ

04/13/2022 9:33:41 PM

ਚੰਡੀਗੜ੍ਹ : ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਸੂਬੇ ਭਰ ਦੇ ਲੋਕਾਂ ਨੂੰ ਬਿਹਤਰ ਪੇਂਡੂ ਜਲ ਸਪਲਾਈ ਮੁਹੱਈਆ ਕਰਵਾਉਣ ਲਈ ਪੰਜਾਬ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਵੱਖ-ਵੱਖ ਸ਼੍ਰੇਣੀਆਂ (25 ਉਪ ਮੰਡਲ ਇੰਜੀਨੀਅਰ, 70 ਜੂਨੀਅਰ ਇੰਜੀਨੀਅਰ, 30 ਜੂਨੀਅਰ ਡਰਾਫਟਸਮੈਨ ਅਤੇ 20 ਸਟੈਨੋ ਟਾਈਪਿਸਟ) ਦੀਆਂ 145 ਅਸਾਮੀਆਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਅਸਾਮੀਆਂ ਲਈ ਭਰਤੀ ਇਕ ਸਾਲ ਦੇ ਅੰਦਰ ਪੰਜਾਬ ਲੋਕ ਸੇਵਾ ਕਮਿਸ਼ਨ ਅਤੇ ਪੰਜਾਬ ਅਧੀਨ ਚੋਣ ਸੇਵਾਵਾਂ ਬੋਰਡ ਵਲੋਂ ਸਿੱਧੀ ਭਰਤੀ ਰਾਹੀਂ ਕੀਤੀ ਜਾਵੇਗੀ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਮੰਤਰੀ ਮੰਡਲ ਨੇ ਸਾਲ 2021 ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿਚ ਉਪਰੋਕਤ ਸ਼੍ਰੇਣੀਆਂ ਦੀਆਂ 88 ਅਸਾਮੀਆਂ ਭਰਨ ਦੀ ਪ੍ਰਵਾਨਗੀ ਦਿੱਤੀ ਸੀ। ਇਨ੍ਹਾਂ ਤੋਂ ਇਲਾਵਾ ਅੱਜ ਮੰਤਰੀ ਮੰਡਲ ਨੇ 57 ਹੋਰ ਅਸਾਮੀਆਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਸ਼੍ਰੇਣੀਆਂ ਦੀਆਂ ਅਸਾਮੀਆਂ ਸਾਲ 2022 ਵਿਚ ਅਫਸਰਾਂ/ਕਰਮਚਾਰੀਆਂ ਦੀ ਸੇਵਾਮੁਕਤੀ/ਪ੍ਰਮੋਸ਼ਨ ਕਾਰਨ ਖਾਲ੍ਹੀ ਪਈਆਂ ਹਨ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਆਰ. ਡੀ. ਐੱਫ. ਨੂੰ ਲੈ ਕੇ ਭਗਵੰਤ ਮਾਨ ਕੈਬਨਿਟ ਦਾ ਵੱਡਾ ਫ਼ੈਸਲਾ

ਇਸ ਤੋਂ ਇਲਾਵਾ ਦੂਰਸੰਚਾਰ ਵਿਭਾਗ, ਭਾਰਤ ਸਰਕਾਰ ਅਤੇ ਰਾਜ ਸਰਕਾਰ ਵਿਚਕਾਰ ਅਪ੍ਰੈਲ 2013 ਵਿਚ ਕੀਤੇ ਗਏ ਸਮਝੌਤੇ ਦੀ ਲਗਾਤਾਰਤਾ ਵਿਚ ਮੰਤਰੀ ਮੰਡਲ ਨੇ ਭਾਰਤਨੈੱਟ ਸਕੀਮ ਦੇ ਤਹਿਤ ਸਾਰੀਆਂ ਗ੍ਰਾਮ ਪੰਚਾਇਤਾਂ ਨੂੰ ਰਾਸ਼ਟਰੀ ਬਰਾਡਬੈਂਡ ਨੈਟਵਰਕ ਨਾਲ ਜੋੜਨ ਲਈ ਮੌਜੂਦਾ ਭਾਰਤਨੈੱਟ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਵਿਚ ਮਦਦ ਕਰਨ ਲਈ ਮਨਜ਼ੂਰੀ ਦਿੱਤੀ। ਸੂਬਾ ਸਰਕਾਰ ਇਕ ਮਿਆਰੀ ਨੈੱਟਵਰਕ ਬੁਨਿਆਦੀ ਢਾਂਚਾ ਸਥਾਪਤ ਕਰਕੇ ਪੇਂਡੂ ਖੇਤਰਾਂ ਵਿੱਚ ਈ-ਗਵਰਨੈਂਸ, ਈ-ਸਿਹਤ, ਈ-ਸਿੱਖਿਆ, ਈ-ਬੈਂਕਿੰਗ, ਇੰਟਰਨੈੱਟ ਅਤੇ ਹੋਰ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਜੋ ਕਿ ਬਿਨਾਂ ਕਿਸੇ ਵਿਤਕਰੇ ਦੇ ਆਧਾਰ ’ਤੇ ਪਹੁੰਚਯੋਗ ਹੈ। ਇਹ ਸਾਰੇ ਘਰਾਂ ਅਤੇ ਸੰਸਥਾਵਾਂ ਲਈ ਆਨ-ਡਿਮਾਂਡ ਕਿਫਾਇਤੀ ਬਰਾਡਬੈਂਡ ਕਨੈਕਟੀਵਿਟੀ ਦੀ ਵਿਵਸਥਾ ਨੂੰ ਸਮਰੱਥ ਕਰੇਗਾ ਅਤੇ ਭਾਰਤ ਸਰਕਾਰ ਨਾਲ ਸਾਂਝੇਦਾਰੀ ਵਿਚ, ਡਿਜੀਟਲ ਪੰਜਾਬ ਦੇ ਵਿਜ਼ਨ ਨੂੰ ਸਾਕਾਰ ਕਰਨ ਵਿਚ ਮਦਦ ਕਰੇਗਾ।

ਇਹ ਵੀ ਪੜ੍ਹੋ : ਇਕ ਹੋਰ ਘਰ ’ਚ ਨਸ਼ੇ ਨੇ ਪੁਆਏ ਕੀਰਣੇ, ਇਕਲੌਤੇ ਪੁੱਤ ਦੀ ਲਾਸ਼ ਦੇਖ ਧਾਹਾਂ ਮਾਰ-ਮਾਰ ਰੋਈ ਮਾਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

Gurminder Singh

This news is Content Editor Gurminder Singh