ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਸੰਬੰਧੀ ਮੰਤਰੀ ਮੰਡਲ ਦੀ ਬੈਠਕ ਅੱਜ
Tuesday, Jan 14, 2020 - 09:11 AM (IST)
ਚੰਡੀਗੜ੍ਹ (ਭੁੱਲਰ) -16 ਤੇ 17 ਜਨਵਰੀ ਨੂੰ ਸੱਦੇ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਮੱਦੇਨਜ਼ਰ ਆਉਣ ਵਾਲੇ ਮੁੱਦਿਆਂ ਨੂੰ ਲੈ ਕੇ ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਹੋ ਰਹੀ ਹੈ। ਪੰਜਾਬ ਭਵਨ 'ਚ ਬਾਅਦ ਦੁਪਹਿਰ ਹੋਣ ਵਾਲੀ ਇਸ ਮੀਟਿੰਗ 'ਚ ਸੈਸ਼ਨ 'ਚ ਪੇਸ਼ ਕੀਤੇ ਜਾਣ ਵਾਲੇ ਬਿੱਲਾਂ ਬਾਰੇ ਮੁੱਖ ਤੌਰ 'ਤੇ ਅੰਤਿਮ ਫੈਸਲਾ ਲਿਆ ਜਾਵੇਗਾ। ਇਸ ਮੌਕੇ ਹੋਰਨਾਂ ਬਿੱਲਾਂ ਤੋਂ ਇਲਾਵਾ ਕੇਂਦਰ ਸਰਕਾਰ ਵਲੋਂ ਪਾਸ ਨਾਗਰਿਕਤਾ ਸੋਧ ਬਿੱਲ ਨੂੰ ਰੱਦ ਕਰਨ ਸਬੰਧੀ ਮਤਾ ਲਿਆਉਣ ਬਾਰੇ ਵੀ ਵਿਚਾਰ ਚਰਚਾ ਕੀਤੀ ਜਾਵੇਗੀ।
ਦੱਸ ਦੇਈਏ ਕਿ ਪਿਛਲੀ ਸਰਕਾਰ ਦੇ ਸਮੇਂ ਹੋਏ ਬਿਜਲੀ ਸਮਝੌਤਿਆਂ ਨੂੰ ਲੈ ਕੇ ਕਾਂਗਰਸ ਤੇ ਅਕਾਲੀ ਦਲ ਵਿਚਕਾਰ ਛਿੜੇ ਵਿਵਾਦ ਅਤੇ ਵਿਰੋਧੀ ਪਾਰਟੀ 'ਆਪ' ਵਲੋਂ ਇਨ੍ਹਾਂ ਸਮਝੌਤਿਆਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਇਨ੍ਹਾਂ ਸਮਝੌਤਿਆਂ ਦੇ ਰੀਵਿਊ ਦੀ ਜਿਥੇ ਮੰਗ ਕਰ ਚੁੱਕੇ ਹਨ, ਉਥੇ ਹੀ ਸੀਨੀਅਰ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਵੀ ਇਨ੍ਹਾਂ ਬਿਜਲੀ ਸਮਝੌਤਿਆਂ ਨੂੰ ਰੱਦ ਕਰਨ ਦੇ ਹੱਕ 'ਚ ਹਨ। ਉਨ੍ਹਾਂ ਇਨ੍ਹਾਂ ਸਮਝੌਤਿਆਂ 'ਤੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ 'ਚ ਮਤਾ ਲਿਆ ਕੇ ਚਰਚਾ ਕਰਵਾਉਣ ਦੀ ਮੰਗ ਰੱਖੀ ਹੈ। ਦੂਜੇ ਪਾਸੇ 'ਆਪ' ਵੀ ਇਸ ਬਾਰੇ ਮਤਾ ਲਿਆਉਣਾ ਚਾਹੁੰਦੀ ਹੈ, ਜਿਸ ਕਰਕੇ ਮੰਤਰੀ ਮੰਡਲ ਅੰਤਿਮ ਫੈਸਲਾ ਲਵੇਗਾ।