CM ਮਾਨ ਨੇ ਸੱਦ ਲਈ ਕੈਬਨਿਟ ਮੀਟਿੰਗ, ਹੋ ਸਕਦੇ ਨੇ ਕਈ ਅਹਿਮ ਫ਼ੈਸਲੇ
Wednesday, Mar 12, 2025 - 08:33 AM (IST)

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦਾ ਬਜਟ ਪੇਸ਼ ਕਰਨ ਤੋਂ ਪਹਿਲਾਂ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 13 ਮਾਰਚ ਨੂੰ ਸੱਦ ਲਈ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਸਵੇਰੇ 11 ਵਜੇ ਹੋਵੇਗੀ। ਮੀਟਿੰਗ ਦਾ ਏਜੰਡਾ ਹਾਲੇ ਬਾਅਦ ’ਚ ਜਾਰੀ ਕੀਤਾ ਜਾਵੇਗਾ। ਇਸ ਮੌਕੇ ਬਜਟ ਇਜਲਾਸ ਦਾ ਐਲਾਨ ਕੀਤਾ ਜਾ ਸਕਦਾ ਹੈ।
ਇਹ ਖ਼ਬਰ ਵੀ ਪੜ੍ਹੋ - MP ਅੰਮ੍ਰਿਤਪਾਲ ਸਿੰਘ ਨੂੰ ਮਿਲੇਗੀ 54 ਦਿਨ ਦੀ ਛੁੱਟੀ! ਸੰਸਦੀ ਪੈਨਲ ਨੇ ਕੀਤੀ ਸਿਫ਼ਾਰਸ਼
ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਸਿਵਲ ਹਸਪਤਾਲ ਦੇ ਨਿਰਮਾਣ ਵਿਚ ਤੇਜ਼ੀ ਲਿਆਂਦੀ ਜਾਵੇ ਅਤੇ ਇਸ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਇਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਇੰਸਟੀਚਿਊਟ ਤੇ ਸਿਵਲ ਹਸਪਤਾਲ ਦੇ ਨਿਰਮਾਣ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸੰਸਥਾ ਦਾ ਮਕਸਦ ਲੋਕਾਂ ਲਈ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਣਾ ਹੈ।
ਉਨ੍ਹਾਂ ਕਿਹਾ ਕਿ ਇਹ ਸੰਸਥਾ 21.41 ਏਕੜ ਰਕਬੇ ਵਿਚ 418.30 ਕਰੋੜ ਰੁਪਏ ਦੀ ਲਾਗਤ ਨਾਲ ਬਣੇਗੀ ਅਤੇ ਇਸ ਨਾਲ 300 ਬਿਸਤਰਿਆਂ ਦਾ ਮੈਡੀਕਲ ਕਾਲਜ ਵੀ ਹੋਵੇਗਾ, ਜਿਸ ਵਿਚ ਮੈਡੀਕਲ ਵਿਦਿਆਰਥੀਆਂ ਲਈ ਸਾਲਾਨਾ 150 ਸੀਟਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਮੌਜੂਦਾ ਮੈਡੀਕਲ ਹਸਪਤਾਲ ਕੈਂਪਸ ਹੁਸ਼ਿਆਰਪੁਰ ਵਿਚ ਅਤਿ-ਆਧੁਨਿਕ ਹਸਪਤਾਲ ਵਿਚ 2 ਬੇਸਮੈਂਟਾਂ, ਗਰਾਊਂਡ ਅਤੇ 8 ਮੰਜ਼ਿਲਾਂ ਹੋਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਸਤਾਵਿਤ ਮੈਡੀਕਲ ਕਾਲਜ ਵਿਚ ਇਕ ਆਡੀਟੋਰੀਅਮ ਅਤੇ ਸਰਵਿਸ ਬਲਾਕ, 2 ਬੇਸਮੈਂਟਾਂ ਅਤੇ ਗਰਾਊਂਡ ਤੇ 6 ਮੰਜ਼ਿਲਾਂ ਹੋਣਗੀਆਂ। ਇਸੇ ਤਰ੍ਹਾਂ ਮੈਡੀਕਲ ਕਾਲਜ ਵਿਚ ਲੜਕੀਆਂ ਤੇ ਲੜਕਿਆਂ ਲਈ ਵੱਖਰੇ ਹੋਸਟਲ ਹੋਣਗੇ, ਜਿਸ ਦਾ ਨਿਰਮਾਣ ਭਵਿੱਖੀ ਵਿਸਥਾਰ ਦੇ ਮੱਦੇਨਜ਼ਰ ਕੀਤਾ ਜਾਵੇਗਾ। ਮੈਡੀਕਲ ਕਾਲਜ ਤੇ ਸਿਵਲ ਹਸਪਤਾਲ ਦੇ ਨਿਰਮਾਣ ਦੇ ਕੰਮ ਵਿਚ ਤੇਜ਼ੀ ਲਈ ਵੱਖਰੇ ਟੈਂਡਰ ਅਲਾਟ ਕੀਤੇ ਜਾਣ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਦਾ 'ਯੁੱਧ ਨਸ਼ਿਆਂ ਵਿਰੁੱਧ' ਜਾਰੀ, ਅੱਜ ਇਨ੍ਹਾਂ ਜ਼ਿਲ੍ਹਿਆਂ 'ਚ ਕਾਰਵਾਈ ਦੀ ਤਿਆਰੀ
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਸਤਾਵਿਤ ਜਗ੍ਹਾ ਉਤੇ ਮੈਡੀਕਲ ਕਾਲਜ ਤੇ ਸਿਵਲ ਹਸਪਤਾਲ ਦੇ ਨਿਰਮਾਣ ਵਿਚ ਤੇਜ਼ੀ ਲਿਆਉਣ ਲਈ ਇਹ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕੰਢੀ ਖ਼ੇਤਰ ਦੇ ਵਾਸੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਨੀਆਂ ਸਮੇਂ ਦੀ ਲੋੜ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਕੰਮ ਨੂੰ ਸਮਾਂਬੱਧ ਤੇ ਤੇਜ਼ੀ ਨਾਲ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8